ਸਿਵਲ ਸਰਜਨ ਵੱਲੋਂ ਐਸ.ਡੀ.ਐਚ. ਹਸਪਤਾਲ ਫਗਵਾੜਾ ਦਾ ਨਿਰੀਖਣ

ਸਿਵਲ ਸਰਜਨ ਵੱਲੋਂ ਐਸ.ਡੀ.ਐਚ. ਹਸਪਤਾਲ ਫਗਵਾੜਾ ਦਾ ਨਿਰੀਖਣ

ਹਸਪਤਾਲ ਦੇ ਵੱਖ-ਵੱਖ ਵਾਰਡਾਂ ਅਤੇ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ

ਫਗਵਾੜਾ, 11 ਅਗਸਤ:ਗੌਰਵ ਮੜੀਆ
ਸਰਕਾਰੀ ਸਿਹਤ ਸੰਸਥਾਵਾਂ ਵਿੱਚ ਲੋਕਾਂ ਨੂੰ ਮਿਆਰੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਿਵਲ ਸਰਜਨ ਕਪੂਰਥਲਾ ਡਾ. ਰਾਜੀਵ ਪਰਾਸ਼ਰ ਵੱਲੋਂ ਐਸ.ਡੀ.ਐਚ. ਹਸਪਤਾਲ ਫਗਵਾੜਾ ਦਾ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਹਸਪਤਾਲ ਦੇ ਵੱਖ-ਵੱਖ ਵਿਭਾਗਾਂ, ਵਾਰਡਾਂ ਅਤੇ ਮਰੀਜ਼ਾਂ ਲਈ ਉਪਲਬਧ ਸਹੂਲਤਾਂ ਦਾ ਜਾਇਜ਼ਾ ਲਿਆ।
ਨਿਰੀਖਣ ਦੌਰਾਨ ਗਾਇਨੀ ਵਾਰਡ, ਜਨਰਲ ਵਾਰਡ, ਐਮਰਜੈਂਸੀ, ਬਲੱਡ ਬੈਂਕ, ਮੋਰਚਰੀ, ਡੇਂਗੂ ਵਾਰਡ, ਟੀ.ਬੀ. ਵਿਭਾਗ, ਹੋਮਿਓਪੈਥੀ ਵਿਭਾਗ, ਮਾਈਨਰ ਓ.ਟੀ. ਅਤੇ ਪ੍ਰਾਈਵੇਟ ਵਾਰਡ ਦਾ ਦੌਰਾ ਕੀਤਾ ਗਿਆ। ਉਨ੍ਹਾਂ ਵੱਲੋਂ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ, ਦਵਾਈਆਂ ਦੀ ਉਪਲਬਧਤਾ, ਸਟਾਫ਼ ਦੀ ਹਾਜ਼ਰੀ ਅਤੇ ਸਫ਼ਾਈ ਪ੍ਰਬੰਧਾਂ ਦੀ ਵੀ ਜਾਂਚ ਕੀਤੀ ਗਈ

ਮਰੀਜ਼ਾਂ ਨਾਲ ਕੀਤੀ ਸਿੱਧੀ ਗੱਲਬਾਤ

ਡਾ. ਰਾਜੀਵ ਪਰਾਸ਼ਰ ਨੇ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਇਲਾਜ ਦੌਰਾਨ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਮਰੀਜ਼ਾਂ ਦੀਆਂ ਮੁਸ਼ਕਲਾਂ ਅਤੇ ਸੁਝਾਅ ਵੀ ਸੁਣੇ। ਉਨ੍ਹਾਂ ਕਿਹਾ ਕਿ ਹਰ ਮਰੀਜ਼ ਨੂੰ ਬਿਹਤਰ ਇਲਾਜ ਦੇ ਨਾਲ ਸਨਮਾਨਜਨਕ ਅਤੇ ਹਮਦਰਦੀ ਭਰਿਆ ਵਿਵਹਾਰ ਮਿਲਣਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।

ਸਫ਼ਾਈ ਅਤੇ ਮਰੀਜ਼ਾਂ ਦੀ ਸਹੂਲਤ ’ਤੇ ਜ਼ੋਰ

ਸਿਵਲ ਸਰਜਨ ਨੇ ਸਬੰਧਤ ਅਧਿਕਾਰੀਆਂ ਅਤੇ ਸਟਾਫ਼ ਨੂੰ ਹਸਪਤਾਲ ਦੇ ਵਾਰਡਾਂ, ਵਿਭਾਗਾਂ, ਪਖਾਨਿਆਂ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਸਫ਼ਾਈ ਦੇ ਮਿਆਰ ਨੂੰ ਬਰਕਰਾਰ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਜਾਂਚ, ਇਲਾਜ, ਲੋੜੀਂਦੇ ਟੈਸਟ ਅਤੇ ਦਵਾਈਆਂ ਸਮੇਂ ਸਿਰ ਮੁਹੱਈਆ ਕਰਵਾਈਆਂ ਜਾਣ ਅਤੇ ਕਿਸੇ ਵੀ ਮਰੀਜ਼ ਨੂੰ ਬੇਲੋੜੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।


ਡਾ. ਪਰਾਸ਼ਰ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ ਦੇਣਾ ਸਿਹਤ ਵਿਭਾਗ ਦੀ ਮੁੱਖ ਤਰਜੀਹ ਹੈ। ਉਨ੍ਹਾਂ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ਼ ਨੂੰ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣ ਲਈ ਕਿਹਾ।
ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਫਗਵਾੜਾ ਡਾ. ਸਿਮਰਦੀਪ ਕੌਰ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਐਸ.ਆਈ. ਕਮਲਜੀਤ ਸਿੰਘ ਤੋਂ ਇਲਾਵਾ ਹਸਪਤਾਲ ਦੇ ਡਾਕਟਰ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.