ਖ਼ਾਲਸਾ ਪੰਥ ਨੂੰ ਨਿਸ਼ਾਨਾ ਬਣਾਉਣ ਵਾਲੇ ਕਾਨੂੰਨ ਨੂੰ ਬਰਦਾਸ਼ਤ ਨਹੀਂ ਕਰਾਂਗੇ : ਭਾਈ ਭੁਪਿੰਦਰ ਸਿੰਘ ਛੇ ਜੂਨ
- ਰਾਸ਼ਟਰੀ
- 08 May, 2026 03:46 PM (Asia/Kolkata)
ਅੰਮ੍ਰਿਤਸਰ, 8 ਮਈ (ਚਰਨਜੀਤ ਸਿੰਘ): ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ ਛੇ ਜੂਨ ਨੇ ਕਿਹਾ ਕਿ ਭਗਵੰਤ ਮਾਨ ਵੱਲੋਂ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਕਾਨੂੰਨ ਸਿੱਖ ਪੰਥ ਲਈ ਇੱਕ ਗੰਭੀਰ ਸੰਕਟ ਪੈਦਾ ਕਰੇਗਾ। ਉਹਨਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀਆਂ ਬੇਅਦਬੀਆਂ ਕਰਨ ਵਾਲੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣਾ ਵਧੀਆ ਫੈਸਲਾ ਹੈ ਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਨੂੰ ਵੀ ਕਾਨੂੰਨੀ ਦਾਇਰੇ ਦੇ ਵਿੱਚ ਬੰਨ ਦੇਣਾ ਇਹ ਸਿੱਖੀ ਸਿਧਾਂਤਾਂ ਅਨੁਸਾਰ ਬਿਲਕੁਲ ਵੀ ਜਾਇਜ਼ ਨਹੀਂ ਹੈ। ਉਹਨਾਂ ਕਿਹਾ ਕਿ ਸਾਡੇ ਗੁਰੂ ਸਾਹਿਬ ਤਾਂ ਜਾਗਤ ਜੋਤ, ਹਾਜਰਾ ਹਜੂਰ, ਚਵਰ ਛਤਰ ਤਖਤ ਦੇ ਮਾਲਕ ਅਤੇ ਪ੍ਰਤੱਖ ਸਤਿਗੁਰੂ ਹਨ। ਉਹਨਾਂ ਉੱਤੇ ਕੋਈ ਵੀ ਦੁਨਿਆਵੀ ਕਾਨੂੰਨ ਲਾਗੂ ਨਹੀਂ ਹੋ ਸਕਦਾ। ਉਹਨਾਂ ਕਿਹਾ ਕਿ ਇਸ ਦੇ ਨਾਲ ਹੀ ਜਿੱਥੇ ਵੀ ਗੁਰੂ ਸਾਹਿਬ ਦੇ ਪ੍ਰਕਾਸ਼ ਹਨ ਚਾਹੇ ਉਹ ਗੁਰਦੁਆਰਾ ਹੋਵੇ, ਸੰਸਥਾਵਾਂ ਹੋਣ ਜਾਂ ਘਰਾਂ ਵਿੱਚ ਹੋਣ ਉਹਨਾਂ ਸੇਵਾਦਾਰਾਂ ਨੂੰ, ਪ੍ਰਬੰਧਕ ਕਮੇਟੀਆਂ ਨੂੰ, ਗ੍ਰੰਥੀ ਸਿੰਘਾਂ ਨੂੰ, ਪਰਿਵਾਰਿਕ ਮੈਂਬਰਾਂ ਨੂੰ ਅਤੇ ਹੋਰ ਸਿੱਖ ਸੰਗਤਾਂ ਨੂੰ ਵੀ ਦੋਸ਼ੀਆਂ ਦੇ ਕਟਹਿਰੇ ਵਿੱਚ ਖੜਾ ਕਰ ਦੇਣਾ ਇਹ ਵੱਡੀ ਧੱਕੇਸ਼ਾਹੀ ਅਤੇ ਸਿੱਖ ਪੰਥ ਉੱਤੇ ਹਮਲਾ ਹੈ। ਇਸ ਨਾਲ ਗ੍ਰੰਥੀ ਸਿੰਘ, ਸੇਵਾਦਾਰ ਅਤੇ ਸੰਗਤ ਗੁਰੂ ਸਾਹਿਬ ਤੋਂ ਦੂਰ ਹੋਵੇਗੀ ਅਤੇ ਡਰ ਦਾ ਮਾਹੌਲ ਬਣਿਆ ਰਹੇਗਾ। ਉਹਨਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੇਵਾਦਾਰਾਂ ਲਈ ਹੀ ਜਾਣੇ-ਅਣਜਾਣੇ ਵਿੱਚ ਸਿੱਖ ਰਹਿਤ ਮਰਿਆਦਾ ਵਿੱਚ ਹੋਈ ਅਵੱਗਿਆ ਨੂੰ ਲੈ ਕੇ ਪੰਜ ਸਾਲ ਦੀ ਕੈਦ ਅਤੇ 10 ਲੱਖ ਜੁਰਮਾਨਾ ਕਰ ਦੇਣਾ ਇਹ ਪੰਥ ਬਰਦਾਸ਼ਤ ਨਹੀਂ ਕਰੇਗਾ। ਜਦੋਂ ਵੀ ਕੋਈ ਸਿੱਖ ਰਹਿਤ ਮਰਿਆਦਾ ਵਿੱਚ ਕੁਤਾਹੀ ਦਾ ਮਾਮਲਾ ਆਵੇਗਾ ਤਾਂ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਹੀ ਪੰਥਕ ਪਰੰਪਰਾਵਾਂ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਮੁੱਚੇ ਖਾਲਸਾ ਪੰਥ ਦੀ ਸਾਂਝੀ ਰਾਏ ਨਾਲ ਇਸ ਕਾਨੂੰਨ ਵਿੱਚ ਸੋਧਾਂ ਕੀਤੀਆਂ ਜਾਣ।
Leave a Reply