ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਦੌਰੇ ਤੇ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਦੌਰੇ  ਤੇ

ਪਟਨਾ ਸਾਹਿਬ , ਨਜ਼ਰਾਨਾ ਟਾਈਮਜ ਬਿਊਰੋ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਦੌਰੇ ਉੱਤੇ ਆਏ ਹਨ।ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ ਵਿਖੇ ਪੁੱਜਣ 'ਤੇ ਤਖ਼ਤ ਸਾਹਿਬ ਦੀ ਪ੍ਰਬੰਧਕ ਕਮੇਟੀ ਸਮੇਤ ਪਟਨਾ ਸ਼ਹਿਰ ਦੀ ਸਮੂਹ ਸਿੱਖ ਸੰਗਤ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸੰਗਤ ਵੱਲੋਂ ਜੈਕਾਰਿਆਂ ਦੀ ਗੂੰਜ ਵਿੱਚ ਉਨ੍ਹਾਂ ਦਾ ਪਟਨਾ ਹਵਾਈ ਅੱਡੇ ਉੱਤੇ ਸਵਾਗਤ ਕੀਤਾ ਗਿਆ। ਇਸ ਉਪਰੰਤ ਕਾਫ਼ਲੇ ਦੇ ਰੂਪ ਵਿੱਚ ਸਿੰਘ ਸਾਹਿਬ ਨੂੰ ਸੰਗਤ ਵੱਲੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਲਿਜਾਇਆ ਗਿਆ ਜਿੱਥੇ ਉਹ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਸਥਾਨ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਤਖ਼ਤ ਸਾਹਿਬ ਦੀ ਗ੍ਰੰਥੀ ਗਿਆਨੀ ਗੁਰਦਿਆਲ ਸਿੰਘ ਵੱਲੋਂ ਸਿੰਘ ਸਾਹਿਬ ਨੂੰ ਸਿਰੋਪਾਓ ਦੇ ਕੇ ਸਨਮਾਨ ਦਿੱਤਾ ਗਿਆ। ਇਸ ਮੌਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਜਗਜੋਤ ਸਿੰਘ ਸੋਹੀ, ਸੀਨੀਅਰ ਮੀਤ ਪ੍ਰਧਾਨ ਸ. ਲਖਵਿੰਦਰ ਸਿੰਘ, ਜੂਨੀਅਰ ਮੀਤ ਪ੍ਰਧਾਨ ਪ੍ਰਧਾਨ ਸ. ਗੁਰਵਿੰਦਰ ਸਿੰਘ, ਗ੍ਰੰਥੀ ਸਿੰਘ ਸਾਹਿਬਾਨ ਗਿਆਨੀ ਦਲੀਪ ਸਿੰਘ, ਗਿਆਨੀ ਗੁਰਦਿਆਲ ਸਿੰਘ ਤੇ ਕਥਾਵਾਚਕ ਗਿਆਨੀ ਚਰਨਜੀਤ ਸਿੰਘ ਸਮੇਤ ਤਖ਼ਤ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਮੂਹ ਸਟਾਫ਼ ਤੇ ਸਥਾਨਕ ਸੰਗਤਾਂ ਹਾਜ਼ਰ ਸਨ।

ਇਸ ਦੌਰਾਨ ਜਥੇਦਾਰ ਗੜਗੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਦੇ ਨਾਲ-ਨਾਲ ਇੱਥੇ ਸਥਿਤ ਗੁਰਦੁਆਰਾ ਬਾਲ ਲੀਲਾ ਸਾਹਿਬ, ਗੁਰਦੁਆਰਾ ਕੰਗਨ ਘਾਟ ਸਾਹਿਬ, ਗੁਰਦੁਆਰਾ ਸਾਹਿਬ ਗੁਰੂ ਕਾ ਬਾਗ਼, ਗੁਰਦੁਆਰਾ ਸਾਹਿਬ ਗਊ ਘਾਟ, ਗੁਰਦੁਆਰਾ ਸਾਹਿਬ ਸੁਨਾਰ ਟੋਲੀ (ਭਾਈ ਮਰਦਾਨਾ ਜੀ), ਗੁਰਦੁਆਰਾ ਹਾਂਢੀ ਸਾਹਿਬ ਤੋ ਹੋਰ ਗੁਰਧਾਮਾਂ ਦੇ ਦਰਸ਼ਨ ਵੀ ਕਰਨਗੇ। ਅੱਜ 28 ਅਗਸਤ ਨੂੰ ਜਥੇਦਾਰ ਗੜਗੱਜ ਸੰਧਿਆ ਵੇਲੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸੰਗਤ ਨਾਲ ਕਥਾ ਤੇ ਗੁਰਮਤਿ ਵਿਚਾਰਾਂ ਵੀ ਕਰਨਗੇ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ 21 ਅਗਸਤ ਨੂੰ ਅਰੰਭ ਹੋਏ ਇਤਿਹਾਸਕ ਨਗਰ ਕੀਰਤਨ ਦਾ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਪੁੱਜਣ ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਅਹੁਦੇਦਾਰਾਂ ਤੇ ਤਖ਼ਤ ਸ੍ਰੀ ਪਟਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਜਗਜੋਤ ਸਿੰਘ ਸੋਹੀ ਤੇ ਸੰਗਤ ਨਾਲ ਸੁਆਗਤ ਕਰਨਗੇ। ਮਿਤੀ 28 ਅਗਸਤ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਰਾਤ ਵੇਲੇ ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਜਾਣਗੇ, ਜਿਸ ਵਿੱਚ ਜਥੇਦਾਰ ਗੜਗੱਜ ਸ਼ਮੂਲੀਅਤ ਕਰਨਗੇ। ਮਿਤੀ 29 ਅਗਸਤ ਨੂੰ ਸਮੂਹ ਪੰਥਕ ਸ਼ਖ਼ਸੀਅਤਾਂ ਤੇ ਪਟਨਾ ਸਾਹਿਬ ਦੀ ਸੰਗਤ ਵੱਲੋਂ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਸਾਕੇ ਨੂੰ ਸਮਰਪਿਤ ਨਗਰ ਕੀਰਤਨ ਦੀ ਅਗਲੇ ਪੜਾਅ ਲਈ ਰਵਾਨਗੀ ਕੀਤੀ ਜਾਵੇਗੀ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.