ਸੰਤ ਕਰਤਾਰ ਸਿੰਘ ਭਿੰਡਰਾਂਵਾਲਿਆਂ ਦੀ ਪੋਤਰੀ ਅਤੇ ਸ਼ਹੀਦ ਭਾਈ ਅਮਰੀਕ ਸਿੰਘ ਦੀ ਸਪੁੱਤਰੀ ਬੀਬਾ ਸਤਵੰਤ ਕੌਰ ਸਮੇਤ 50 ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ
- ਧਾਰਮਿਕ/ਰਾਜਨੀਤੀ
- 14 Jun, 2026 01:24 PM (Asia/Kolkata)
ਅੰਮ੍ਰਿਤਸਰ, 14 ਜੂਨ , ਜੁਗਰਾਜ ਸਿੰਘ ਸਰਹਾਲੀ- ਦਮਦਮੀ ਟਕਸਾਲ ਦੇ ਚੌਦ੍ਹਵੇਂ ਮੁਖੀ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਸ਼ਹੀਦ ਭਾਈ ਅਮਰੀਕ ਸਿੰਘ ਜੀ ਖ਼ਾਲਸਾ, ਮੇਜਰ ਜਨਰਲ ਸੁਬੇਗ ਸਿੰਘ ਜੀ, ਬਾਬਾ ਠਾਹਰਾ ਸਿੰਘ ਜੀ ਅਤੇ ਜੂਨ 1984 ਘੱਲੂਘਾਰੇ ਦੇ ਸਮੂਹ ਸ਼ਹੀਦ ਸਿੰਘਾਂ-ਸਿੰਘਣੀਆਂ ਦੀ ਯਾਦ ਵਿੱਚ ਭਾਈ ਐੱਮ.ਐੱਸ. ਮੁਲਤਾਨੀ ਨਿਊਯਾਰਕ ਅਤੇ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਹਰਿਰਾਇ ਸਾਹਿਬ, ਮਜੀਠਾ ਰੋਡ, ਸ੍ਰੀ ਅੰਮ੍ਰਿਤਸਰ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਦਮਦਮੀ ਟਕਸਾਲ ਦੇ ਤੇਰ੍ਹਵੇਂ ਮੁਖੀ ਸੱਚਖੰਡਵਾਸੀ ਸੰਤ ਗਿਆਨੀ ਕਰਤਾਰ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਪੋਤਰੀ ਅਤੇ ਅਮਰ ਸ਼ਹੀਦ ਭਾਈ ਸਾਹਿਬ ਭਾਈ ਅਮਰੀਕ ਸਿੰਘ ਜੀ ਖ਼ਾਲਸਾ ਦੀ ਸਪੁੱਤਰੀ ਬੀਬਾ ਸਤਵੰਤ ਕੌਰ (ਚੇਅਰਪਰਸਨ ਪੰਥਕ ਕੌਂਸਲ), ਖ਼ਾਲਿਸਤਾਨੀ ਚਿੰਤਕ ਭਾਈ ਸਰਬਜੀਤ ਸਿੰਘ ਘੁਮਾਣ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਸਾਬਕਾ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ ਅਤੇ ਮੌਜੂਦਾ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਜੁਝਾਰੂ ਭਾਈ ਲਖਵਿੰਦਰ ਸਿੰਘ ਨਾਰੰਗਵਾਲ, ਪੰਥਕ ਪੱਤਰਕਾਰ ਭਾਈ ਬਲਵਿੰਦਰ ਸਿੰਘ ਪੱਖੋਕੇ, ਸ਼ਹੀਦ ਜਥੇਦਾਰ ਭਾਈ ਸੁਜਾਨ ਸਿੰਘ ਮਨਾਵਾਂ ਦੇ ਭਤੀਜੇ ਭਾਈ ਸਤਨਾਮ ਸਿੰਘ ਮਨਾਵਾਂ, ਜੁਝਾਰੂ ਭਾਈ ਕਰਤਾਰ ਸਿੰਘ ਭੱਠਲ, ਭਾਈ ਬਲਵਿੰਦਰ ਸਿੰਘ ਡਾਲਾ, ਸ਼ਹੀਦ ਭਾਈ ਅਜਮੇਰ ਸਿੰਘ ਪ੍ਰਧਾਨ ਦੇ ਭਰਾ ਅਤੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਜਗਦੀਸ਼ ਸਿੰਘ ਵਡਾਲਾ ਨੇ ਪੰਥਕ ਵਿਚਾਰਾਂ ਦੀ ਸਾਂਝ ਕੀਤੀ। ਇਸ ਮੌਕੇ ਪੰਜਾਹ ਦੇ ਕਰੀਬ ਸ਼ਹੀਦਾਂ ਦੇ ਪਰਿਵਾਰਾਂ, ਬੰਦੀ ਸਿੰਘਾਂ ਤੇ ਧਰਮੀ ਫ਼ੌਜੀਆਂ ਦੇ ਪਰਿਵਾਰਾਂ ਨੂੰ ਦਸ-ਦਸ ਹਜ਼ਾਰ ਰੁਪਏ, ਸਨਮਾਨ ਚਿੰਨ੍ਹ ਅਤੇ ਸਿਰੋਪਿਆਂ ਨਾਲ ਖ਼ਾਲਸਈ ਜੈਕਾਰਿਆਂ ਦੀ ਗੂੰਜ ਵਿੱਚ ਵਿਸ਼ੇਸ਼ ਤੌਰ ਉੱਤੇ ਸਨਮਾਨਿਤ ਕੀਤਾ ਗਿਆ ਇਹ ਮਾਇਆ ਐੱਮ ਐੱਸ ਮੁਲਤਾਨੀ ਨਿਊਯਾਰਕ ਅਤੇ ਗੁਰੂ ਕੀਆਂ ਲਾਡਲੀਆਂ ਫੌਜਾਂ ਵੱਲੋਂ ਭੇਜੀ ਗਈ ਸੀ। ਸਮਾਗਮ ਵਿੱਚ ਸਮੂਹ ਬੁਲਾਰਿਆਂ ਨੇ ਕਿਹਾ ਕਿ ਸੰਤ ਜਰਨੈਲ ਸਿੰਘ ਅਤੇ ਭਾਈ ਅਮਰੀਕ ਸਿੰਘ ਜੀ ਵੱਲੋਂ ਅਰੰਭੇ ਸੰਘਰਸ਼ ਨੂੰ ਜਾਰੀ ਰੱਖਿਆ ਜਾਏਗਾ, ਇਹ ਸ਼ਹਾਦਤਾਂ ਅਜਾਈਂ ਨਹੀਂ ਜਾਣਗੀਆਂ ਤੇ ਦੇਸ ਪੰਜਾਬ ਦੀ ਧਰਤੀ ਉੱਤੇ ਪੰਥ ਦਾ ਰਾਜ ਤੇ ਪੰਥ ਦੇ ਬੋਲਬਾਲੇ ਅਵੱਸ਼ ਹੋਣਗੇ। ਉਹਨਾਂ ਕਿਹਾ ਕਿ ਸੂਬਾ ਤੇ ਕੇਂਦਰ ਸਰਕਾਰਾਂ ਨੇ ਹਮੇਸ਼ਾਂ ਸਿੱਖ ਕੌਮ ਅਤੇ ਪੰਜਾਬ ਨਾਲ ਧੱਕੇਸ਼ਾਹੀ ਤੇ ਬੇਇਨਸਾਫ਼ੀ ਕੀਤੀ ਹੈ, ਸਰਕਾਰਾਂ ਦੇ ਮਾੜੇ ਵਤੀਰਿਆਂ ਦਾ ਸਾਹਮਣਾ ਕਰਨ ਲਈ ਸਮੁੱਚੀਆਂ ਪੰਥਕ ਧਿਰਾਂ ਨੂੰ ਇੱਕਜੁੱਟ ਹੋ ਕੇ ਠੋਸ ਸੰਘਰਸ਼ ਲੜਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕੌਮੀ ਇੱਕਜੁੱਟਤਾ ਅਤੇ ਕੌਮੀ ਬਲਬੂਤੇ ਨਾਲ ਅਸੀਂ ਹਰ ਮੁਸੀਬਤ ਦਾ ਸਾਹਮਣਾ ਕਰ ਸਕਦੇ ਹਾਂ।
Leave a Reply