ਗੁਰਦੁਆਰਾ ਭਾਈ ਬਹਿਲੋ ਜੀ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਖਿਲਾਫ਼ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਸੰਗਤਾਂ- ਸ. ਕਾਹਲਵਾਂ

ਗੁਰਦੁਆਰਾ ਭਾਈ ਬਹਿਲੋ ਜੀ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਖਿਲਾਫ਼ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਸੰਗਤਾਂ- ਸ. ਕਾਹਲਵਾਂ

ਅੰਮ੍ਰਿਤਸਰ, 8 ਅਕਤੂਬਰ- ਕੰਵਰ ਪ੍ਰਤਾਪ ਸਿੰਘ 
ਗੁਰਦੁਆਰਾ ਭਾਈ ਬਹਿਲੋ ਜੀ, ਫਫੜੇ ਭਾਈ ਕੇ ਦਾ ਸ਼੍ਰੋਮਣੀ ਕਮੇਟੀ ਵੱਲੋਂ ਜਬਰੀ ਪ੍ਰਬੰਧ ਲੈਣ ਬਾਰੇ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਰੱਦ ਕਰਦਿਆਂ ਸੰਗਤਾਂ ਨੂੰ ਅਜਿਹੇ ਤੱਥਾਂ ਤੋਂ ਰਹਿਤ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਗੁਰਦੁਆਰਾ ਭਾਈ ਬਹਿਲੋ ਜੀ ਦਾ ਪ੍ਰਬੰਧ ਸੈਕਸ਼ਨ 87 ਹੇਠ ਆਉਂਦਾ ਹੈ। ਉਨ੍ਹਾਂ ਕਿਹਾ ਕਿ ਚੁਣੀ ਹੋਈ ਲੋਕਲ ਕਮੇਟੀ ਦੇ ਪ੍ਰਧਾਨ ਦੇ ਅਕਾਲ ਚਲਾਣਾ ਕਰ ਜਾਣ ’ਤੇ ਪ੍ਰਬੰਧ ਨੂੰ ਮੁੱਖ ਰੱਖਦਿਆਂ ਸਿੱਖ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਵੱਲੋਂ ਇਸ ਦਾ ਪ੍ਰਬੰਧ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਨਾਲ ਅਟੈਚ ਕਰਨ ਦੇ ਆਦੇਸ਼ ਹੋਏ ਹਨ। ਮਾਨਯੋਗ ਅਦਾਲਤ ਨੇ ਇਨ੍ਹਾਂ ਆਦੇਸ਼ਾਂ ਦੀ ਪਾਲਣਾ ਕਰਦਿਆਂ ਪ੍ਰਬੰਧ ਸਬੰਧੀ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਬਿਜੈ ਸਿੰਘ ਦੀ ਡਿਊਟੀ ਲਗਾਈ ਗਈ ਸੀ, ਜਿਨ੍ਹਾਂ ਨੇ ਸੰਗਤਾਂ ਦੀ ਹਾਜ਼ਰੀ ਵਿਚ ਬਣਦੀ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਸਥਾਨਕ ਕੁਝ ਲੋਕਾਂ ਵੱਲੋਂ ਜਾਣਬੁਝ ਕੇ ਸ਼੍ਰੋਮਣੀ ਕਮੇਟੀ ਖਿਲਾਫ਼ ਝੂਠਾ ਪ੍ਰਚਾਰ ਕਰਕੇ ਸੰਗਤਾਂ ਨੂੰ ਗੁੰਮਰਾਹ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।
ਸ. ਕਾਹਲਵਾਂ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਨੂੰ ਮਨਮਰਜ਼ੀ ਜਾਂ ਕਿਸੇ ਧਿਰ ਨੂੰ ਨਿਸ਼ਾਨਾ ਬਣਾਉਣ ਦੀ ਭਾਵਨਾ ਨਾਲ ਆਪਣੇ ਹੱਥ ਵਿਚ ਲੈਣ ਦੀ ਕਾਰਵਾਈ ਨਹੀਂ ਕੀਤੀ ਜਾ ਰਹੀ, ਸਗੋਂ ਸਿੱਖ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਦੇ ਆਦੇਸ਼ਾਂ ਅਤੇ ਗੁਰਦੁਆਰਾ ਪ੍ਰਬੰਧ ਨਾਲ ਸਬੰਧਤ ਕਾਨੂੰਨੀ ਪ੍ਰਕਿਰਿਆ ਦੇ ਅਨੁਸਾਰ ਹੀ ਕਾਰਵਾਈ ਕੀਤੀ ਜਾ ਰਹੀ ਹੈ। 
ਉਨ੍ਹਾਂ ਕਿਹਾ ਕਿ ਇਸ ਸਬੰਧੀ ਪਿੰਡ ਦੀ ਸੰਗਤ, ਪੰਚਾਇਤ ਅਤੇ ਪੁਲਿਸ ਪ੍ਰਸ਼ਾਸਨ ਨਾਲ ਗੱਲਬਾਤ ਰਾਹੀਂ ਇਹ ਮਾਮਲਾ ਬੜੇ ਸੁਹਿਰਦ ਢੰਗ ਨਾਲ ਹੱਲ ਹੋ ਚੁੱਕਾ ਹੈ ਅਤੇ ਗੁਰਦੁਆਰਾ ਸਾਹਿਬ ਦੀਆਂ ਗੋਲਕਾਂ ਦੀ ਗਿਣਤੀ ਵੀ ਪਿੰਡ ਦੇ ਮੋਹਤਬਰ ਮੈਂਬਰਾਂ ਦੀ ਹਾਜ਼ਰੀ ਵਿਚ ਅਗਲੇ ਦਿਨਾਂ ਵਿਚ ਕਰ ਲਈ ਜਾਵੇਗੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਇਕਪਾਸੜ ਜਾਂ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.