ਪਿੰਡ ਖੁੱਡਾ ’ਚ ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾਇਆ ਅਤੇ ਨਗਰ ਕੀਰਤਨ ਸਜਾਇਆ
ਜਥੇਦਾਰ ਭਾਈ ਜਗਜੀਤ ਸਿੰਘ ਨਿਹੰਗ ਨੇ ਗੁਰਮਤਿ ਵਿਚਾਰ ਕੀਤੇ ਸਾਂਝੇ
ਹੁਸ਼ਿਆਰਪੁਰ, 25 ਨਵੰਬਰ (ਰਣਜੀਤ ਸਿੰਘ ਖ਼ਾਲਸਾ ): ਜਗਤ ਗੁਰੂ, ਸਿੱਖ ਧਰਮ ਦੇ ਮੋਢੀ ਅਤੇ ਪਹਿਲੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਪ੍ਰਕਾਸ਼ ਦਿਹਾੜਾ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਖੁੱਡਾ ਵਿਖੇ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਿੰਘ ਸਭਾ, ਵੱਡੀ ਬੋਹੜ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਗੁਰਬਾਣੀ ਦਾ ਕੀਰਤਨ ਹੋਇਆ ਅਤੇ ਕਥਾ-ਵਿਚਾਰਾਂ ਰਾਹੀਂ ਸੰਗਤਾਂ ਨਾਲ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਸਾਂਝੀਆਂ ਕੀਤੀਆਂ ਗਈਆਂ।
ਸਮਾਗਮ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਪਿੰਡ ਖੁੱਡਾ ਵਿਖੇ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਰਧਾ ਨਾਲ ਹਾਜ਼ਰੀ ਭਰੀ। ਬੀਬੀਆਂ ਦੇ ਜਥਿਆਂ ਨੇ ਵੀ ਗੁਰਬਾਣੀ ਦਾ ਕੀਰਤਨ ਕੀਤਾ।
ਇਸ ਮੌਕੇ ਜਥੇਦਾਰ ਭਾਈ ਜਗਜੀਤ ਸਿੰਘ ਨਿਹੰਗ ਨੇ ਸੰਗਤਾਂ ਨੂੰ ਗੁਰੂ ਨਾਨਕ ਪਾਤਸ਼ਾਹ ਜੀ ਦੇ ਜੀਵਨ ਅਤੇ ਉਪਦੇਸ਼ਾਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਸੰਗਤਾਂ ਨੂੰ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦੀ ਸਿੱਖਿਆ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਆ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਦੀ ਸਿੱਖਿਆ ਸਾਨੂੰ ਇੱਕ ਅਕਾਲ ਪੁਰਖ ਨਾਲ ਜੁੜਨ, ਹੱਕ-ਸੱਚ ਉੱਤੇ ਪਹਿਰਾ ਦੇਣ ਅਤੇ ਜ਼ੁਲਮ ਦਾ ਵਿਰੋਧ ਕਰਨ ਦੀ ਪ੍ਰੇਰਨਾ ਦਿੰਦੀ ਹੈ।
ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਥੇਦਾਰ ਭਾਈ ਬਲਬੀਰ ਸਿੰਘ ਪੱਪੀ ਨੇ ਪ੍ਰਕਾਸ਼ ਦਿਹਾੜੇ ਦੇ ਸਮਾਗਮ ਅਤੇ ਨਗਰ ਕੀਰਤਨ ਵਿੱਚ ਹਾਜ਼ਰੀ ਭਰਨ ਵਾਲੀਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮੁੱਖ ਗ੍ਰੰਥੀ ਭਾਈ ਸੁਰਜੀਤ ਸਿੰਘ, ਗ੍ਰੰਥੀ ਭਾਈ ਦਲਜੀਤ ਸਿੰਘ, ਭਾਈ ਮੀਤ ਸਿੰਘ, ਭਾਈ ਸਰਵਨ ਸਿੰਘ ਘੜੀਆਂ ਵਾਲੇ, ਭਾਈ ਹਰਪ੍ਰੀਤ ਸਿੰਘ, ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਕਮਲਜੀਤ ਕੌਰ ਨਿਹੰਗ, ਗੁਰਪੰਥ ਪ੍ਰਥਮ ਸਿੰਘ ਅਤੇ ਗੁਰਬਾਜ ਸਿੰਘ ਆਦਿ ਹਾਜ਼ਰ ਸਨ। ਨਗਰ ਕੀਰਤਨ ਦੀ ਸਮਾਪਤੀ ਉੱਤੇ ਗੁਰਦੁਆਰਾ ਸਾਹਿਬ ਵਿੱਚ ਬੱਚਿਆਂ ਤੋਂ ਕੰਠ ਗੁਰਬਾਣੀ ਸੁਣੀ ਗਈ।
Leave a Reply