“ਵਿਲੇਜ਼ ਡਿਫੈਂਸ ਕਮੇਟੀਆਂ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨਾਲ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਤਹਿਤ ਕੈਬਨਿਟ ਮੰਤਰੀ ਨੇ ਕੀਤੀ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ
- ਰਾਜਨੀਤੀ
- 25 Jun, 2026 04:41 PM (Asia/Kolkata)
ਖਮਾਣੋਂ, 25 ਜੂਨ (ਸਤਵਿੰਦਰ ਸਿੰਘ)-ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਜਾਰੀ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਤਹਿਤ ਅੱਜ ਪੰਜਾਬ ਦੇ ਮਾਲ ਅਤੇ ਪੁਨਰ ਵਿਕਾਸ ਮੰਤਰੀ ਸ.ਹਰਦੀਪ ਸਿੰਘ ਮੁੰਡੀਆਂ ਨੇ ਸਥਾਨਕ ਬੱਚਤ ਭਵਨ ਵਿਖੇ ਵਿਲੇਜ਼ ਡਿਫੈਂਸ ਕਮੇਟੀਆ, ਬਲਾਕ ਕੋਆਰਡੀਨੇਟਰਾਂ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਵਿਧਾਇਕ ਫਤਹਿਗੜ੍ਹ ਸਾਹਿਬ ਲਖਬੀਰ ਸਿੰਘ ਰਾਏ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅਜੈ ਸਿੰਘ ਲਿਬੜਾ, ਯੁੱਧ ਨਸ਼ਿਆਂ ਵਿਰੁੱਧ ਦੇ ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਓਕਾਂਰ ਚੌਹਾਨ, ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਐਸ.ਐਸ.ਪੀ ਸੁਭਮ ਅਗਰਵਾਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਮੀਟਿੰਗ ਦੋਰਾਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਤੱਕ ਨਸ਼ਿਆ ਵਿਰੁੱਧ ਜੰਗ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਕਿਸੇ ਇੱਕ ਵਿਅਕਤੀ ਦੀ ਨਹੀਂ ਸਗੋਂ ਪੂਰੇ ਸਮਾਜ ਦੀ ਜ਼ਿੰਮੇਵਾਰੀ ਹੈ। ਜੇਕਰ ਹਰ ਜਾਗਰੂਕ ਨਾਗਰਿਕ ਆਪਣਾ ਫਰਜ਼ ਸਮਝ ਕੇ ਇਸ ਮੁਹਿੰਮ ਵਿੱਚ ਯੋਗਦਾਨ ਪਾਵੇ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਇਸ ਮੁਹਿੰਮ ਨਾਲ ਜੁੜੇ ਕੋਆਰਡੀਨੇਟਰਾਂ, ਹਲਕਾ ਇੰਚਾਰਜਾਂ ਤੇ ਟੀਮ ਸਮੇਤ ਸਿਵਲ ਤੇ ਪੁਲਿਸ ਅਧਿਕਾਰੀਆਂ ਦੇ ਕੰਮ ਦੀ ਸ਼ਲਾਘਾ ਕੀਤੀ।
ਕੈਬਨਿਟ ਮੰਤਰੀ ਸ. ਮੁੰਡੀਆਂ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵਲੋਂ ਪਿੰਡ ਪੱਧਰ ਤੇ ਖੇਡ ਸਟੇਡੀਅਮਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ ਤਾਂ ਜੋ ਨੌਜਵਾਨਾਂ ਵਰਗ ਨੂੰ ਖੇਡਾਂ ਨਾਲ ਜੋੜਿਆ ਜਾਵੇ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜ ਕੇ ਅਜਿਹੀਆਂ ਮਾੜੀਆਂ ਅਲਾਮਤਾਂ ਤੋਂ ਬਚਿਆ ਜਾ ਸਕਦਾ ਹੈ ਤੇ ਸੂਬੇ ਦੀ ਜਵਾਨੀ ਨੂੰ ਸਿਹਤਮੰਦ ਰੱਖਿਆ ਜਾ ਸਕਦਾ ਹੈ।
ਮੁੰਡੀਆ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਨਸ਼ਿਆ ਦੇ ਕੋਹੜ ਨੂੰ ਜੜੋਂ ਖਤਮ ਕੀਤਾ ਜਾਵੇਗਾ। ਪੰਜਾਬ ਅੰਦਰ ਨਸ਼ਾ ਤਸਕਰੀ ਕਰਨ ਵਾਲਿਆ ਲਈ ਕੋਈ ਥਾਂ ਨਹੀ ਹੈ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਕੀਮਤ ਤੇ ਬ਼ਖਸ਼ਿਆ ਨਹੀ ਜਾਵੇਗਾ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਵਿਲੇਜ਼ ਡਿਫੈਂਸ ਕਮੇਟੀਆਂ ਨਾਲ ਤਾਲਮੇਲ ਬਣਾ ਕੇ ਰੱਖਣ ਅਤੇ ਨਸ਼ਿਆ ਦੀ ਸੂਚਨਾ ਮਿਲਣ ਤੇ ਤੁਰੰਤ ਕਾਰਵਾਈ ਅਮਲ ਵਿੱਚ ਲਿਆਉਣ ਦੇ ਆਦੇਸ਼ ਜਾਰੀ ਕੀਤੇ।
ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਜਿਹੜੇ ਵੀ ਨਾਗਰਿਕ ਗੁੰਮਰਾਹ ਹੋ ਕੇ ਨਸ਼ਿਆਂ ਦੇ ਰੋਗ ਦਾ ਸ਼ਿਕਾਰ ਹੋ ਗਏ ਹਨ ਉਨ੍ਹਾਂ ਦਾ ਇਲਾਜ ਸੰਭਵ ਹੈ ਅਤੇ ਅਜਿਹੇ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਰਕਾਰੀ ਨਸ਼ਾ ਮੁਕਤੀ ਕੇਂਦਰ ਵਿੱਚ ਦਾਖਲ ਕਰਵਾਇਆ ਜਾਵੇ ਜਿਥੇ ਉਨ੍ਹਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਜਾਗਰੂਕਤਾ ਲਗਾਤਾਰ ਜਾਰੀ ਰੱਖੀ ਜਾ ਰਹੀ ਹੈ। ਉਨ੍ਹਾਂ ਨਸ਼ਿਆਂ ਦੇ ਸੌਦਾਗਰਾਂ ਖਿਲਾਫ ਹੋਰ ਸਖਤੀ ਕਰਨ ਦਾ ਸੁਝਾਅ ਦਿੱਤਾ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਇੱਕ ਕ੍ਰਾਂਤੀਕਾਰੀ ਮੁਹਿੰਮ ਹੈ। ਉਨ੍ਹਾਂ ਕਿਹਾ ਕਿ ਜਿਸ ਦਿਨ ਤੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸ਼ੁਰੂ ਕੀਤੀ ਗਈ ਹੈ ਨੌਜਵਾਨ ਪੀੜ੍ਹੀ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਹੋਈ ਹੈ ਉਹ ਆਪ ਵੀ ਇਸ ਅਲਾਮਤ ਤੋਂ ਦੂਰ ਹੋਏ ਹਨ ਅਤੇ ਲੋਕਾਂ ਨੂੰ ਵੀ ਜਾਗਰੂਕ ਕਰ ਰਹੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ.ਫਤਹਿਗੜ੍ਹ ਸਾਹਿਬ ਸ੍ਰੀ ਕਰੁਣ ਗੁਪਤਾ, ਐਸ.ਡੀ.ਐਮ.ਬਸੀ ਪਠਾਣਾ ਸ੍ਰੀਮਤੀ ਦੀਪਜੋਤ ਕੌਰ, ਐਸ.ਡੀ.ਐਮ.ਖਮਾਣੋਂ ਸ੍ਰੀ ਅਰਵਿੰਦ ਕੁਮਾਰ ਗੁਪਤਾ,ਆਰ.ਟੀ.ਏ.,ਸ੍ਰੀ ਨਮਨ ਮੜਕਨ, ਐਸ.ਪੀ.ਹਰਵੰਤ ਕੌਰ,ਡੀ.ਐਸ.ਪੀ.ਬਸੀ ਪਠਾਣਾ ਰਾਜ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀਮਤੀ ਜਸਪ੍ਰੀਤ ਕੌਰ,ਸਿਵਲ ਸਰਜਨ ਡਾ.ਅਰਵਿੰਦਪਾਲ ਸਿੰਘ ਸਮੇਤ ਹੋਰ ਆਗੂ ਅਤੇ ਅਧਿਕਾਰੀ ਹਾਜਰ ਸਨ।
Leave a Reply