ਹੱਦਬੰਦੀ ਬਿੱਲ ਦਾ ਖਾਲੜਾ ਮਿਸ਼ਨ ਵੱਲੋਂ ਵਿਰੋਧ, ਗੁਰਬਾਣੀ ਦੇ ਸਿਧਾਂਤਾਂ ’ਤੇ ਆਧਾਰਿਤ ਸੰਵਿਧਾਨ ਦੀ ਮੰਗ
ਟਾਂਗਰਾ | ਸੁਰਜੀਤ ਸਿੰਘ ਖਾਲਸਾ
ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਅਤੇ ਮਨੁੱਖੀ ਅਧਿਕਾਰ ਇਨਸਾਫ਼ ਸੰਘਰਸ਼ ਕਮੇਟੀ ਨੇ ਸਾਂਝੇ ਬਿਆਨ ਵਿੱਚ ਹੱਦਬੰਦੀ ਬਿੱਲ ਅਤੇ ਮਹਿਲਾ ਰਾਖਵੇਂਕਰਨ ਦੇ ਨਾਂ ਹੇਠ ਪੇਸ਼ ਕੀਤੀਆਂ ਤਜਵੀਜ਼ਾਂ ਦਾ ਵਿਰੋਧ ਕੀਤਾ ਹੈ। ਜਥੇਬੰਦੀਆਂ ਨੇ ਦੋਸ਼ ਲਾਇਆ ਕਿ ਆਰਐੱਸਐੱਸ ਅਤੇ ਭਾਜਪਾ ਇਨ੍ਹਾਂ ਤਜਵੀਜ਼ਾਂ ਰਾਹੀਂ ਸੂਬਿਆਂ ਦੇ ਹਿੱਤਾਂ ਨੂੰ ਕਮਜ਼ੋਰ ਕਰਨ ਅਤੇ ਦੇਸ਼ ਵਿੱਚ ‘ਮੰਨੂਵਾਦੀ ਰਾਜ’ ਕਾਇਮ ਕਰਨ ਵੱਲ ਵਧ ਰਹੀਆਂ ਹਨ।
ਜਥੇਬੰਦੀਆਂ ਨੇ ‘ਇੱਕ ਧਰਮ, ਇੱਕ ਸੱਭਿਆਚਾਰ’ ਦੀ ਸੋਚ ਦੀ ਆਲੋਚਨਾ ਕਰਦਿਆਂ ਇਸ ਦੀ ਤੁਲਨਾ ਔਰੰਗਜ਼ੇਬ ਦੀਆਂ ਨੀਤੀਆਂ ਨਾਲ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਧਾਰਮਿਕ ਆਜ਼ਾਦੀ ਦੀ ਰਾਖੀ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਮਨੁੱਖੀ ਬਰਾਬਰੀ ਦੀ ਗੱਲ ਕਰਦਿਆਂ ਗੁਰਬਾਣੀ ਦੀਆਂ ਇਹ ਪੰਕਤੀਆਂ ਉਚਾਰੀਆਂ।
ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ ॥
ਏਕ ਨੂਰ ਤੇ ਸਭੁ ਜਗੁ ਉਪਜਿਆ ਕਉਨ ਭਲੇ ਕੋ ਮੰਦੇ ॥
ਮਹਿਲਾ ਰਾਖਵੇਂਕਰਨ ਬਾਰੇ ਜਥੇਬੰਦੀਆਂ ਨੇ ਦੋਸ਼ ਲਾਇਆ ਕਿ ਔਰਤਾਂ ਦੇ ਸਸ਼ਕਤੀਕਰਨ ਦੇ ਨਾਂ ਹੇਠ ਸਿਆਸੀ ਮਨੋਰਥ ਪੂਰੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਡਾ. ਭੀਮ ਰਾਓ ਅੰਬੇਦਕਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਬਹੁਗਿਣਤੀ ਵੱਲੋਂ ਛੋਟੇ ਭਾਈਚਾਰਿਆਂ ਦੇ ਹੱਕ ਦਬਾਏ ਜਾਣ ਦਾ ਖ਼ਤਰਾ ਉਨ੍ਹਾਂ ਦੀ ਚਿੰਤਾ ਦਾ ਵਿਸ਼ਾ ਸੀ। ਜਥੇਬੰਦੀਆਂ ਨੇ ਡਾ. ਅੰਬੇਦਕਰ ਵੱਲੋਂ ਬੁੱਧ ਧਰਮ ਅਪਣਾਉਣ ਦਾ ਵੀ ਜ਼ਿਕਰ ਕੀਤਾ।
ਸਾਂਝੇ ਬਿਆਨ ਵਿੱਚ ਸ੍ਰੀ ਦਰਬਾਰ ਸਾਹਿਬ ’ਤੇ 1984 ਦੀ ਫ਼ੌਜੀ ਕਾਰਵਾਈ, ਨਵੰਬਰ 1984 ਦੀ ਸਿੱਖ ਵਿਰੋਧੀ ਹਿੰਸਾ ਅਤੇ ਕਥਿਤ ਝੂਠੇ ਪੁਲਿਸ ਮੁਕਾਬਲਿਆਂ ਦਾ ਜ਼ਿਕਰ ਵੀ ਕੀਤਾ ਗਿਆ। ਜਥੇਬੰਦੀਆਂ ਨੇ ਪੰਜਾਬ ਵਿੱਚ ਨਸ਼ਿਆਂ ਅਤੇ ਸੂਬੇ ਦੇ ਪਾਣੀਆਂ, ਬਿਜਲੀ, ਇਲਾਕਿਆਂ ਤੇ ਰਾਜਧਾਨੀ ਨਾਲ ਜੁੜੇ ਮੁੱਦਿਆਂ ’ਤੇ ਵੀ ਸਵਾਲ ਚੁੱਕੇ।
ਜਥੇਬੰਦੀਆਂ ਨੇ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਤਜਵੀਜ਼ਾਂ ਦਾ ਵਿਰੋਧ ਕਰਨ ਅਤੇ ਮਨੁੱਖੀ ਬਰਾਬਰੀ ਤੇ ਸਰਬੱਤ ਦੇ ਭਲੇ ਦੇ ਗੁਰਬਾਣੀ ਸਿਧਾਂਤਾਂ ’ਤੇ ਆਧਾਰਿਤ ਸੰਵਿਧਾਨ ਦੀ ਪੈਰਵੀ ਕਰਨ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਸਾਹਿਬ ਦੇ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦੇ ਉਪਦੇਸ਼ਾਂ ’ਤੇ ਆਧਾਰਿਤ ਕਰਤਾਰਪੁਰ ਮਾਡਲ ਨੂੰ ਅਪਣਾਇਆ ਜਾਣਾ ਚਾਹੀਦਾ ਹੈ। ਬਿਆਨ ਵਿੱਚ ਇਸ ਮਾਡਲ ਦੇ ਸੰਦਰਭ ਵਿੱਚ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਪ੍ਰਗਟਾਏ ਵਿਚਾਰਾਂ ਦਾ ਵੀ ਹਵਾਲਾ ਦਿੱਤਾ ਗਿਆ।
ਸਾਂਝਾ ਬਿਆਨ ਐਡਵੋਕੇਟ ਜਗਦੀਪ ਸਿੰਘ ਰੰਧਾਵਾ, ਬਾਬਾ ਦਰਸ਼ਨ ਸਿੰਘ, ਸਤਵਿੰਦਰ ਸਿੰਘ ਪਲਾਸੌਰ, ਸੁਖਦੇਵ ਸਿੰਘ, ਬੌਬੀ ਕੁਮਾਰ ਅਤੇ ਬਾਬਾ ਨਿਰਮਲ ਸਿੰਘ ਸਰਹਾਲੀ ਵੱਲੋਂ ਜਾਰੀ ਕੀਤਾ ਗਿਆ।
Leave a Reply