ਸੁਖਬੀਰ ਸਿੰਘ ਬਾਦਲ ਦਾ ਹਲਕਾ ਖਡੂਰ ਸਾਹਿਬ ਦੌਰਾ 18 ਨੂੰ
- ਰਾਜਨੀਤੀ
- 16 Jul, 2026 10:18 AM (Asia/Kolkata)
ਵੱਖ-ਵੱਖ ਪਿੰਡਾਂ ਵਿੱਚ ਆਗੂਆਂ ਤੇ ਵਰਕਰਾਂ ਨਾਲ ਮੁਲਾਕਾਤ ਕਰਕੇ ਚੋਣ ਰਣਨੀਤੀ 'ਤੇ ਕਰਨਗੇ ਚਰਚਾ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ
ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 18 ਜੁਲਾਈ ਸ਼ਨੀਵਾਰ ਨੂੰ ਹਲਕਾ ਖਡੂਰ ਸਾਹਿਬ ਦੇ ਦੌਰੇ 'ਤੇ ਪਹੁੰਚਣਗੇ।ਇਸ ਦੌਰਾਨ ਉਹ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪਾਰਟੀ ਦੇ ਸੀਨੀਅਰ ਆਗੂਆਂ,ਅਹੁਦੇਦਾਰਾਂ ਅਤੇ ਵਰਕਰਾਂ ਨਾਲ ਮੁਲਕਾਤ ਵੀ ਕਰਨਗੇ।ਇਸ ਤੋਂ ਇਲਾਵਾ ਹਲਕੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ,ਸੰਗਠਨਾਤਮਕ ਢਾਂਚੇ ਅਤੇ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਸਬੰਧੀ ਵੀ ਵਿਸਥਾਰ ਨਾਲ ਜਾਣਕਾਰੀ ਹਾਸਲ ਕਰਨਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਅਤੇ ਉਨ੍ਹਾਂ ਦੇ ਪਤੀ ਸੀਨੀਅਰ ਯੂਥ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਲਕੇ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਕੇ ਚੋਣ ਰਣਨੀਤੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਸੁਝਾਅ ਲੈਣਗੇ।ਇਸ ਮੌਕੇ ਪਾਰਟੀ ਨਾਲ ਨਾਰਾਜ਼ ਚੱਲ ਰਹੇ ਕੁਝ ਆਗੂਆਂ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਦੇ ਗਿਲੇ-ਸ਼ਿਕਵੇ ਦੂਰ ਕਰਕੇ ਪਾਰਟੀ ਨੂੰ ਹੋਰ ਮਜ਼ਬੂਤ ਅਤੇ ਇਕਜੁੱਟ ਕੀਤਾ ਜਾ ਸਕੇ।ਸੁਖਬੀਰ ਸਿੰਘ ਬਾਦਲ ਵਲੋਂ ਇਸ ਦੌਰੇ ਦੌਰਾਨ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਬੀਬਾ ਰਮਨਦੀਪ ਕੌਰ ਦੀ ਅਗਵਾਈ ਹੇਠ ਇਕਜੁੱਟ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਸੱਦਾ ਦਿੱਤਾ ਜਾਵੇਗਾ।
ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਤੇ ਬਿੱਲਾ ਸ਼ੇਰੋਂ ਨੇ ਦੱਸਿਆ ਕਿ ਪਿਛਲੇ ਮਹੀਨੇ ਵੀ ਸੁਖਬੀਰ ਸਿੰਘ ਬਾਦਲ ਦਾ ਹਲਕਾ ਖਡੂਰ ਸਾਹਿਬ ਦਾ ਦੌਰਾ ਨਿਰਧਾਰਤ ਸੀ,ਪਰ ਅਚਾਨਕ ਬਣੇ ਜ਼ਰੂਰੀ ਪ੍ਰੋਗਰਾਮਾਂ ਕਾਰਨ ਉਹ ਦੌਰਾ ਮੁਲਤਵੀ ਕਰਨਾ ਪਿਆ ਸੀ। ਹੁਣ 18 ਜੁਲਾਈ ਨੂੰ ਉਨ੍ਹਾਂ ਦੀ ਆਮਦ ਨੂੰ ਲੈ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਦਾ ਮਾਹੌਲ ਹੈ।
ਇਸ ਮੌਕੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਹਲਕਾ ਖਡੂਰ ਸਾਹਿਬ ਦਾ ਸਮੁੱਚਾ ਅਕਾਲੀ ਕਾਡਰ ਪਾਰਟੀ ਪ੍ਰਧਾਨ ਦੇ ਸਵਾਗਤ ਲਈ ਪੂਰੀ ਤਰ੍ਹਾਂ ਤਿਆਰ ਹੈ।ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸੁਖਬੀਰ ਸਿੰਘ ਬਾਦਲ ਦਾ ਇਹ ਦੌਰਾ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੰਗਠਨ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਦੇ ਨਾਲ-ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਅਤੇ ਉਤਸ਼ਾਹ ਭਰੇਗਾ।
Leave a Reply