ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਲਈ 21 ਨਵੰਬਰ ਨੂੰ ਕਸਟਡੀ ਪੈਰੋਲ 'ਤੇ ਜੇਲ੍ਹ ਤੋਂ ਆਉਣਗੇ ਬਾਹਰ!

ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਲਈ 21 ਨਵੰਬਰ ਨੂੰ ਕਸਟਡੀ ਪੈਰੋਲ 'ਤੇ ਜੇਲ੍ਹ ਤੋਂ ਆਉਣਗੇ ਬਾਹਰ!

ਫੁੱਲ ਚੁਗਣ ਦੀ ਰਸਮ ਅਤੇ ਭੋਗ ਸਮਾਗਮ ’ਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਣਗੇ ਸ਼ਾਮਿਲ।

ਬਿੰਦਰ ਸਿੰਘ ਖੁੱਡੀ ਕਲਾਂ 
ਅੰਮ੍ਰਿਤਸਰ, 17 ਨਵੰਬਰ 

​:ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਅਪਰੈਲ 2023 ਤੋਂ ਬੰਦ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਿਲ ਹੋਣ ਲਈ ਵੱਡੀ ਕਾਨੂੰਨੀ ਰਾਹਤ ਮਿਲੀ ਹੈ। 
ਅੰਮ੍ਰਿਤਸਰ ਦੀ ਵਧੀਕ ਸੈਸ਼ਨਜ਼ ਜੱਜ ਅਦਾਲਤ ਨੇ ਮਨੁੱਖੀ ਆਧਾਰ ’ਤੇ ਵਿਚਾਰ ਕਰਦਿਆਂ ਉਨ੍ਹਾਂ ਨੂੰ 21 ਨਵੰਬਰ ਨੂੰ ਇੱਕ ਦਿਨ ਦੀ ਕਸਟਡੀ ਪੈਰੋਲ ਦੇਣ ਦੇ ਹੁਕਮ ਜਾਰੀ ਕੀਤੇ ਹਨ। ਅਦਾਲਤੀ ਫੈਸਲੇ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ 21 ਨਵੰਬਰ ਵਾਲੇ ਦਿਨ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਤਿੰਨ ਘੰਟਿਆਂ ਲਈ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਸਖ਼ਤ ਪੁਲੀਸ ਹਿਰਾਸਤ ਵਿੱਚ ਲਿਆਂਦਾ ਜਾਵੇਗਾ, ਤਾਂ ਜੋ ਉਹ ਆਪਣੀ ਦਾਦੀ ਦੀਆਂ ਅੰਤਿਮ ਰਸਮਾਂ ਨਿਭਾਅ ਸਕੇ। ਇਸ ਦੇ ਨਾਲ ਹੀ ਅਦਾਲਤ ਨੇ 22 ਨਵੰਬਰ ਨੂੰ ਅਸਥੀਆਂ ਇਕੱਠੀਆਂ ਕਰਨ (ਫੁੱਲ ਚੁਗਣ) ਦੀ ਰਸਮ ਅਤੇ 23 ਨਵੰਬਰ ਨੂੰ ਹੋਣ ਵਾਲੇ ਅਖੰਡ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਦੇ ਸਮਾਗਮਾਂ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਉਣ ਦੀ ਪ੍ਰਵਾਨਗੀ ਦਿੱਤੀ ਹੈ।
​ ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਅਦਾਲਤੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ 21 ਤੋਂ 23 ਨਵੰਬਰ ਤੱਕ ਤਿੰਨ ਦਿਨਾਂ ਦੀ ਅੰਤਰਿਮ ਰਾਹਤ ਦੀ ਮੰਗ ਕੀਤੀ ਗਈ ਸੀ। ਜਿਸ ’ਤੇ ਅਦਾਲਤ ਨੇ ਪੰਜਾਬ ਸਰਕਾਰ ਦਾ ਪੱਖ ਜਾਣਨ ਉਪਰੰਤ ਇਹ ਹੁਕਮ ਸੁਣਾਇਆ ਹੈ। ਅਦਾਲਤ ਨੇ ਆਪਣੇ ਹੁਕਮਾਂ ਵਿੱਚ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਸ ਦੌਰਾਨ 13 ਨਵੰਬਰ ਨੂੰ ਜਾਰੀ ਕੀਤੇ ਗਏ ਪਿਛਲੇ ਹੁਕਮਾਂ ਦੀਆਂ ਸਾਰੀਆਂ ਸ਼ਰਤਾਂ ਜਿਉਂ ਦੀਆਂ ਤਿਉਂ ਲਾਗੂ ਰਹਿਣਗੀਆਂ। ਹੁਕਮਾਂ ਅਨੁਸਾਰ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਉਣ, ਵਾਪਸ ਲਿਜਾਣ ਅਤੇ ਸੁਰੱਖਿਆ ਪ੍ਰਬੰਧਾਂ ’ਤੇ ਆਉਣ ਵਾਲਾ ਸਾਰਾ ਖਰਚਾ ਅੰਮ੍ਰਿਤਪਾਲ ਸਿੰਘ ਵੱਲੋਂ ਖੁਦ ਅਦਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਦੇ ਮੱਦੇਨਜ਼ਰ ਕਿਸੇ ਵੀ ਅਣਸੁਖਾਵੀਂ ਸਥਿਤੀ ਪੈਦਾ ਹੋਣ ਦੀ ਸੂਰਤ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਕੋਲ ਲੋੜੀਂਦੀ ਕਾਰਵਾਈ ਕਰਨ ਦੇ ਪੂਰੇ ਅਧਿਕਾਰ ਰਾਖਵੇਂ ਹੋਣਗੇ।
 ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੀ 84 ਸਾਲਾ ਦਾਦੀ ਮਾਤਾ ਚਰਨ ਕੌਰ ਦਾ ਲੰਮੀ ਬਿਮਾਰੀ ਨਾਲ ਜੂਝਦਿਆਂ ਬੀਤੀ 8 ਨਵੰਬਰ ਨੂੰ ਦੇਹਾਂਤ ਹੋ ਗਿਆ ਸੀ। ਪਰਿਵਾਰ ਦੀ ਇਹ ਦਿਲੀ ਇੱਛਾ ਸੀ ਕਿ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਦਾ ਅੰਤਿਮ ਸਸਕਾਰ ਆਪਣੇ ਹੱਥੀਂ ਕਰਨ, ਜਿਸ ਕਾਰਨ ਪਰਿਵਾਰਕ ਮੈਂਬਰਾਂ ਨੇ ਵਕੀਲਾਂ ਰਾਹੀਂ ਅਦਾਲਤ ਦਾ ਰੁਖ਼ ਕੀਤਾ ਸੀ। ਇਸ ਤੋਂ ਪਹਿਲਾਂ ਵੀ ਅਦਾਲਤ ਨੇ 14 ਨਵੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਤਿੰਨ ਘੰਟਿਆਂ ਦੀ ਕਸਟਡੀ ਪੈਰੋਲ ਮਨਜ਼ੂਰ ਕੀਤੀ ਸੀ।ਪਰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਉਣ ਲਈ ਲੋੜੀਂਦੇ ਸੁਰੱਖਿਆ ਅਤੇ ਯਾਤਰਾ ਪ੍ਰਬੰਧ ਸਮੇਂ ਸਿਰ ਮੁਕੰਮਲ ਨਾ ਹੋ ਸਕਣ ਕਾਰਨ ਉਹ ਪੰਜਾਬ ਨਹੀਂ ਪਹੁੰਚ ਸਕੇ ਸਨ। ਇਸ ਕਾਰਨ ਵਕੀਲਾਂ ਨੂੰ ਪੈਰੋਲ ਦੀ ਤਰੀਕ ਬਦਲਣ ਲਈ ਮੁੜ ਅਦਾਲਤ ਵਿੱਚ ਨਵੀਂ ਅਰਜ਼ੀ ਦਾਇਰ ਕਰਨੀ ਪਈ ਸੀ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਜੇਲ੍ਹ ਵਿੱਚ ਰਹਿੰਦਿਆਂ ਹੀ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਖਡੂਰ ਸਾਹਿਬ ਸੰਸਦੀ ਹਲਕੇ ਤੋਂ ਵੱਡੀ ਜਿੱਤ ਦਰਜ ਕਰਕੇ ਸੰਸਦ ਮੈਂਬਰ ਵਜੋਂ ਆਪਣੀ ਪਛਾਣ ਬਣਾਈ ਸੀ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.