ਮੁੱਖ ਮੰਤਰੀ ਨੂੰ ਸਵਾਲ ਕਰਨ ਵਾਲੇ ਗੁਰਸਿੱਖ ਨੌਜਵਾਨ ਦੇ ਕਕਾਰਾਂ ਦੀ ਬੇਅਦਬੀ ਤੇ ਪੁਲਿਸ ਤਸ਼ੱਦਦ ਅਤਿ ਨਿੰਦਣਯੋਗ- ਐਡਵੋਕੇਟ ਧਾਮੀ

ਮੁੱਖ ਮੰਤਰੀ ਨੂੰ ਸਵਾਲ ਕਰਨ ਵਾਲੇ ਗੁਰਸਿੱਖ ਨੌਜਵਾਨ ਦੇ ਕਕਾਰਾਂ ਦੀ ਬੇਅਦਬੀ ਤੇ ਪੁਲਿਸ ਤਸ਼ੱਦਦ ਅਤਿ ਨਿੰਦਣਯੋਗ- ਐਡਵੋਕੇਟ ਧਾਮੀ

ਕਿਹਾ; ਨਸ਼ਿਆਂ ਸਬੰਧੀ ਜਵਾਬ ਮੰਗਣ ਵਾਲੇ ਨੌਜੁਆਨ ’ਤੇ ਤਸ਼ੱਦਦ ਸਰਕਾਰ ਦੀ ਤਾਨਾਸ਼ਾਹੀ ਤੇ ਨਾਦਰਸ਼ਾਹੀ ਪਹੁੰਚ ਦਾ ਪ੍ਰਗਟਾਵਾ

ਅੰਮ੍ਰਿਤਸਰ, 4 ਸਤੰਬਰ-ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ 

ਪੰਜਾਬ ਵਿੱਚ ਨਸ਼ਿਆਂ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਵਾਲ ਕਰਨ ਵਾਲੇ ਗੁਰਸਿੱਖ ਨੌਜਵਾਨ ਸ. ਮੋਹਨਜੀਤ ਸਿੰਘ ਸ਼ੇਰੋਂ ’ਤੇ ਪੁਲਿਸ ਵੱਲੋਂ ਤਸ਼ੱਦਦ ਕਰਨ ਅਤੇ ਕਕਾਰਾਂ ਦੀ ਬੇਅਦਬੀ ਕਰਨ ਦੀ ਘਟਨਾ ਬੇਹੱਦ ਮੰਦਭਾਗੀ, ਨਿੰਦਣਯੋਗ ਅਤੇ ਧਾਰਮਿਕ ਕਦਰਾਂ-ਕੀਮਤਾਂ ਦੀ ਸਿੱਧੀ ਉਲੰਘਣਾ ਹੈ। ਇਹ ਪ੍ਰਗਟਾਵਾ ਜਾਰੀ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਨੌਜਵਾਨ ਨੂੰ ਸਵਾਲ ਪੁੱਛਣ ਦੀ ਸਜ਼ਾ ਦੇਣ ਦੀ ਬਜਾਏ ਸਰਕਾਰ ਨੂੰ ਉਸ ਦਾ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਰੋਧ ਕਰਨ ਵਾਲੇ ਨੌਜੁਆਨ ਪ੍ਰਤੀ ਸਰਕਾਰ ਦੀ ਪਹੁੰਚ ਤਾਨਾਸ਼ਾਹੀ ਤੇ ਨਾਦਰਸ਼ਾਹੀ ਪਹੁੰਚ ਦਾ ਪ੍ਰਗਟਾਵਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਦੁੱਖ ਵਾਲੀ ਗੱਲ ਹੈ ਕਿ ਸ. ਮੋਹਨਜੀਤ ਸਿੰਘ ’ਤੇ ਤਸ਼ੱਦਦ ਕਰਨ ਦੇ ਨਾਲ-ਨਾਲ ਉਸ ਦੇ ਕੇਸਾਂ ਅਤੇ ਕਕਾਰਾਂ ਦੀ ਬੇਅਦਬੀ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਕਕਾਰ ਸਿੱਖ ਦੀ ਧਾਰਮਿਕ ਪਹਿਚਾਣ, ਰਹਿਤ ਅਤੇ ਗੁਰੂ ਪ੍ਰਤੀ ਆਸਥਾ ਦੇ ਪ੍ਰਤੀਕ ਹਨ। ਕਿਸੇ ਸਿੱਖ ਦੇ ਕਕਾਰਾਂ ਦੀ ਜਾਣਬੁਝ ਕੇ ਬੇਅਦਬੀ ਜਾਂ ਅਪਮਾਨਜਨਕ ਵਿਵਹਾਰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਅਜਿਹੇ ਬਣੇ ਹੋਏ ਹਨ ਕਿ ਨਸ਼ਾ ਸ਼ਰੇਆਮ ਵਿੱਕ ਰਿਹਾ ਹੈ, ਪ੍ਰੰਤੂ ਸਰਕਾਰ ਨਸ਼ਾ ਰੋਕਣ ਦੀ ਬਜਾਏ ਨਸ਼ੇ ਖਿਲਾਫ਼ ਅਵਾਜ਼ ਚੁੱਕਣ ਵਾਲਿਆਂ ’ਤੇ ਤਸ਼ੱਦਦ ਕਰ ਰਹੀ ਹੈ। 
ਉਨ੍ਹਾਂ ਕਿਹਾ ਕਿ ਸਰਕਾਰ ਤੋਂ ਜਵਾਬ ਮੰਗਣਾ ਹਰ ਨਾਗਰਿਕ ਦਾ ਹੱਕ ਹੈ ਅਤੇ ਜੇਕਰ ਕਿਸੇ ਵਿਅਕਤੀ ਵੱਲੋਂ ਸਰਕਾਰ ਦੀ ਨੀਤੀ, ਕਾਰਗੁਜ਼ਾਰੀ ਜਾਂ ਕਿਸੇ ਗੰਭੀਰ ਸਮਾਜਿਕ ਮੁੱਦੇ ’ਤੇ ਸਵਾਲ ਕੀਤਾ ਜਾਂਦਾ ਹੈ ਤਾਂ ਉਸ ਨੂੰ ਪੁਲਿਸ ਦੀ ਤਾਕਤ ਨਾਲ ਚੁੱਪ ਕਰਵਾਉਣਾ ਲੋਕਤੰਤਰ ਦੀ ਭਾਵਨਾ ਦੇ ਵਿਰੁੱਧ ਹੈ। ਰੋਸ ਪ੍ਰਗਟਾਉਣ ਵਾਲੇ ਕਿਸੇ ਵੀ ਵਿਅਕਤੀ ਨਾਲ ਤਸ਼ੱਦਦ ਕਰਨਾ ਕਿਸੇ ਵੀ ਤਰ੍ਹਾਂ ਲੋਕਤੰਤਰਕ ਵਿਵਸਥਾ ਦਾ ਹਿੱਸਾ ਨਹੀਂ ਹੋ ਸਕਦਾ। 
ਉਨ੍ਹਾਂ ਕਿਹਾ ਕਿ ਇਹ ਘਟਨਾ ਸਿਰਫ਼ ਇੱਕ ਨੌਜਵਾਨ ਨਾਲ ਵਾਪਰੀ ਕਥਿਤ ਵਧੀਕੀ ਦਾ ਮਾਮਲਾ ਨਹੀਂ, ਬਲਕਿ ਇਹ ਸਵਾਲ ਵੀ ਖੜ੍ਹਾ ਕਰਦੀ ਹੈ ਕਿ ਕੀ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਸਵਾਲ ਕਰਨ ਵਾਲੀ ਨੌਜਵਾਨ ਪੀੜ੍ਹੀ ਨੂੰ ਆਪਣੀ ਆਵਾਜ਼ ਬੁਲੰਦ ਕਰਨ ਦੀ ਆਜ਼ਾਦੀ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਵੀ ਯਾਦ ਰੱਖਣਾ ਚਾਹੀਦਾ ਹੈ ਕਿ ਪੁਲਿਸ ਦੀ ਵਰਦੀ ਲੋਕਾਂ ਨੂੰ ਡਰਾਉਣ ਲਈ ਨਹੀਂ, ਲੋਕਾਂ ਦੀ ਸੁਰੱਖਿਆ ਲਈ ਹੈ। ਜੇਕਰ ਪੁਲਿਸ ਕਰਮਚਾਰੀਆਂ ਵੱਲੋਂ ਕਾਨੂੰਨ ਤੋਂ ਬਾਹਰ ਜਾ ਕੇ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਤਾਂ ਇਸ ਦੀ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ ਅਤੇ ਤਸ਼ੱਦਦ ਕਰਨ ਵਾਲੇ ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪੀੜਤ ਨੌਜੁਆਨ ਦੇ ਨਾਲ ਖੜ੍ਹੀ ਹੈ ਅਤੇ ਦੋਸ਼ੀਆਂ ਖਿਲਾਫ਼ ਕਾਰਵਾਈ ਲਈ ਲੋੜੀਂਦਾ ਸਹਿਯੋਗ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਤੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੂੰ ਪੀੜਤ ਨੌਜੁਆਨ ਦੇ ਕੋਲ ਭੇਜਿਆ ਗਿਆ ਹੈ, ਜੋ ਲੋੜੀਂਦੀ ਮੱਦਦ ਵਾਸਤੇ ਜਾਣਕਾਰੀ ਲੈਣਗੇ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.