ਨਸ਼ਾ ਖ਼ਤਮ ਕਰਨ ਦੇ ਦਾਅਵੇ ਕਰਨ ਵਾਲੀ ਸਰਕਾਰ ਦੱਸੇ, ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਲੋਕ ਹੀ ਸੁਰੱਖਿਅਤ ਕਿਉਂ ਨਹੀਂ? : ਮਨਜੀਤ ਸਿੰਘ ਖਾਲਸਾ
- ਰਾਜਨੀਤੀ
- (Asia/Kolkata)
ਪਰਵਿੰਦਰ ਸਿੰਘ ਝੋਟਾ ਦੇ ਕਤਲ ਨੇ ਪੰਜਾਬ ਸਰਕਾਰ ਦੇ ਨਸ਼ਾ ਵਿਰੋਧੀ ਦਾਅਵਿਆਂ ਦੀ ਖੋਲ੍ਹੀ ਪੋਲ, ਮੁੱਖ ਮੰਤਰੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣ : ਮਨਜੀਤ ਸਿੰਘ ਖਾਲਸਾ
ਅੱਪਰਾ, 13 ਅਕਤੂਬਰ (ਤੀਰਥ ਸਿੰਘ ਮੈਂਗੜ੍ਹਾ)ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਚਿੰਤਾਜਨਕ ਬਣਦੀ ਜਾ ਰਹੀ ਹੈ। ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਰਦਾਰ ਪਰਵਿੰਦਰ ਸਿੰਘ ਝੋਟਾ ਦੇ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਮਨਜੀਤ ਸਿੰਘ ਖਾਲਸਾ ਨੇ ਕਿਹਾ ਕਿ ਇਹ ਘਟਨਾ ਪੰਜਾਬ ਸਰਕਾਰ ਦੇ ਨਸ਼ਾ ਖ਼ਤਮ ਕਰਨ ਦੇ ਦਾਅਵਿਆਂ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ 'ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।
ਉਨ੍ਹਾਂ ਕਿਹਾ ਕਿ ਸਰਦਾਰ ਪਰਵਿੰਦਰ ਸਿੰਘ ਝੋਟਾ ਨਸ਼ਿਆਂ ਦੇ ਖ਼ਿਲਾਫ਼ ਡਟ ਕੇ ਆਵਾਜ਼ ਉਠਾਉਂਦੇ ਸਨ। ਉਹ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯਤਨਸ਼ੀਲ ਸਨ ਅਤੇ ਕਥਿਤ ਤੌਰ 'ਤੇ ਨਸ਼ੀਲੀਆਂ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਵਾਉਣ ਲਈ ਲਗਾਤਾਰ ਆਵਾਜ਼ ਬੁਲੰਦ ਕਰਦੇ ਰਹੇ। ਅਜਿਹੇ ਵਿਅਕਤੀ ਦਾ ਕਤਲ ਹੋ ਜਾਣਾ ਹਰ ਪੰਜਾਬੀ ਦੇ ਮਨ ਵਿੱਚ ਅਨੇਕਾਂ ਸਵਾਲ ਪੈਦਾ ਕਰਦਾ ਹੈ।
ਮਨਜੀਤ ਸਿੰਘ ਖਾਲਸਾ ਨੇ ਸਵਾਲ ਕੀਤਾ ਕਿ ਜਦੋਂ ਪੰਜਾਬ ਵਿੱਚ ਨਸ਼ਾ ਖ਼ਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਤਾਂ ਫਿਰ ਨਸ਼ਿਆਂ ਵਿਰੁੱਧ ਲੜਨ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਸਰਕਾਰ ਕਿਉਂ ਨਾਕਾਮ ਹੋ ਰਹੀ ਹੈ?
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਿਆਂ ਦੇ ਖ਼ਾਤਮੇ ਦੇ ਵਾਅਦੇ ਕਰਕੇ ਸੱਤਾ ਵਿੱਚ ਆਈ ਸੀ, ਪਰ ਅੱਜ ਪੰਜਾਬ ਦੇ ਲੋਕ ਜਵਾਬ ਮੰਗ ਰਹੇ ਹਨ ਕਿ ਨਸ਼ਿਆਂ ਦਾ ਕਾਰੋਬਾਰ ਕਦੋਂ ਬੰਦ ਹੋਵੇਗਾ ਅਤੇ ਪੰਜਾਬ ਦੀ ਜਵਾਨੀ ਨੂੰ ਇਸ ਦਲਦਲ ਵਿੱਚੋਂ ਕਦੋਂ ਬਾਹਰ ਕੱਢਿਆ ਜਾਵੇਗਾ। ਸਰਕਾਰ ਦੇ ਇਸ਼ਤਿਹਾਰਾਂ ਅਤੇ ਪ੍ਰਚਾਰ ਨਾਲ ਪੰਜਾਬ ਦੀਆਂ ਸਮੱਸਿਆਵਾਂ ਹੱਲ ਨਹੀਂ ਹੋਣੀਆਂ; ਇਸ ਲਈ ਜ਼ਮੀਨੀ ਪੱਧਰ 'ਤੇ ਸਖ਼ਤ ਅਤੇ ਇਮਾਨਦਾਰ ਕਾਰਵਾਈ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਅਤੇ ਨੌਜਵਾਨਾਂ ਦੀਆਂ ਮੌਤਾਂ ਦੇ ਮਾਮਲੇ ਬੇਹੱਦ ਗੰਭੀਰ ਹਨ। ਸਰਕਾਰ ਨੂੰ ਚਾਹੀਦਾ ਹੈ ਕਿ ਨਸ਼ਾ ਤਸਕਰੀ ਅਤੇ ਨਸ਼ੀਲੀਆਂ ਦਵਾਈਆਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਬਿਨਾਂ ਕਿਸੇ ਸਿਆਸੀ ਦਬਾਅ ਦੇ ਕਾਰਵਾਈ ਕੀਤੀ ਜਾਵੇ ਅਤੇ ਪੁਲਿਸ ਪ੍ਰਸ਼ਾਸਨ ਦੀ ਜਵਾਬਦੇਹੀ ਤੈਅ ਕੀਤੀ ਜਾਵੇ।
ਮਨਜੀਤ ਸਿੰਘ ਖਾਲਸਾ ਨੇ ਮੰਗ ਕੀਤੀ ਕਿ ਸਰਦਾਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿਵਾਈ ਜਾਵੇ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸਰਕਾਰ ਤੁਰੰਤ ਠੋਸ ਕਦਮ ਚੁੱਕੇ।
ਅੰਤ ਵਿੱਚ ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਵਿੱਚ ਅਸਫਲ ਰਹੀ ਹੈ, ਤਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਪੰਜਾਬ ਦੇ ਲੋਕਾਂ ਨੂੰ ਇਸ਼ਤਿਹਾਰਬਾਜ਼ੀ ਨਹੀਂ, ਸੁਰੱਖਿਆ, ਇਨਸਾਫ਼ ਅਤੇ ਨਸ਼ਾ-ਮੁਕਤ ਪੰਜਾਬ ਚਾਹੀਦਾ ਹੈ।
Leave a Reply