5,500 ਤੋਂ ਵੱਧ ਟਿਊਬਵੈੱਲ ਕੁਨੈਕਸ਼ਨ ਫਾਈਲਾਂ ਅਟਕੀਆਂ, ਪੰਜਾਬ ਸਰਕਾਰ ਕਿਸਾਨਾਂ ਨਾਲ ਕਰ ਰਹੀ ਬੇਇਨਸਾਫ਼ੀ: ਸਰਪੰਚ ਬਿੱਲਾ ਸ਼ੇਰੋਂ
- ਰਾਜਨੀਤੀ
- 03 Aug, 2026 07:59 AM (Asia/Kolkata)
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,3 ਅਗਸਤ
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਡੂਰ ਸਾਹਿਬ ਤੋਂ ਇੰਚਾਰਜ ਬੀਬਾ ਰਮਨਦੀਪ ਕੌਰ ਦੇ ਪਤੀ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਪੰਜਾਬ ਸਰਕਾਰ 'ਤੇ ਕਿਸਾਨ ਵਿਰੋਧੀ ਨੀਤੀਆਂ ਅਪਣਾਉਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਸੂਬੇ ਵਿੱਚ 5,500 ਤੋਂ ਵੱਧ ਟਿਊਬਵੈੱਲ ਕੁਨੈਕਸ਼ਨਾਂ ਦੀਆਂ ਫਾਈਲਾਂ ਅਜੇ ਵੀ ਮਨਜ਼ੂਰੀ ਦੀ ਉਡੀਕ ਕਰ ਰਹੀਆਂ ਹਨ,ਜਿਸ ਕਾਰਨ ਹਜ਼ਾਰਾਂ ਕਿਸਾਨ ਪ੍ਰੇਸ਼ਾਨ ਹਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਲੱਖਾਂ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ ਦਿੱਤੇ ਗਏ ਸਨ,ਜਿਸ ਨਾਲ ਖੇਤੀਬਾੜੀ ਨੂੰ ਵੱਡਾ ਹੁਲਾਰਾ ਮਿਲਿਆ ਅਤੇ ਕਿਸਾਨਾਂ ਨੂੰ ਸਮੇਂ ਸਿਰ ਸਿੰਚਾਈ ਦੀ ਸਹੂਲਤ ਪ੍ਰਾਪਤ ਹੋਈ।ਪਰ ਕਾਂਗਰਸ ਸਰਕਾਰ ਵੱਲੋਂ ਇਸ ਪ੍ਰਕਿਰਿਆ 'ਤੇ ਰੋਕ ਲਗਾ ਦਿੱਤੀ ਗਈ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪੰਜ ਸਾਲ ਬੀਤ ਜਾਣ ਦੇ ਬਾਵਜੂਦ ਵੀ ਇਹ ਲੰਬਿਤ ਫਾਈਲਾਂ ਮਨਜ਼ੂਰ ਨਹੀਂ ਕੀਤੀਆਂ ਗਈਆਂ।
ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਦੱਸਦੀ ਹੈ,ਪਰ ਅਸਲ ਵਿੱਚ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਟਿਊਬਵੈੱਲ ਕੁਨੈਕਸ਼ਨਾਂ ਦੀ ਉਡੀਕ ਕਰ ਰਹੇ ਕਿਸਾਨਾਂ ਨੂੰ ਹਰ ਰੋਜ਼ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ,ਪਰ ਸਰਕਾਰ ਇਸ ਗੰਭੀਰ ਮਸਲੇ ਪ੍ਰਤੀ ਉਦਾਸੀਨ ਬਣੀ ਹੋਈ ਹੈ।
ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ 5,500 ਤੋਂ ਵੱਧ ਲੰਬਿਤ ਟਿਊਬਵੈੱਲ ਕੁਨੈਕਸ਼ਨਾਂ ਦੀਆਂ ਫਾਈਲਾਂ ਨੂੰ ਤੁਰੰਤ ਮਨਜ਼ੂਰੀ ਦਿੱਤੀ ਜਾਵੇ,ਤਾਂ ਜੋ ਕਿਸਾਨਾਂ ਨੂੰ ਰਾਹਤ ਮਿਲ ਸਕੇ ਅਤੇ ਖੇਤੀਬਾੜੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਹੋਵੇ।
Leave a Reply