13 ਸਤੰਬਰ ਦੀ ‘ਪੰਜਾਬ ਬਚਾਓ ਰੈਲੀ’ ਸਰਕਾਰ ਦੀਆਂ ਨਾਕਾਮੀਆਂ ਖ਼ਿਲਾਫ਼ ਲੋਕਾਂ ਦੀ ਆਵਾਜ਼ ਬਣੇਗੀ : ਬੀਬਾ ਰਮਨਦੀਪ ਸ਼ੇਰੋਂ, ਰੁਪਿੰਦਰ ਕੌਰ ਬ੍ਰਹਮਪੁਰਾ
- ਰਾਜਨੀਤੀ
- (Asia/Kolkata)
ਰੈਲੀ ਨੂੰ ਲੈ ਕੇ ਅਕਾਲੀ ਆਗੂਆਂ ਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,10 ਸਤੰਬਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 13 ਸਤੰਬਰ ਐਤਵਾਰ ਨੂੰ ਇਤਿਹਾਸਕ ਕਸਬਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋਣ ਜਾ ਰਹੀ ‘ਪੰਜਾਬ ਬਚਾਓ ਰੈਲੀ’ ਨੂੰ ਲੈ ਕੇ ਅਕਾਲੀ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਹਲਕਾ ਖਡੂਰ ਸਾਹਿਬ ਤੋਂ ਵੱਡੀ ਗਿਣਤੀ ਵਿੱਚ ਵਰਕਰਾਂ ਅਤੇ ਸਮਰਥਕਾਂ ਦੇ ਰੈਲੀ ਵਿੱਚ ਸ਼ਾਮਲ ਹੋਣ ਦਾ ਦਾਅਵਾ ਕਰਦਿਆਂ ਆਗੂਆਂ ਨੇ ਕਿਹਾ ਕਿ 13 ਸਤੰਬਰ ਦਾ ਇਕੱਠ ਪੰਜਾਬ ਦੀ ਸਿਆਸਤ ਵਿੱਚ ਨਵਾਂ ਅਧਿਆਇ ਲਿਖੇਗਾ।
ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ,ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਆਗੂ ਬੀਬਾ ਰੁਪਿੰਦਰ ਕੌਰ ਬ੍ਰਹਮਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਅਕਾਲੀ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਅੱਜ ਮਹਿੰਗਾਈ,ਬੇਰੁਜ਼ਗਾਰੀ,ਨਸ਼ਿਆਂ,ਕਿਸਾਨੀ ਸੰਕਟ, ਕਾਨੂੰਨ-ਵਿਵਸਥਾ ਅਤੇ ਮੁੱਢਲੀਆਂ ਸਹੂਲਤਾਂ ਨਾਲ ਜੁੜੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਸਰਕਾਰ ਵੱਲੋਂ ਚੋਣਾਂ ਸਮੇਂ ਕੀਤੇ ਗਏ ਵਾਅਦਿਆਂ ਅਤੇ ਜ਼ਮੀਨੀ ਪੱਧਰ ’ਤੇ ਨਜ਼ਰ ਆ ਰਹੀ ਸਥਿਤੀ ਵਿੱਚ ਵੱਡਾ ਅੰਤਰ ਹੈ। ਇਸ ਕਾਰਨ ਆਮ ਲੋਕਾਂ ਵਿੱਚ ਸਰਕਾਰ ਪ੍ਰਤੀ ਨਿਰਾਸ਼ਾ ਅਤੇ ਰੋਸ ਵਧ ਰਿਹਾ ਹੈ।
‘ਪੰਜਾਬ ਬਚਾਓ ਰੈਲੀ’ ਲੋਕਾਂ ਦੀ ਆਵਾਜ਼ ਨੂੰ ਦੇਵੇਗੀ ਨਵੀਂ ਤਾਕਤ
ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਬੀਬਾ ਰੁਪਿੰਦਰ ਕੌਰ ਬ੍ਰਹਮਪੁਰਾ ਨੇ ਕਿਹਾ ਕਿ ‘ਪੰਜਾਬ ਬਚਾਓ ਰੈਲੀ’ ਦਾ ਮਕਸਦ ਪੰਜਾਬ ਦੇ ਲੋਕਾਂ ਨਾਲ ਸਬੰਧਤ ਅਹਿਮ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਉਣਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ,ਸੂਬੇ ਦੇ ਸਰੋਤਾਂ,ਕਿਸਾਨੀ,ਨੌਜਵਾਨਾਂ ਅਤੇ ਆਮ ਲੋਕਾਂ ਦੇ ਭਵਿੱਖ ਨਾਲ ਜੁੜੇ ਮਸਲਿਆਂ ’ਤੇ ਸ਼੍ਰੋਮਣੀ ਅਕਾਲੀ ਦਲ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ।
ਆਗੂਆਂ ਨੇ ਕਿਹਾ ਕਿ ਹਲਕਾ ਖਡੂਰ ਸਾਹਿਬ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਰੈਲੀ ਨੂੰ ਲੈ ਕੇ ਲਗਾਤਾਰ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਪਾਰਟੀ ਦੇ ਵਰਕਰਾਂ ਵਿੱਚ ਰੈਲੀ ਨੂੰ ਲੈ ਕੇ ਭਾਰੀ ਉਤਸ਼ਾਹ ਹੈ ਅਤੇ ਹਲਕੇ ਤੋਂ ਵੱਡੀ ਗਿਣਤੀ ਵਿੱਚ ਲੋਕ ਸ੍ਰੀ ਗੋਇੰਦਵਾਲ ਸਾਹਿਬ ਪਹੁੰਚਣਗੇ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿਰਫ਼ ਸੱਤਾ ਦੀ ਰਾਜਨੀਤੀ ਨਹੀਂ ਕਰਦਾ,ਸਗੋਂ ਪੰਜਾਬ ਦੇ ਹਿੱਤਾਂ ਅਤੇ ਪੰਜਾਬੀਆਂ ਦੇ ਹੱਕਾਂ ਦੀ ਲੜਾਈ ਲੜਨ ਵਾਲੀ ਜਮਹੂਰੀ ਤਾਕਤ ਹੈ।ਅੱਜ ਪੰਜਾਬ ਨੂੰ ਮਜ਼ਬੂਤ ਅਤੇ ਲੋਕ-ਪੱਖੀ ਆਵਾਜ਼ ਦੀ ਲੋੜ ਹੈ,ਜਿਸ ਲਈ ਪਾਰਟੀ ਵੱਲੋਂ ਲੋਕਾਂ ਨੂੰ ਇਕਜੁੱਟ ਕੀਤਾ ਜਾ ਰਿਹਾ ਹੈ।
ਰੈਲੀ ਦੇ ਇਕੱਠ ਨਾਲ ਆਉਣ ਵਾਲੀ ਸਿਆਸੀ ਦਿਸ਼ਾ ਦਾ ਮਿਲੇਗਾ ਸੰਕੇਤ
ਅਕਾਲੀ ਆਗੂਆਂ ਨੇ ਕਿਹਾ ਕਿ 13 ਸਤੰਬਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਦੀ ਪਵਿੱਤਰ ਧਰਤੀ ’ਤੇ ਹੋਣ ਵਾਲਾ ਇਕੱਠ ਪੰਜਾਬ ਦੀ ਸਿਆਸੀ ਫਿਜ਼ਾ ਵਿੱਚ ਅਹਿਮ ਸੰਦੇਸ਼ ਦੇਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਰੈਲੀ ਵਿੱਚ ਹੋਣ ਵਾਲਾ ਹਜ਼ਾਰਾਂ ਲੋਕਾਂ ਦਾ ਇਕੱਠ ਇਤਿਹਾਸ ਸਿਰਜੇਗਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਿਆਸੀ ਮਾਹੌਲ ਦਾ ਮੁੱਢ ਬੰਨ੍ਹਣ ਵਿੱਚ ਅਹਿਮ ਭੂਮਿਕਾ ਨਿਭਾਏਗਾ।
ਆਗੂਆਂ ਨੇ ਹਲਕਾ ਖਡੂਰ ਸਾਹਿਬ ਦੇ ਸਮੂਹ ਵਰਗਾਂ ਦੇ ਲੋਕਾਂ ਅਤੇ ਅਕਾਲੀ ਵਰਕਰਾਂ ਨੂੰ 13 ਸਤੰਬਰ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਸ੍ਰੀ ਗੋਇੰਦਵਾਲ ਸਾਹਿਬ ਪਹੁੰਚ ਕੇ ‘ਪੰਜਾਬ ਬਚਾਓ ਰੈਲੀ’ ਨੂੰ ਕਾਮਯਾਬ ਬਣਾਉਣ ਦੀ ਅਪੀਲ ਕੀਤੀ।
Leave a Reply