ਪੰਜਾਬ ਸਰਕਾਰ ਦੇ ਕਥਿਤ ਭ੍ਰਿਸ਼ਟਾਚਾਰ ਦਾ ਘੜਾ ਹੁਣ ਭਰ ਚੁੱਕਾ ਹੈ-ਮੱਕੜ ਸਰਕਾਰ

ਪੰਜਾਬ ਸਰਕਾਰ ਦੇ ਕਥਿਤ ਭ੍ਰਿਸ਼ਟਾਚਾਰ ਦਾ ਘੜਾ ਹੁਣ ਭਰ ਚੁੱਕਾ ਹੈ-ਮੱਕੜ ਸਰਕਾਰ

ਆਪ ਸਰਕਾਰ ਨੂੰ ਜਾਂਚ ਤੇ ਸਵਾਲ ਖੜ੍ਹੇ ਕਰਨ ਦੀ ਬਜਾਏ ਆਪਣੀ ਪਾਰਦਰਸ਼ਤਾ ਸਾਬਤ ਕਰਨੀ ਚਾਹੀਦੀ ਹੈ-ਚੇਤਨ ਸੂਰੀ 

ਪੰਜਾਬ ਸਰਕਾਰ ਦੇ ਭ੍ਰਿਸ਼ਟਾਚਾਰ ਖ਼ਿਲਾਫ਼ ਭਾਜਪਾ ਦਾ ਪ੍ਰਦਰਸ਼ਨ,ਨਾਅਰੇਬਾਜ਼ੀ ਕਰਕੇ ਸਾੜਿਆ ਪੁਤਲਾ 

ਕਪੂਰਥਲਾ 9 ਅਕਤੂਬਰ ਗੌਰਵ ਮੜੀਆ 

ਬੀਤੇ ਦਿਨੀ ਭਾਰਤੀ ਜਨਤਾ ਪਾਰਟੀ ਵੱਲੋਂ ਅੰਮ੍ਰਿਤਸਰ ਰੋਡ ਵਿਖੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ ਲਾਉਂਦਿਆਂ ਭਾਜਪਾ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਦੀ ਅਗਵਾਈ ਹੇਠ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਰੋਸ਼ ਪ੍ਰਦਰਸ਼ਨ ਦੌਰਾਨ ਪਾਰਟੀ ਆਗੂਆਂ ਤੇ ਵਰਕਰਾਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪੁਤਲਾ ਫੂਕਿਆ ਗਿਆ।ਇਸ ਮੌਕੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਕਥਿਤ ਭ੍ਰਿਸ਼ਟਾਚਾਰ ਦਾ ਘੜਾ ਹੁਣ ਭਰ ਚੁੱਕਾ ਹੈ।ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਬਰਬਾਦੀ ਵੱਲ ਧੱਕ ਰਹੀ ਹੈ ਅਤੇ ਸਰਕਾਰ ਖ਼ਿਲਾਫ਼ ਲੋਕਾਂ ਵਿੱਚ ਰੋਸ ਵਧ ਰਿਹਾ ਹੈ।ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਜਨਤਾ ਸਰਕਾਰ ਤੋਂ ਇਸ ਦਾ ਜਵਾਬ ਲਵੇਗੀ।ਉਨ੍ਹਾਂਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਨਾਲ ਸਬੰਧਤ ਮਾਮਲਿਆਂ ਨੂੰ ਲੈ ਕੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪੰਜਾਬ ਪੁਲਿਸ ਨੂੰ ਕਈ ਵਾਰ ਪੱਤਰ ਲਿਖੇ ਗਏ,ਪਰ ਸੂਬਾ ਸਰਕਾਰ ਵੱਲੋਂ ਇਨ੍ਹਾਂ ਮਾਮਲਿਆਂ ਵਿੱਚ ਢੁੱਕਵੀਂ ਜਾਂਚ ਨਹੀਂ ਕੀਤੀ ਗਈ। ਇਸ ਤੋਂ ਬਾਅਦ ਮਾਮਲੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੱਕ ਪਹੁੰਚੇ।ਮੱਕੜ ਨੇ ਦਾਅਵਾ ਕੀਤਾ ਕਿ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਹੁਣ ਇਨ੍ਹਾਂ ਮਾਮਲਿਆਂ ਦੀ ਜਾਂਚ ਸੀਬੀਆਈ ਵੱਲੋਂ ਕੀਤੀ ਜਾ ਰਹੀ ਹੈ।ਜਿੱਥੇ ਜਾਂਚ ਦੌਰਾਨ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ,ਉੱਥੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਇਸ ਤੇ ਇਤਰਾਜ਼ ਕੀਤਾ ਜਾ ਰਿਹਾ ਹੈ।ਇਸ ਮੌਕੇ ਤੇ ਚੇਤਨ ਸੂਰੀ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਕੋਈ ਗਲਤ ਕੰਮ ਨਹੀਂ ਕੀਤਾ ਗਿਆ ਤਾਂ ਉਸ ਨੂੰ ਕਿਸੇ ਵੀ ਜਾਂਚ ਤੋਂ ਡਰਨ ਦੀ ਲੋੜ ਨਹੀਂ ਹੋਣੀ ਚਾਹੀਦੀ।ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜਾਂਚ ਤੇ ਸਵਾਲ ਖੜ੍ਹੇ ਕਰਨ ਦੀ ਬਜਾਏ ਆਪਣੀ ਪਾਰਦਰਸ਼ਤਾ ਸਾਬਤ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਪਣੇ ਆਪ ਨੂੰ ਇਮਾਨਦਾਰ ਅਤੇ ਭ੍ਰਿਸ਼ਟਾਚਾਰ ਵਿਰੋਧੀ ਸਰਕਾਰ ਵਜੋਂ ਪੇਸ਼ ਕੀਤਾ ਸੀ, ਪਰ ਹੁਣ ਸਰਕਾਰ ਦੇ ਕਾਰਜਕਾਲ ਦੌਰਾਨ ਕਥਿਤ ਭ੍ਰਿਸ਼ਟਾਚਾਰ ਅਤੇ ਸਰਕਾਰੀ ਪੈਸੇ ਦੀ ਕਥਿਤ ਦੁਰਵਰਤੋਂ ਨਾਲ ਜੁੜੇ ਮਾਮਲੇ ਸਾਹਮਣੇ ਆ ਰਹੇ ਹਨ।ਇਸ ਮੌਕੇ ਤੇ ਭਾਜਪਾ ਦੇ ਸੂਬਾਈ ਆਗੂਆਂ ਉਮੇਸ਼ ਸ਼ਾਰਦਾ ਤੇ ਮੰਨੂ ਧੀਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਅਤੇ ਕਥਿਤ ਭ੍ਰਿਸ਼ਟਾਚਾਰ ਦੇ ਮੁੱਦੇ ਨੂੰ ਲੈ ਕੇ ਪਾਰਟੀ ਵੱਲੋਂ ਆਪਣਾ ਵਿਰੋਧ ਜਾਰੀ ਰੱਖਿਆ ਜਾਵੇਗਾ।ਆਗੂਆਂ ਨੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਬੇਹੱਦ ਮਾੜਾ ਕਰਾਰ ਦਿੱਤਾ।ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮ ਤੇ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਵਿੱਚ ਸੀਬੀਆਈ ਦੀ ਰੇਡ ਹੋਣਾ ਬੇਹੱਦ ਚਿੰਤਾਜਨਕ ਹੈ ਅਤੇ ਇਹ ਸੂਬੇ ਲਈ ਬਦਨਾਮੀ ਦਾ ਕਾਰਨ ਹੈ।ਭਾਜਪਾ ਆਗੂਆਂ ਨੇ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲਿਆਂ ਦਾ ਜ਼ਿਕਰ ਕਰਦੇ ਹੋਏ ਦੋਸ਼ ਲਗਾਇਆ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ)ਵੱਲੋਂ ਪੰਜਾਬ ਪੁਲੀਸ ਨੂੰ ਕਈ ਵਾਰ ਪੱਤਰ ਲਿਖੇ ਜਾਣ ਦੇ ਬਾਵਜੂਦ ਸੂਬਾ ਸਰਕਾਰ ਉਚਿਤ ਜਾਂਚ ਕਰਨ ਵਿੱਚ ਅਸਫਲ ਰਹੀ,ਜਿਸ ਕਾਰਨ ਮਾਮਲਾ ਹਾਈ ਕੋਰਟ ਤੱਕ ਪਹੁੰਚ ਗਿਆ।ਜ਼ਿਕਰਯੋਗ ਹੈ ਕਿ ਸੀ ਬੀ ਆਈ ਨੇ ਮੁੱਖ ਮੰਤਰੀ ਦੇ ਓ ਐੱਸ ਡੀ ਰਾਜਬੀਰ ਘੁੰਮਣ,ਨਿਤਿਨ ਗੋਹਲ, ਜਿਤਿਨ ਗੋਹਲ ਉਰਫ਼ ਰਾਜਾ,ਰੋਮੀ ਰਾਜਾ ਮਹਾਜਨ, ਬੀਰ ਦਵਿੰਦਰ ਅਤੇ ਆਰ ਐਸ ਨਾਗਰਾ ਸਮੇਤ ਕਈ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ।

Gaurav Maria
Gaurav Maria
+91 98885 43457
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.