ਨਨਕਾਣਾ ਸਾਹਿਬ ’ਚ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸਮਾਗਮ ਸੰਪੰਨ, ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ
ਨਨਕਾਣਾ ਸਾਹਿਬ (ਨਜ਼ਰਾਨਾ ਟਾਈਮਜ਼): ਬਾਬਾ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸਮਾਗਮ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਸੰਪੰਨ ਹੋਏ। ਸਮਾਪਤੀ ਸਮਾਗਮ ਦੌਰਾਨ ਪਾਕਿਸਤਾਨੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਹਮਜ਼ਾ ਸ਼ਹਿਬਾਜ਼ ਸ਼ਰੀਫ਼ ਨੇ ਸਿੱਖ ਭਾਈਚਾਰੇ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਸੂਬਾਈ ਮੰਤਰੀ ਸਰਦਾਰ ਰਮੇਸ਼ ਸਿੰਘ ਅਰੋੜਾ ਨੇ ਇਸ ਮੌਕੇ ਭਾਰਤ ਨੂੰ ਕਰਤਾਰਪੁਰ ਲਾਂਘਾ ਤੁਰੰਤ ਮੁੜ ਖੋਲ੍ਹਣ ਦੀ ਅਪੀਲ ਕੀਤੀ।
ਹਮਜ਼ਾ ਸ਼ਹਿਬਾਜ਼ ਸ਼ਰੀਫ਼ ਨੇ ਕਿਹਾ ਕਿ ਪਾਕਿਸਤਾਨ ਦਾ ਸਿੱਖ ਭਾਈਚਾਰੇ ਨਾਲ ਪਿਆਰ ਅਤੇ ਸ਼ਰਧਾ ਦਾ ਰਿਸ਼ਤਾ ਹੈ, ਜਿਸ ਨੂੰ ਉਹ ਹਮੇਸ਼ਾ ਨਿਭਾਏਗਾ। ਉਨ੍ਹਾਂ ਸਿੱਖ ਧਾਰਮਿਕ ਅਸਥਾਨਾਂ ਨੂੰ ਸਾਂਝੀ ਵਿਰਾਸਤ ਦਾ ਹਿੱਸਾ ਦੱਸਦਿਆਂ ਕਿਹਾ ਕਿ ਬਾਬਾ ਗੁਰੂ ਨਾਨਕ ਦੇਵ ਜੀ ਨੇ ਪਿਆਰ, ਸ਼ਾਂਤੀ ਅਤੇ ਬਰਾਬਰੀ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਘੱਟਗਿਣਤੀਆਂ ਨੂੰ ਪੂਰੀ ਧਾਰਮਿਕ ਆਜ਼ਾਦੀ ਹੈ ਅਤੇ ਗੁਰਦੁਆਰਿਆਂ ਦੀ ਬਹਾਲੀ, ਸੁਰੱਖਿਆ ਅਤੇ ਮੁਰੰਮਤ ਲਈ ਕਦਮ ਚੁੱਕੇ ਜਾਂਦੇ ਰਹਿਣਗੇ।
ਧਾਰਮਿਕ ਮਾਮਲਿਆਂ ਅਤੇ ਅੰਤਰਧਾਰਮਿਕ ਸਦਭਾਵਨਾ ਬਾਰੇ ਰਾਜ ਮੰਤਰੀ ਖੇਲ ਦਾਸ ਕੋਹਿਸਤਾਨੀ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਘੱਟਗਿਣਤੀਆਂ ਦੇ ਹੱਕਾਂ ਦੀ ਰਾਖੀ, ਧਰਮਾਂ ਵਿਚਾਲੇ ਸਾਂਝ ਵਧਾਉਣ ਅਤੇ ਪਵਿੱਤਰ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਲਈ ਵਚਨਬੱਧ ਹੈ।
ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਅਪੀਲ
ਸਰਦਾਰ ਰਮੇਸ਼ ਸਿੰਘ ਅਰੋੜਾ ਨੇ ਕਿਹਾ ਕਿ ਪਾਕਿਸਤਾਨ ਸਿੱਖਾਂ ਲਈ ਪਵਿੱਤਰ ਧਰਤੀ ਹੈ। ਉਨ੍ਹਾਂ ਕਿਹਾ ਕਿ ਦੁਨੀਆ ਭਰ ਦਾ ਸਿੱਖ ਭਾਈਚਾਰਾ ਭਾਰਤ ਤੋਂ ਕਰਤਾਰਪੁਰ ਲਾਂਘਾ ਤੁਰੰਤ ਖੋਲ੍ਹਣ ਦੀ ਮੰਗ ਕਰ ਰਿਹਾ ਹੈ, ਤਾਂ ਜੋ ਸੰਗਤ ਆਪਣੇ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕੇ। ਉਨ੍ਹਾਂ ਘੱਟਗਿਣਤੀਆਂ ਦੇ ਧਾਰਮਿਕ ਅਸਥਾਨਾਂ ਦੀ ਰਾਖੀ ਅਤੇ ਸ਼ਰਧਾਲੂਆਂ ਦੀ ਮਹਿਮਾਨਨਿਵਾਜ਼ੀ ਲਈ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈਟੀਪੀਬੀ) ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐੱਸਜੀਪੀਸੀ) ਦੇ ਯਤਨਾਂ ’ਤੇ ਤਸੱਲੀ ਪ੍ਰਗਟਾਈ।
ਈਟੀਪੀਬੀ ਦੇ ਚੇਅਰਮੈਨ ਕਮਰ-ਉਲ-ਜ਼ਮਾਨ ਨੇ ਕਿਹਾ ਕਿ ਸਿੱਖ ਧਰਮ ਸ਼ਾਂਤੀ, ਪਿਆਰ ਅਤੇ ਆਪਸੀ ਸਹਿਣਸ਼ੀਲਤਾ ਦਾ ਸੁਨੇਹਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਦੁਨੀਆ ਭਰ ਤੋਂ ਜਿੰਨੇ ਵੀ ਸਿੱਖ ਸ਼ਰਧਾਲੂ ਪਾਕਿਸਤਾਨ ਆਉਣਾ ਚਾਹੁਣਗੇ, ਸਰਕਾਰ ਉਨ੍ਹਾਂ ਦਾ ਸਵਾਗਤ ਕਰੇਗੀ ਅਤੇ ਕਿਸੇ ਵੀ ਸਿੱਖ ਸ਼ਰਧਾਲੂ ਦੀ ਵੀਜ਼ਾ ਅਰਜ਼ੀ ਰੱਦ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਨੁਸਾਰ ਈਟੀਪੀਬੀ, ਪੀਐੱਸਜੀਪੀਸੀ ਅਤੇ ਧਾਰਮਿਕ ਮਾਮਲਿਆਂ ਬਾਰੇ ਮੰਤਰਾਲਾ ਘੱਟਗਿਣਤੀਆਂ ਦੇ ਧਾਰਮਿਕ ਅਸਥਾਨਾਂ ਦੀ ਰਾਖੀ ਤੇ ਬਹਾਲੀ ਅਤੇ ਸ਼ਰਧਾਲੂਆਂ ਦੀ ਮਹਿਮਾਨਨਿਵਾਜ਼ੀ ਲਈ ਮਿਲ ਕੇ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ 200 ਸਿੱਖ ਅਤੇ ਹਿੰਦੂ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਮਹੀਨਾਵਾਰ ਵਜ਼ੀਫ਼ੇ ਵੀ ਦਿੱਤੇ ਜਾ ਰਹੇ ਹਨ।
ਕਰੀਬ 50 ਬੰਦ ਗੁਰਦੁਆਰਿਆਂ ਦੀ ਬਹਾਲੀ ਲਈ ਯਤਨ
ਭਾਰਤ ਤੋਂ ਆਏ ਸਿੱਖ ਜਥੇ ਦੀ ਅਗਵਾਈ ਕਰ ਰਹੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪਾਕਿਸਤਾਨ ਦੇ ਇਤਿਹਾਸਕ ਗੁਰਦੁਆਰਿਆਂ ਨੂੰ ਉਨ੍ਹਾਂ ਦੇ ਮੂਲ ਸਰੂਪ ਵਿੱਚ ਬਹਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਸਮੁੱਚੀ ਦੁਨੀਆ ਨੂੰ ਸ਼ਾਂਤੀ ਅਤੇ ਪਿਆਰ ਦੀ ਲੋੜ ਹੈ। ਉਨ੍ਹਾਂ ਸ਼ਰਧਾਲੂਆਂ ਦੀ ਮਹਿਮਾਨਨਿਵਾਜ਼ੀ ਅਤੇ ਪ੍ਰਬੰਧਾਂ ਲਈ ਪਾਕਿਸਤਾਨ ਸਰਕਾਰ, ਈਟੀਪੀਬੀ ਅਤੇ ਪੀਐੱਸਜੀਪੀਸੀ ਦਾ ਧੰਨਵਾਦ ਕੀਤਾ।
ਈਟੀਪੀਬੀ ਦੇ ਸਕੱਤਰ ਨਸੀਰ ਮੁਸ਼ਤਾਕ ਨੇ ਕਿਹਾ ਕਿ ਸਿੱਖ ਧਾਰਮਿਕ ਵਿਰਾਸਤ ਪਾਕਿਸਤਾਨ ਲਈ ਮਾਣ ਦੀ ਗੱਲ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਦੀ ਸਥਾਪਨਾ ਤੋਂ ਲੈ ਕੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬੰਦ ਪਏ ਕਰੀਬ 50 ਗੁਰਦੁਆਰਿਆਂ ਨੂੰ ਉਨ੍ਹਾਂ ਦੇ ਮੂਲ ਸਰੂਪ ਵਿੱਚ ਬਹਾਲ ਕਰਨ ਲਈ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੋਰਡ ਇਤਿਹਾਸਕ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਅਤੇ ਬਹਾਲੀ ਲਈ ਵਿਆਪਕ ਉਪਰਾਲੇ ਕਰ ਰਿਹਾ ਹੈ।
ਪ੍ਰਕਾਸ਼ ਪੁਰਬ ਦੌਰਾਨ ਈਟੀਪੀਬੀ ਅਤੇ ਪੀਐੱਸਜੀਪੀਸੀ ਵੱਲੋਂ ਸ਼ਰਧਾਲੂਆਂ ਦੇ ਸਵਾਗਤ, ਠਹਿਰਨ, ਭੋਜਨ, ਆਵਾਜਾਈ, ਡਾਕਟਰੀ ਸਹਾਇਤਾ ਅਤੇ ਸੁਰੱਖਿਆ ਲਈ ਪ੍ਰਬੰਧ ਕੀਤੇ ਗਏ। ਸਮਾਗਮ ਵਿੱਚ ਮਹਿਮਾਨਾਂ ਨੂੰ ਵਿਸ਼ੇਸ਼ ਸਿਰੋਪਾਓ ਵੀ ਭੇਟ ਕੀਤੇ ਗਏ।
ਸਮਾਗਮ ਵਿੱਚ ਕੌਮੀ ਅਸੈਂਬਲੀ ਦੇ ਮੈਂਬਰ ਡਾ. ਸ਼ਜ਼ਰਾ ਮਨਸਬ, ਧਾਰਮਿਕ ਮਾਮਲਿਆਂ ਬਾਰੇ ਮੰਤਰਾਲੇ ਦੇ ਸੰਯੁਕਤ ਸਕੱਤਰ ਕਾਮਰਾਨ ਅੰਸਾਰੀ, ਬੋਰਡ ਮੈਂਬਰ ਡਾ. ਮੰਪਾਲ ਸਿੰਘ, ਪੀਐੱਸਜੀਪੀਸੀ ਦੀ ਜਨਰਲ ਸਕੱਤਰ ਡਾ. ਬੀਬੀ ਸਤਵੰਤ ਕੌਰ, ਪ੍ਰੋਫੈਸਰ ਡਾ. ਕਲਿਆਣ ਸਿੰਘ ਕਲਿਆਣ ਅਤੇ ਹੋਰ ਪ੍ਰਮੁੱਖ ਸਿੱਖ ਆਗੂ ਤੇ ਅਧਿਕਾਰੀ ਹਾਜ਼ਰ ਸਨ। ਨਨਕਾਣਾ ਸਾਹਿਬ ਦੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਨੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਸਨ।
Leave a Reply