ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮਾਨਸਾ ਵਿਚ ਪੁਲਿਸ ਵੱਲੋਂ ਕੀਤੀ ਧੱਕੇਸ਼ਾਹੀ ਦੀ ਕੀਤੀ ਨਿਖੇਧੀ
- ਧਾਰਮਿਕ/ਰਾਜਨੀਤੀ
- (Asia/Kolkata)
ਸਿੱਖਾਂ ਦੀਆਂ ਦਸਤਾਰਾਂ ਦੀ ਬੇਅਬਦੀ ਕਰਨ ਵਾਲੇ ਅਧਿਕਾਰੀਆਂ ਤੇ ਹੋਵੇ ਸਖਤ ਕਾਰਵਾਈ -ਐਡਵੋਕੇਟ ਧਾਮੀ
ਕਿਹਾ; ਸਰਕਾਰ ਨਸ਼ਿਆਂ ਦੇ ਮੁੱਦੇ ’ਤੇ ਲੋਕਾਂ ਦੀ ਆਵਾਜ਼ ਦਬਾਉਣ ਦੀ ਬਜਾਏ ਨਸ਼ਿਆਂ ਦੇ ਖਾਤਮੇ ਵੱਲ ਧਿਆਨ ਦੇਵੇ
ਅੰਮ੍ਰਿਤਸਰ, 28 ਅਕਤੂਬਰ-ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਾਨਸਾ ਵਿਖੇ ਨਸਿਆਂ ਖ਼ਿਲਾਫ਼ ਰੋਸ਼ ਪ੍ਰਦਰਸਨ ਕਰ ਰਹੇ ਲੋਕਾਂ 'ਤੇ ਪੁਲਿਸ ਵੱਲੋਂ ਕੀਤੇ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਪਿੰਡ ਭੰਮੇ ਕਲਾਂ ਦੇ ਇੱਕ ਵਿਅਕਤੀ ਦੀ ਮੌਤ ਤੋਂ ਬਾਅਦ ਉਸ ਦੀ ਮ੍ਰਿਤਕ ਦੇਹ ਨੂੰ ਪੁਲਿਸ ਵੱਲੋਂ ਪਰਿਵਾਰ ਅਤੇ ਪਿੰਡ ਵਾਸੀਆਂ ਤੋਂ ਜਬਰੀ ਲਿਜਾਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਮਾਨਸਾ ਧਰਨੇ ਵਿੱਚ ਪੁਲਿਸ ਵੱਲੋਂ ਧੱਕਾ ਕਰਦਿਆਂ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਅਤੇ ਇਸ ਸਮੇਂ ਸਿੱਖਾਂ ਦੀਆਂ ਦਸਤਾਰਾਂ ਦੀ ਬੇਅਬਦੀ ਕਰਨ ਦਾ ਵੀ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਦਸਤਾਰ ਸਿੱਖ ਲਈ ਗੁਰੂ ਬਖਸਿਆ ਮਾਨ ਹੈ, ਜਿਸ ਦੀ ਬੇਅਬਦੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਦਸਤਾਰ ਦੀ ਬੇਅਬਦੀ ਕਰਨ ਵਾਲੇ ਅਧਿਕਾਰੀਆਂ ਤੇ ਸਖਤ ਕਾਰਵਾਈ ਕੀਤੀ ਜਾਵੇ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦੀ ਇਹ ਮਾਨਸਿਕਤਾ ਉਸ ਦੀ ਪੰਜਾਬ ਅਤੇ ਸਿੱਖ ਵਿਰੋਧੀ ਸੋਚ ਦਾ ਪ੍ਰਗਟਾਅ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਜਾ ਰਹੀਆਂ ਜਾਨਾਂ ਪੰਜਾਬ ਲਈ ਬੇਹੱਦ ਚਿੰਤਾਜਨਕ ਹਨ ਅਤੇ ਅਜਿਹੇ ਦੁਖਦਾਈ ਸਮੇਂ ਵਿੱਚ ਪੀੜਤ ਪਰਿਵਾਰ ਨਾਲ ਹਮਦਰਦੀ ਅਤੇ ਸੰਵੇਦਨਸ਼ੀਲਤਾ ਨਾਲ ਪੇਸ਼ ਆਉਣ ਦੀ ਬਜਾਏ ਸਰਕਾਰ ਤਾਨਾਸ਼ਾਹੀ ਕਰ ਰਹੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਪੁਲਿਸ ਵੱਲੋਂ ਕੀਤੀ ਗਈ ਇਸ ਹਰਕਤ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤਾਂ ਜੋਂ ਇਹ ਸਾਹਮਣੇ ਆ ਸਕੇ ਕਿ ਇਹ ਕਾਰਵਾਈ ਕਿਸ ਦੇ ਹੁਕਮਾਂ ’ਤੇ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਜੇਕਰ ਕੋਈ ਪਰਿਵਾਰ ਆਪਣੇ ਜੀਅ ਨੂੰ ਨਸ਼ਿਆਂ ਕਾਰਨ ਗੁਆ ਬੈਠਦਾ ਹੈ ਤਾਂ ਉਸ ਦੇ ਦੁੱਖ ਨੂੰ ਸਮਝਣ ਅਤੇ ਨਸ਼ਿਆਂ ਦੇ ਗੰਭੀਰ ਮੁੱਦੇ ਨੂੰ ਹੱਲ ਕਰਨ ਦੀ ਬਜਾਏ ਸਰਕਾਰ ਵੱਲੋਂ ਅਜਿਹੇ ਮਾਮਲਿਆਂ ਨੂੰ ਧੱਕੇ ਨਾਲ ਦਬਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਸੰਘਰਸ਼ ਕਰ ਰਹੇ ਲੋਕਾਂ ਦੀ ਗੱਲ ਸੁਣਨਾ ਅਤੇ ਪੰਜਾਬ ਦੀ ਜਵਾਨੀ ਨੂੰ ਇਸ ਲਾਹਨਤ ਤੋਂ ਬਚਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ ਪਰ ਸਰਕਾਰ ਲੋਕਾਂ ਦੀ ਅਵਾਜ਼ ਨੂੰ ਦਬਾਉਣ ਲਈ ਪੁਲਿਸ ਤੰਤਰ ਦੀ ਦੁਰਵਰਤੋਂ ਕਰ ਰਹੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦਾ ਇਹ ਤਾਨਾਸ਼ਾਹੀ ਰਵੱਈਆ ਠੀਕ ਨਹੀਂ ਹੈ ਅਤੇ ਪੰਜਾਬ ਦੇ ਲੋਕ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ।
Leave a Reply