ਨਗਰ ਪੰਚਾਇਤ ਭਿੱਖੀਵਿੰਡ ਦੇ ਲੋਕ ਪਿਛਲੇ ਲੰਬੇ ਸਮੇਂ ਤੋਂ ਬੁਨਿਆਦੀ ਸਹੂਲਤਾਂ ਤੋਂ ਵਾਂਝੇ– ਹਰਜੀਤ ਸਿੰਘ ਸੰਧੂ

ਨਗਰ ਪੰਚਾਇਤ ਭਿੱਖੀਵਿੰਡ ਦੇ ਲੋਕ ਪਿਛਲੇ ਲੰਬੇ ਸਮੇਂ ਤੋਂ ਬੁਨਿਆਦੀ ਸਹੂਲਤਾਂ ਤੋਂ ਵਾਂਝੇ– ਹਰਜੀਤ ਸਿੰਘ ਸੰਧੂ

ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਭਾਜਪਾ ਨੇ ਕੀਤੀ ਭਿੱਖੀਵਿੰਡ ਪਾਰਟੀ ਦਫਤਰ ਵਿੱਚ ਪ੍ਰੈੱਸ ਕਾਨਫਰੰਸ

ਰਾਕੇਸ਼ ਨਈਅਰ ਚੋਹਲਾ 
ਭਿਖੀਵਿੰਡ/ਤਰਨਤਾਰਨ,18 ਮਈ 

ਜ਼ਿਲ੍ਹਾ ਤਰਨਤਾਰਨ ਦੇ ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਵਿੱਚ ਹੋ ਰਹੀਆਂ ਚੋਣਾਂ ਦੇ ਸਬੰਧ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਕਸਬਾ ਭਿੱਖੀਵਿੰਡ ਦੇ ਸਥਾਨਕ ਪਾਰਟੀ ਦਫਤਰ ਵਿਖੇ ਇੱਕ ਵਿਸ਼ੇਸ਼ ਪ੍ਰੈਸ ਕਾਨਫਰੰਸ ਕੀਤੀ ਗਈ।ਇਸ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰਦਾਰ ਹਰਜੀਤ ਸਿੰਘ ਸੰਧੂ ਨੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀ ਨਾਕਾਮ ਕਾਰਗੁਜ਼ਾਰੀ ਨੂੰ ਲੋਕਾਂ ਦੇ ਸਾਹਮਣੇ ਰੱਖਿਆ ਅਤੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਬਦਲਾਅ ਦੇ ਨਾਂ ’ਤੇ ਸਿਰਫ਼ ਧੋਖਾ ਕੀਤਾ ਗਿਆ ਹੈ।ਇਸ ਮੌਕੇ ਤੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਸੀਨੀਅਰ ਆਗੂ ਖੇਮਕਰਨ ਦਲਬੀਰ ਸਿੰਘ ਅਲਗੋਂ ਕੋਠੀ,ਉੱਪ ਪ੍ਰਧਾਨ ਸਤਨਾਮ ਸਿੰਘ ਭੁੱਲਰ,ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਤੋਂ ਇਲਾਵਾ ਹੋਰ ਪਾਰਟੀ ਦੇ ਪ੍ਰਮੁੱਖ ਆਗੂ ਹਾਜਰ ਸਨ।ਇਸ ਮੌਕੇ 'ਤੇ ਪ੍ਰੈੱਸ ਕਾਨਫਰੰਸ ਦੀ ਸ਼ੁਰੂਆਤ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ ਨੇ ਕਰਦਿਆਂ ਪੱਤਰਕਾਰ ਭਾਈਚਾਰੇ ਦਾ ਧੰਨਵਾਦ ਕੀਤਾ ਅਤੇ ਕਾਨਫਰੰਸ ਦੀ ਅਗਲੀ ਕਾਰਵਾਈ ਲਈ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੂੰ ਸੰਬੋਧਨ ਕਰਨ ਲਈ ਕਿਹਾ।ਇਸ ਮੌਕੇ 'ਤੇ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੇ ਲੋਕ ਪਿਛਲੇ ਲੰਬੇ ਸਮੇਂ ਤੋਂ ਬੁਨਿਆਦੀ ਸਹੂਲਤਾਂ ਲਈ ਸੰਘਰਸ਼ ਕਰ ਰਹੇ ਹਨ,ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿਰਫ਼ ਵੱਡੇ-ਵੱਡੇ ਦਾਅਵੇ ਅਤੇ ਝੂਠੇ ਵਾਅਦੇ ਕਰਨ ਤੋਂ ਇਲਾਵਾ ਕੋਈ ਠੋਸ ਵਿਕਾਸੀ ਕੰਮ ਨਹੀਂ ਕੀਤਾ।ਉਨ੍ਹਾਂ ਕਿਹਾ ਕਿ ਅੱਜ ਵੀ ਇਲਾਕੇ ਦੇ ਲੋਕ ਟੁੱਟੀਆਂ ਸੜਕਾਂ, ਗੰਦੇ ਪਾਣੀ, ਸੀਵਰੇਜ ਦੀ ਸਮੱਸਿਆ, ਗੰਦਗੀ ਅਤੇ ਖਰਾਬ ਸਫਾਈ ਪ੍ਰਬੰਧਾਂ ਨਾਲ ਜੂਝ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸ਼ਹਿਰਾਂ ਅਤੇ ਕਸਬਿਆਂ ਦਾ ਨਵਾਂ ਰੂਪ ਦਿੱਤਾ ਜਾਵੇਗਾ,ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ,ਸਫਾਈ ਪ੍ਰਬੰਧ ਸੁਧਾਰੇ ਜਾਣਗੇ ਅਤੇ ਹਰ ਵਾਰਡ ਵਿੱਚ ਵਿਕਾਸ ਦੇ ਕੰਮ ਹੋਣਗੇ, ਪਰ ਅੱਜ ਹਾਲਾਤ ਇਹ ਹਨ ਕਿ ਲੋਕ ਆਪਣੀਆਂ ਰੋਜ਼ਾਨਾ ਦੀਆਂ ਮੁੱਢਲੀਆਂ ਸਮੱਸਿਆਵਾਂ ਲਈ ਵੀ ਸੰਘਰਸ਼ ਕਰਨ ਲਈ ਮਜਬੂਰ ਹਨ।ਸਰਕਾਰ ਦੇ ਨੁਮਾਇੰਦੇ ਸਿਰਫ਼ ਚੋਣਾਂ ਸਮੇਂ ਹੀ ਲੋਕਾਂ ਨੂੰ ਯਾਦ ਕਰਦੇ ਹਨ।ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਹਰ ਮੋਰਚੇ ’ਤੇ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ।ਵਿਕਾਸ ਦੇ ਨਾਂ ’ਤੇ ਸਿਰਫ਼ ਇਸ਼ਤਿਹਾਰਬਾਜ਼ੀ ਕੀਤੀ ਗਈ,ਜਦਕਿ ਜ਼ਮੀਨੀ ਪੱਧਰ ’ਤੇ ਲੋਕ ਅੱਜ ਵੀ ਪਰੇਸ਼ਾਨ ਹਨ।ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਸੱਚਾਈ ਨੂੰ ਸਮਝ ਚੁੱਕੀ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਲੋਕ ਝੂਠੇ ਵਾਅਦੇ ਕਰਨ ਵਾਲਿਆਂ ਨੂੰ ਕਰਾਰਾ ਜਵਾਬ ਦੇਣਗੇ।ਇਸ ਮੌਕੇ 'ਤੇ ਸੀਨੀਅਰ ਆਗੂ ਦਲਬੀਰ ਸਿੰਘ ਅਲਗੋਂਕੋਠੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾਂ ਲੋਕਾਂ ਦੀ ਆਵਾਜ਼ ਬਣ ਕੇ ਖੜ੍ਹੀ ਰਹੀ ਹੈ ਅਤੇ ਪਾਰਟੀ ਦਾ ਹਰ ਇਕ ਵਰਕਰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਸੰਘਰਸ਼ ਕਰ ਰਿਹਾ ਹੈ।ਉਨ੍ਹਾਂ ਭਿੱਖੀਵਿੰਡ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ, ਇਮਾਨਦਾਰੀ ਅਤੇ ਲੋਕ ਸੇਵਾ ਦੀ ਰਾਜਨੀਤੀ ਨੂੰ ਮਜ਼ਬੂਤ ਕਰਨ ਲਈ ਭਾਰਤੀ ਜਨਤਾ ਪਾਰਟੀ ਦਾ ਸਾਥ ਦੇਣ।ਇਸ ਮੌਕੇ ਤੇ ਸਰਕਲ ਭਿੱਖੀਵਿੰਡ ਪ੍ਰਧਾਨ ਨਰਿੰਦਰ ਸਿੰਘ ਸਰਕਲ ਪ੍ਰਧਾਨ ਕੱਚਾ ਪੱਕਾ ਪ੍ਰਧਾਨ ਸਾਹਿਬ ਸਿੰਘ, ਸਰਕਲ ਅਲਗੋਂਕੋਠੀ ਪ੍ਰਧਾਨ ਸੁਖਦੇਵ ਸਿੰਘ,ਸਰਕਲ ਵਲਟੋਹਾ ਪ੍ਰਧਾਨ ਰਾਜਨ ਕੁਮਾਰ,ਸਰਕਲ ਖਾਲੜਾ ਪ੍ਰਧਾਨ ਸਰਬਜੀਤ ਸਿੰਘ, ਸਰਕਲ ਖੇਮਕਰਨ ਪ੍ਰਧਾਨ ਕੁਲਵੰਤ ਸਿੰਘ,ਰਾਜ ਕੁਮਾਰ ਚੋਪੜਾ,ਡਾ. ਧਰਮਵੀਰ ,ਸਾਬਕਾ ਸਰਪੰਚ ਸੁਖਦੇਵ ਸਿੰਘ ਤੋਂ ਇਲਾਵਾ ਹਲਕਾ ਖੇਮਕਰਨ ਦੇ ਪਿੰਡਾਂ ਤੋਂ ਮੋਹਤਬਰ ਪਾਰਟੀ ਦੇ ਪ੍ਰਮੁੱਖ ਆਗੂ ਵੀ ਮੌਜੂਦ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.