ਡਿਪਟੀ ਕਮਿਸ਼ਨਰ ਵੱਲੋਂ ਸੁਲਤਾਨਪੁਰ ਲੋਧੀ ਸਮਾਰਟ ਸਿਟੀ ਪ੍ਰਾਜੈਕਟਾਂ ਦੀ ਸਮੀਖਿਆ

ਡਿਪਟੀ ਕਮਿਸ਼ਨਰ ਵੱਲੋਂ ਸੁਲਤਾਨਪੁਰ ਲੋਧੀ ਸਮਾਰਟ ਸਿਟੀ ਪ੍ਰਾਜੈਕਟਾਂ ਦੀ ਸਮੀਖਿਆ

ਅਧਿਕਾਰੀਆਂ ਨੂੰ ਕੰਮ ਦੀ ਗੁਣਵੱਤਾ ਯਕੀਨੀ ਬਣਾਉਂਦੇ ਹੋਏ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼

ਕਪੂਰਥਲਾ, 08 ਜੂਨ , ਗੌਰਵ ਮੜੀਆ -ਸੁਲਤਾਨਪੁਰ ਲੋਧੀ ਸਮਾਰਟ ਸਿਟੀ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਸ਼ਹਿਰ ਦੇ ਤਿੰਨ ਪ੍ਰਮੁੱਖ ਪ੍ਰਾਜੈਕਟਾਂ ਸੀਸੀਟੀਵੀ ਕੈਮਰਾ ਨੈੱਟਵਰਕ, ਖੇਡ ਸਟੇਡੀਅਮ ਅਤੇ ਲਾਇਬ੍ਰੇਰੀ ਦੀ ਮੌਜੂਦਾ ਸਥਿਤੀ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ।
ਵੀਡੀਓ ਕਾਨਫਰੰਸ ਰਾਹੀਂ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸੁਲਤਾਨਪੁਰ ਲੋਧੀ ਸਮਾਰਟ ਸਿਟੀ ਦੇ ਕੰਮਾਂ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ। ਉਨ੍ਹਾਂ ਸੀਸੀਟੀਵੀ ਕੈਮਰਾ ਪ੍ਰਾਜੈਕਟ ਨੂੰ ਸ਼ਹਿਰ ਦੇ ਸਾਰੇ ਅਹਿਮ ਸਥਾਨਾਂ, ਬਜ਼ਾਰਾਂ ਅਤੇ ਚੌਂਕਾਂ ਵਿੱਚ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਅਮਨ-ਕਾਨੂੰਨ ਦੀ ਵਿਵਸਥਾ ਨੂੰ ਮਜ਼ਬੂਤ ਕਰਕੇ ਨਾਗਰਿਕਾਂ ਨੂੰ ਸੁਰੱਖਿਅਤ ਮਾਹੌਲ ਦਿੱਤਾ ਜਾ ਸਕੇ।
ਖੇਡ ਸਟੇਡੀਅਮ ਪ੍ਰਾਜੈਕਟ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਇਸ ਨੂੰ ਨੌਜਵਾਨਾਂ ਅਤੇ ਖੇਡ ਪ੍ਰੇਮੀਆਂ ਲਈ ਇੱਕ ਵੱਡੀ ਸਹੂਲਤ ਦੱਸਿਆ। ਉਨ੍ਹਾਂ ਅਧਿਕਾਰੀਆਂ ਨੂੰ ਨਿਰਮਾਣ ਕਾਰਜ ਉੱਚ ਗੁਣਵੱਤਾ ਦੇ ਮਿਆਰਾਂ ਅਨੁਸਾਰ ਸਮੇਂ ਸਿਰ ਪੂਰਾ ਕਰਨ ਲਈ ਕਿਹਾ, ਤਾਂ ਜੋ ਸਥਾਨਕ ਖਿਡਾਰੀ ਰਾਜ ਅਤੇ ਰਾਸ਼ਟਰੀ ਪੱਧਰ 'ਤੇ ਆਪਣੀ ਪ੍ਰਤਿਭਾ ਦਿਖਾ ਸਕਣ।
ਡਿਪਟੀ ਕਮਿਸ਼ਨਰ ਨੇ ਲਾਇਬ੍ਰੇਰੀ ਪ੍ਰਾਜੈਕਟ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਲਤਾਨਪੁਰ ਲੋਧੀ ਵਿਖੇ ਆਨਲਾਈਨ ਅਤੇ ਆਫਲਾਈਨ ਸਹੂਲਤਾਂ ਨਾਲ ਲੈਸ ਇੱਕ ਆਧੁਨਿਕ ਡਿਜੀਟਲ ਲਾਇਬ੍ਰੇਰੀ ਸਥਾਪਿਤ ਕੀਤੀ ਜਾਵੇਗੀ, ਜੋ ਵਿਦਿਆਰਥੀਆਂ ਅਤੇ ਖੋਜਕਰਤਾਵਾਂ ਲਈ ਗਿਆਨ ਦਾ ਕੇਂਦਰ ਬਣੇਗੀ।
ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਮਾਰਟ ਸਿਟੀ ਪ੍ਰਾਜੈਕਟਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਇਨ੍ਹਾਂ ਪ੍ਰਾਜੈਕਟਾਂ ਨੂੰ ਜਲਦੀ ਤੋਂ ਜਲਦੀ ਨੇਪਰੇ ਚਾੜ੍ਹਨ।
ਹੈਲਪਲਾਈਨ ਨੰਬਰ: ਕਿਸੇ ਵੀ ਤਰ੍ਹਾਂ ਦੀ ਮਦਦ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 01822-233777 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.