ਭਗਵੰਤ ਸਿੰਘ ਮਾਨ ਸਰਕਾਰ ਪੰਜਾਬ 'ਚ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਤੇ ਹਰ ਨਾਗਰਿਕ ਤੱਕ ਮਿਆਰੀ ਸਿਹਤ ਸੇਵਾਵਾਂ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ : ਸਿਹਤ ਮੰਤਰੀ ਡਾ. ਬਲਬੀਰ ਸਿੰਘ

ਭਗਵੰਤ ਸਿੰਘ ਮਾਨ ਸਰਕਾਰ ਪੰਜਾਬ 'ਚ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਤੇ ਹਰ ਨਾਗਰਿਕ ਤੱਕ ਮਿਆਰੀ ਸਿਹਤ ਸੇਵਾਵਾਂ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ : ਸਿਹਤ ਮੰਤਰੀ ਡਾ. ਬਲਬੀਰ ਸਿੰਘ

ਮੋਹਾਲੀ ਵਿਖੇ ਆਯੋਜਿਤ ‘ਦ ਫਾਈਨਲ ਸਟਿਚ 2026’ ਸੀ.ਐੱਮ.ਈ. ਪ੍ਰੋਗਰਾਮ ਅਤੇ ਸਰਜੀਕਲ ਅਕਾਦਮਿਕ ਕਾਨਫਰੰਸ 'ਚ ਕੀਤੀ ਸ਼ਮੂਲੀਅਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਮਈ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਹਰ ਨਾਗਰਿਕ ਤੱਕ ਮਿਆਰੀ ਸਿਹਤ ਸਹੂਲਤਾਂ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼), ਮੋਹਾਲੀ ਦੇ ਜਨਰਲ ਸਰਜਰੀ ਵਿਭਾਗ ਵੱਲੋਂ ਨਾਈਪਰ ਵਿਖੇ ਕਰਵਾਏ ਗਏ ਵੱਡੀ ਪੱਧਰ ਦੇ ਸੀ.ਐੱਮ.ਈ. ਪ੍ਰੋਗਰਾਮ ਅਤੇ ਸਰਜੀਕਲ ਅਕਾਦਮਿਕ ਕਾਨਫਰੰਸ ‘ਦ ਫਾਈਨਲ ਸਟਿਚ 2026’ ਵਿੱਚ ਸ਼ਿਰਕਤ ਕਰਦਿਆਂ ਉਨ੍ਹਾਂ ਨੇ ਮਰੀਜ਼ਾਂ ਪ੍ਰਤੀ ਹਮਦਰਦੀ ਭਰਪੂਰ ਸੇਵਾ, ਨੈਤਿਕ ਮੈਡੀਕਲ ਅਭਿਆਸ, ਹੁਨਰ-ਆਧਾਰਿਤ ਸਿਖਲਾਈ ਅਤੇ ਸਿਹਤ ਪੇਸ਼ੇਵਰਾਂ ਵਿੱਚ ਜੀਵਨ ਭਰ ਸਿੱਖਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਅਤੇ ਨੌਜਵਾਨ ਡਾਕਟਰਾਂ ਨੂੰ ਸਮਾਜ ਦੀ ਸੇਵਾ ਕਰਦਿਆਂ ਪਵਿੱਤਰ ਪੇਸ਼ੇ ਦੇ ਸਭ ਤੋਂ ਉੱਚੇ ਮਾਪਦੰਡ ਕਾਇਮ ਰੱਖਣ ਲਈ ਵੀ ਪ੍ਰੇਰਿਤ ਕੀਤਾ। 'ਦ ਫਾਈਨਲ ਸਟਿਚ 2026’ ਦੌਰਾਨ ਨੌਜਵਾਨ ਡਾਕਟਰਾਂ ਨਾਲ ਗੱਲਬਾਤ ਕਰਦਿਆਂ ਅਤੇ ਉਨ੍ਹਾਂ ਦੇ ਉਤਸ਼ਾਹ, ਸਮਰਪਣ ਅਤੇ ਮਰੀਜ਼ਾਂ ਦੀ ਦੇਖਭਾਲ ਪ੍ਰਤੀ ਵਚਨਬੱਧਤਾ ਤੋਂ ਪ੍ਰਭਾਵਿਤ ਹੋ ਕੇ ਸਿਹਤ ਮੰਤਰੀ ਨੇ ਕਿਹਾ ਕਿ ਅੱਜ ਦੇ ਨੌਜਵਾਨ ਡਾਕਟਰ, ਪੰਜਾਬ ਦੀ ਸਿਹਤ ਪ੍ਰਣਾਲੀ ਦੇ ਭਵਿੱਖ ਦੇ ਆਗੂ ਹੋਣਗੇ। ਉਨ੍ਹਾਂ ਕਿਹਾ ਕਿ ਗੁਣਵੱਤਾ ਭਰਪੂਰ ਮੈਡੀਕਲ ਸਿੱਖਿਆ ਅਤੇ ਨਿਰੰਤਰ ਸਿੱਖਣ ਦੀ ਭਾਵਨਾ ਇੱਕ ਮਜ਼ਬੂਤ ਸਿਹਤ ਢਾਂਚਾ ਤਿਆਰ ਕਰਨ ਲਈ ਬਹੁਤ ਜ਼ਰੂਰੀ ਹਨ। ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਨੇ ਸੂਬੇ ਵਿੱਚ ਸਿਹਤ ਸੇਵਾਵਾਂ ਅਤੇ ਮੈਡੀਕਲ ਸਿੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਬਲਬੀਰ ਸਿੰਘ ਨੇ ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਮੋਹਾਲੀ ਨੂੰ ਇੰਨੇ ਵੱਡੇ ਅਤੇ ਮਹੱਤਵਪੂਰਨ ਅਕਾਦਮਿਕ ਸਮਾਗਮ ਦੇ ਸਫਲ ਆਯੋਜਨ ਲਈ ਵਧਾਈ ਦਿੱਤੀ। ਉਨ੍ਹਾਂ ਨੇ ਸਰਜੀਕਲ ਸਿੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਤਜਰਬੇਕਾਰ ਸਰਜਨਾਂ ਅਤੇ ਮੈਡੀਕਲ ਪੇਸ਼ੇ ਵਿੱਚ ਆਉਣ ਵਾਲੀ ਨਵੀਂ ਪੀੜ੍ਹੀ ਵਿਚਕਾਰ ਵਿਚਾਰ-ਵਟਾਂਦਰੇ ਦੇ ਮੌਕੇ ਪੈਦਾ ਕਰਨ ਲਈ ਸੰਸਥਾ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਮੋਹਾਲੀ ਦੇ ਐਮ.ਬੀ.ਬੀ.ਐਸ. ਅੰਤਿਮ ਸਾਲ ਦੇ ਯੂਨੀਵਰਸਿਟੀ ਟਾਪਰਾਂ ਨੂੰ ਸਨਮਾਨਿਤ ਕਰਦਿਆਂ ਸਿਹਤ ਮੰਤਰੀ ਨੇ ਮੈਡਲ ਅਤੇ ਪ੍ਰਸ਼ੰਸਾ ਪੱਤਰ ਭੇਟ ਕੀਤੇ। ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਸਰਬਉਚ ਸਥਾਨ ਹਾਸਲ ਕਰਨ ਵਾਲੀ ਮੈਡੀਕਲ ਵਿਦਿਆਰਥਣ ਦਿਸ਼ਾ ਨੂੰ ਉਸਦੀ ਸ਼ਾਨਦਾਰ ਪ੍ਰਾਪਤੀ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਐਸੋਸੀਏਸ਼ਨ ਆਫ਼ ਸਰਜਨਜ਼ ਆਫ਼ ਇੰਡੀਆ (ਏ.ਐਸ.ਆਈ.), ਪੰਜਾਬ ਚੈਪਟਰ ਦੇ ਸਹਿਯੋਗ ਨਾਲ ਆਯੋਜਿਤ ‘ਦ ਫਾਈਨਲ ਸਟਿਚ 2026’ ਵਿੱਚ ਉੱਤਰੀ ਭਾਰਤ ਭਰ ਤੋਂ 350 ਤੋਂ ਵੱਧ ਡੈਲੀਗੇਟਾਂ ਅਤੇ 32 ਸੀਨੀਅਰ ਪ੍ਰੋਫੈਸਰਾਂ ਅਤੇ ਸਰਜਨਾਂ ਨੇ ਭਾਗ ਲਿਆ। ਤਿੰਨ ਦਿਨਾਂ ਤੱਕ ਚੱਲੇ ਇਸ ਸਮਾਗਮ ਦੌਰਾਨ ਅਕਾਦਮਿਕ ਚਰਚਾਵਾਂ, ਕਲੀਨਿਕਲ ਸਿੱਖਿਆ, ਸਰਜੀਕਲ ਹੁਨਰ ਵਿਕਾਸ ਅਤੇ ਨੌਜਵਾਨ ਮੈਡੀਕਲ ਪੇਸ਼ੇਵਰਾਂ ਨਾਲ ਸੰਵਾਦ ਕੀਤਾ ਗਿਆ। ਇਸ ਤੋਂ ਪਹਿਲਾਂ ਸਿਹਤ ਮੰਤਰੀ ਦਾ ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਮੋਹਾਲੀ ਦੇ ਡਾਇਰੈਕਟਰ- ਪ੍ਰਿੰਸੀਪਲ ਅਤੇ ਮੈਡੀਕਲ ਸੁਪਰਡੈਂਟ ਡਾ. ਨਵਦੀਪ ਸਿੰਘ ਸੈਣੀ, ਬੋਰਡ ਆਫ਼ ਮੈਨੇਜਮੈਂਟ ਦੇ ਚੇਅਰਮੈਨ ਡਾ. ਭਗਵੰਤ ਸਿੰਘ, ਫੈਕਲਟੀ ਮੈਂਬਰਾਂ, ਰੈਜ਼ੀਡੈਂਟ ਡਾਕਟਰਾਂ ਅਤੇ ਆਯੋਜਕ ਕਮੇਟੀ ਦੇ ਵਾਲੀਆ ਅਤੇ ਡਾ. ਨਿਤਿਨ ਨਾਗਪਾਲ ਸਮੇਤ ਕਈ ਹੋਰ ਨਾਮਵਰ ਮਾਹਿਰ ਵੀ ਮੌਜੂਦ ਸਨ।

ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
00917087776975
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.