ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸੰਬੰਧੀ, ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ, ਸ੍ਰੀ ਅੰਮ੍ਰਿਤਸਰ ਦੇ ਮੁੱਖ ਕਥਾਵਾਚਕ, ਕਥਾਵਾਚਕ ਤੇ ਸਮੂਹ ਗ੍ਰੰਥੀ ਸਿੰਘਾਂ ਵੱਲੋਂ ਵਿਸ਼ੇਸ਼ ਇਕੱਤਰਤਾ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸੰਬੰਧੀ,  ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ, ਸ੍ਰੀ ਅੰਮ੍ਰਿਤਸਰ ਦੇ ਮੁੱਖ ਕਥਾਵਾਚਕ, ਕਥਾਵਾਚਕ ਤੇ ਸਮੂਹ ਗ੍ਰੰਥੀ ਸਿੰਘਾਂ ਵੱਲੋਂ ਵਿਸ਼ੇਸ਼ ਇਕੱਤਰਤਾ

ਅੰਮ੍ਰਿਤਸਰ, ਨਜ਼ਰਾਨਾ ਟਾਈਮਜ ਬਿਊਰੋ 
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026 ਦੇ ਸੰਬੰਧ ਵਿੱਚ ਸਿੱਖ ਕੌਮ ਵੱਲੋਂ ਕੀਤੇ ਜਾ ਰਹੇ ਇਤਰਾਜ਼ ਨੂੰ ਲੈ ਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਨਾਲ ਸੰਬੰਧਿਤ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ ਦੇ ਮੁੱਖ ਕਥਾਵਾਚਕ, ਕਥਾਵਾਚਕ ਤੇ ਸਮੂਹ ਗ੍ਰੰਥੀ ਸਿੰਘਾਂ ਨੇ ਵਿਸ਼ੇਸ਼ ਇਕੱਤਰਤਾ ਕਰਕੇ ਇਸ ਐਕਟ ਉੱਤੇ ਗੰਭੀਰ ਵਿਚਾਰ ਵਟਾਂਦਰਾ ਕੀਤਾ। ਇਸ ਇਕੱਤਰਤਾ ਵਿੱਚ ਇਹ ਵਿਚਾਰਿਆ ਗਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਹਰ ਦੋਸ਼ੀ ਤੇ ਪਾਪੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦਾ ਕਾਨੂੰਨ ਬਿਨਾ ਸ਼ੱਕ ਕੌਮ ਦੇ ਹੱਕ ਵਿੱਚ ਬਣਨਾ ਚਾਹੀਦਾ ਹੈ ਪ੍ਰੰਤੂ ਇਸ ਦੇ ਨਾਲ ਹੀ ਸਿੱਖ ਕੌਮ ਦੀਆਂ ਮਹਾਨ ਸੰਸਥਾਵਾਂ, ਗ੍ਰੰਥੀ ਸਿੰਘਾਂ, ਗੁਰਦੁਆਰਾ ਕਮੇਟੀਆਂ ਤੇ ਸੰਗਤ ਨੂੰ ਮਰਯਾਦਾ ਸੰਬੰਧੀ ਮਾਮਲਿਆਂ ਦੌਰਾਨ ਕਾਨੂੰਨੀ ਦਾਇਰੇ ਵਿੱਚ ਲਿਆਉਣਾ ਇਤਰਾਜ਼ਯੋਗ ਹੈ। ਇਸ ਲਈ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਨੂੰ ਸੰਜੀਦਾ ਮਸਲੇ ’ਤੇ ਵਿਚਾਰ ਅਤੇ ਮੰਥਨ ਕਰਨ ਦਾ ਸੁਝਾਅ ਦਿੰਦਿਆਂ ਕਿਹਾ ਗਿਆ ਕਿ ਸਿੱਖ ਭਾਵਨਾ ਅਨੁਸਾਰ ਕਾਨੂੰਨ ਵਿੱਚ ਸੋਧਾਂ ਕਰਨੀਆਂ ਕੌਮ ਦੇ ਭਲੇ ਵਿੱਚ ਹੈ, ਜਿਸ ’ਤੇ ਸਰਕਾਰ ਨੂੰ ਅੜੀ ਨਹੀਂ ਕਰਨੀ ਚਾਹੀਦੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾਦਾਰ ਧਿਰ ਗ੍ਰੰਥੀ ਸਿੰਘ ਕੌਮ ਦੀ ਰੀੜ੍ਹ ਦੀ ਹੱਡੀ ਵਾਂਗ ਹਨ ਜਿਨ੍ਹਾਂ ਨੂੰ ਕਿਸੇ ਵੀ ਕਾਨੂੰਨ ਨਾਲ ਭੈਭੀਤ ਨਹੀਂ ਕਰਨਾ ਚਾਹੀਦਾ। ਸਗੋਂ ਅਜਿਹਾ ਕਾਨੂੰਨ ਹੋਣਾ ਚਾਹੀਦਾ ਹੈ ਜਿਸ ਨੂੰ ਪ੍ਰਚਾਰਨ ਅਤੇ ਪਾਲਣਾ ਲਈ ਗ੍ਰੰਥੀ ਸਿੰਘ ਸਾਹਿਬਾਨ ਇਸ ਦੀ ਪ੍ਰੋੜ੍ਹਤਾ ਕਰਨ। ਇਸ ਲਈ ਮੁੱਖ ਮੰਤਰੀ ਤੁਰੰਤ ਇਸ ਕਾਨੂੰਨ ਵਿੱਚੋਂ ਗ੍ਰੰਥੀ ਸਿੰਘ ਸ਼੍ਰੇਣੀ, ਸਿੱਖ ਸੰਸਥਾਵਾਂ, ਗੁਰਦੁਆਰਾ ਕਮੇਟੀਆਂ ਤੇ ਸਿੱਖ ਸੰਗਤ ਵਿਰੁੱਧ ਜਾਂਦੀਆਂ ਮੱਦਾਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਆਦੇਸ਼ ਮੁਤਾਬਿਕ ਖ਼ਤਮ/ਸੋਧ ਕਰਨ ਦੀ ਪਹਿਲ ਕਦਮੀ ਕਰੇ। ਇਸ ਵਿਸ਼ੇਸ਼ ਇਕੱਤਰਤਾ ਵਿੱਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ, ਸ੍ਰੀ ਅੰਮ੍ਰਿਤਸਰ ਦੇ ਮੁੱਖ ਕਥਾਵਾਚਕ ਗਿਆਨੀ ਹਰਮਿੱਤਰ ਸਿੰਘ, ਕਥਾਵਾਚਕ ਗਿਆਨੀ ਵਿਸ਼ਾਲ ਸਿੰਘ, ਗ੍ਰੰਥੀ ਸਿੰਘ ਭਾਈ ਬਲਜੀਤ ਸਿੰਘ, ਭਾਈ ਬਲਵੰਤ ਸਿੰਘ, ਭਾਈ ਗੁਰਲਾਲ ਸਿੰਘ, ਭਾਈ ਗੁਰਮੀਤ ਸਿੰਘ ਮੌਜੂਦ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.