ਖ਼ਾਲਿਸਤਾਨੀ/ਪੰਥਕ ਜਥੇਬੰਦੀਆਂ ਵੱਲੋਂ ਬੀਬੀ ਭਾਗ ਕੌਰ ਦੀ ਵਾਰਸ ਐਵਾਰਡ ਨਾਲ ਬੀਬੀ ਕੁਲਵਿੰਦਰ ਕੌਰ ਖ਼ਾਲਸਾ ਦਾ ਵਿਸ਼ੇਸ਼ ਸਨਮਾਨ
- ਧਾਰਮਿਕ/ਰਾਜਨੀਤੀ
- (Asia/Kolkata)
ਅੰਮ੍ਰਿਤਸਰ, 15 ਅਪ੍ਰੈਲ , ਨਜ਼ਰਾਨਾ ਟਾਈਮਜ ਬਿਊਰੋ
ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਖ਼ਾਲਿਸਤਾਨ ਲਿਬਰੇਸ਼ਨ ਆਰਗੇਨਾਈਜੇਸ਼ਨ ਦੇ ਮੁਖੀ ਅਤੇ ਖ਼ਾਲਿਸਤਾਨ ਆਰਮਡ ਫੋਰਸ ਦੇ ਲੈਫਟੀਨੈਂਟ ਜਨਰਲ ਸ਼ਹੀਦ ਭਾਈ ਪਰਮਜੀਤ ਸਿੰਘ ਪੰਮਾ ਉਰਫ਼ ਬਾਬਾ ਨੰਦ ਦੀ ਯਾਦ 'ਚ ਪਿੰਡ ਤੁਗਲਵਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਖ਼ਾਲਿਸਤਾਨੀ/ਪੰਥਕ ਜਥੇਬੰਦੀਆਂ ਵੱਲੋਂ ਸ਼ਹੀਦ ਭਾਈ ਪਰਮਜੀਤ ਸਿੰਘ ਤੁਗਲਵਾਲਾ ਦੀ ਸੁਪਤਨੀ ਜੁਝਾਰੂ ਬੀਬੀ ਕੁਲਵਿੰਦਰ ਕੌਰ ਖ਼ਾਲਸਾ ਨੂੰ ਬੀਬੀ ਭਾਗ ਕੌਰ ਦੀ ਵਾਰਸ ਐਵਾਰਡ ਭੇਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਜ਼ਿੰਦਾਬਾਦ, ਸ਼ਹੀਦ ਭਾਈ ਅਮਰੀਕ ਸਿੰਘ ਜ਼ਿੰਦਾਬਾਦ, ਰਾਜ ਕਰੇਗਾ ਖ਼ਾਲਸਾ, ਪੰਥ ਕੀ ਜੀਤ, ਖ਼ਾਲਿਸਤਾਨ ਜ਼ਿੰਦਾਬਾਦ, ਸ਼ਹੀਦ ਭਾਈ ਪਰਮਜੀਤ ਸਿੰਘ ਪੰਮਾ ਜ਼ਿੰਦਾਬਾਦ, ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ, ਸ਼ਹੀਦਾਂ ਦੀ ਸੋਚ 'ਤੇ ਪਹਿਰਾ ਦਿਵਾਂਗੇ ਠੋਕ ਕੇ ਆਦਿਕ ਨਾਅਰੇ ਵੀ ਲੱਗੇ। ਬੀਬੀ ਕੁਲਵਿੰਦਰ ਕੌਰ ਖ਼ਾਲਸਾ ਨੂੰ ਇਹ ਸਨਮਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਵੱਲੋਂ ਕਾਰਜਕਾਰੀ ਪ੍ਰਧਾਨ ਭਾਈ ਇਮਾਨ ਸਿੰਘ ਮਾਨ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਅਤੇ ਪੰਥਕ ਲੇਖਕ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਦਲ ਖ਼ਾਲਸਾ ਦੇ ਪ੍ਰਧਾਨ ਭਾਈ ਪਰਮਜੀਤ ਸਿੰਘ ਮੰਡ, ਭਾਈ ਦਲਜੀਤ ਸਿੰਘ ਬਿੱਟੂ ਵੱਲੋਂ ਪੰਥ ਸੇਵਕ ਜਥਾ ਮਾਝਾ ਦੇ ਆਗੂ ਭਾਈ ਸੁਖਦੀਪ ਸਿੰਘ ਮੀਕੇ, ਆਵਾਜ਼ ਏ ਕੌਮ ਜਥੇਬੰਦੀ ਦੇ ਆਗੂ ਭਾਈ ਨੋਬਲਜੀਤ ਸਿੰਘ ਬੁੱਲੋਵਾਲ, ਖ਼ਾਲਸਾ ਰਾਜ ਬੇਗਮਪੁਰਾ ਪਾਰਟੀ ਦੇ ਪ੍ਰਧਾਨ ਭਾਈ ਗੁਰਿੰਦਰ ਸਿੰਘ ਬਾਜਵਾ, ਮਾਨ ਦਲ ਦੇ ਜ਼ਿਲ੍ਹਾ ਪ੍ਰਧਾਨ ਭਾਈ ਗੁਰਬਚਨ ਸਿੰਘ ਪਵਾਰ, ਜਨਰਲ ਸਕੱਤਰ ਭਾਈ ਹਰਪਾਲ ਸਿੰਘ ਬਲੇਰ, ਯੂਥ ਵਿੰਗ ਦੇ ਪ੍ਰਧਾਨ ਭਾਈ ਜਸਵਿੰਦਰ ਸਿੰਘ ਕਾਹਨੂੰਵਾਨ, ਭਾਈ ਲਵਪ੍ਰੀਤ ਸਿੰਘ ਤੂਫ਼ਾਨ, ਫੈਡਰੇਸ਼ਨ ਦੇ ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ ਛੇ ਜੂਨ, ਇੰਟਰਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਕੋਚ ਭਾਈ ਲਖਬੀਰ ਸਿੰਘ ਖ਼ਾਲਸਾ ਟਾਂਡਾ, ਪੰਥਕ ਪੱਤਰਕਾਰ ਭਾਈ ਭੁਪਿੰਦਰ ਸਿੰਘ ਸੱਜਣ ਅਤੇ ਸ਼ਹੀਦ ਹਰਜਿੰਦਰ ਸਿੰਘ ਜਿੰਦਾ ਦੇ ਭੈਣ ਜੀ ਬੀਬੀ ਬਲਵਿੰਦਰ ਕੌਰ ਵੱਲੋਂ ਸਤਿਕਾਰ ਸਹਿਤ ਭੇਟ ਕੀਤਾ ਗਿਆ। ਫੈਡਰੇਸ਼ਨ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਦੱਸਿਆ ਕਿ ਬੀਬੀ ਕੁਲਵਿੰਦਰ ਕੌਰ ਖ਼ਾਲਸਾ ਜੋ ਜੂਨ 1984 ਤੋਂ ਪਹਿਲਾਂ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ ਇਸਤਰੀ ਵਿੰਗ ਦੀ ਪ੍ਰਧਾਨ ਸ਼ਹੀਦ ਬੀਬੀ ਉਪਕਾਰ ਕੌਰ ਅਤੇ ਦਲ ਖ਼ਾਲਸਾ ਦੇ ਆਗੂ ਸ਼ਹੀਦ ਭਾਈ ਗੁਰਬਚਨ ਸਿੰਘ ਖ਼ਾਲਸਾ ਨਾਲ ਸਰਗਰਮ ਰਹੇ, ਘੱਲੂਘਾਰੇ ਤੋਂ ਬਾਅਦ ਬੀਬੀ ਕੁਲਵਿੰਦਰ ਕੌਰ ਨੂੰ ਸੀ ਆਰ ਪੀ ਨੇ ਗ੍ਰਿਫ਼ਤਾਰ ਕਰ ਲਿਆ ਫਿਰ ਉਹ ਜੇਲ੍ਹਾਂ ਵਿੱਚ ਰਹੇ ਅਤੇ ਰਿਹਾਈ ਤੋਂ ਬਾਅਦ ਉਹਨਾਂ ਨੇ ਖ਼ਾਲਿਸਤਾਨ ਦੇ ਹਥਿਆਰਬੰਦ ਸੰਘਰਸ਼ ਵਿੱਚ ਆਪਣੇ ਪਤੀ ਨਾਲ ਡਟ ਕੇ ਸੇਵਾ ਕੀਤੀ। ਭਾਈ ਪਰਮਜੀਤ ਸਿੰਘ ਪੰਮਾ ਦੀ ਸ਼ਹਾਦਤ ਤੋਂ ਬਾਅਦ ਵੀ ਬੀਬੀ ਕੁਲਵਿੰਦਰ ਕੌਰ ਸੰਘਰਸ਼ਸ਼ੀਲ ਰਹੇ। ਉਹ ਇਸ ਸਮੇਂ ਸਰਦਾਰ ਸਿਮਰਨਜੀਤ ਸਿੰਘ ਮਾਨ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਗੁਰਦਾਸਪੁਰ ਯੂਨਿਟ ਦੀ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਨ ਅਤੇ ਦਲ ਖਾਲਸਾ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਤੇ ਹੋਰ ਹਮਖਿਆਲੀ ਜਥੇਬੰਦੀਆਂ ਨਾਲ ਵੀ ਪੰਥਕ ਸਫ਼ਾਂ ਵਿੱਚ ਵਿਚਰਦੇ ਹਨ। ਭਾਈ ਰਣਜੀਤ ਸਿੰਘ ਨੇ ਕਿਹਾ ਕਿ ਅਜਿਹੀਆਂ ਜੁਝਾਰੂ ਸਿੰਘਣੀਆਂ ਦੇ ਸਿੱਖੀ ਸਿਦਕ, ਸਿਰੜ, ਸੇਵਾ, ਘਾਲਣਾ, ਕੁਰਬਾਨੀ ਅਤੇ ਸੰਘਰਸ਼ ਨੂੰ ਪ੍ਰਣਾਮ ਹੈ।
Leave a Reply