ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਉਤਸ਼ਾਹ ਪੁਰਵਕ ਮਨਾਇਆ...

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਉਤਸ਼ਾਹ ਪੁਰਵਕ ਮਨਾਇਆ...

ਸਾਹਿਬਜ਼ਾਦਾ ਅਜੀਤ ਸਿੰਘ ਨਗਰ 17 ਅਕਤੂਬਰ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਰਬ ਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਿੱਖ ਪੰਥ ਦੀ ਮਹਾਨ ਸਖਸ਼ੀਅਤ ਅਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ ਦਿਨ ਵਿਸ਼ੇਸ਼ ਗੁਮਰਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਗੁਰਮਤਿ ਸਮਾਗਮ ਵਿੱਚ ਬੀਬੀ ਰਾਜਵੰਤ ਕੌਰ ਸ੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਦੇ ਇੰਨਟਰਨੈਸ਼ਨਲ ਢਾਡੀ ਜੱਥੇ ਨੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਉਨ੍ਹਾਂ ਦੱਸਿਆ ਕਿ ਬਾਬਾ ਬੁੱਢਾ ਜੀ ਨੂੰ 5 ਗੁਰੂ ਸਾਹਿਬਾਨ ਜੀ ਨੂੰ ਗੁਰਿਆਈ ਦਾ ਤਿਲਕ ਲਗਾਉਣ ਦਾ ਮਾਣ ਹਾਸਲ ਹੈ। ਭਾਈ ਧਰਮ ਸਿੰਘ ਮਾਹੀ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ । ਭਾਈ ਗੁਰਪ੍ਰੀਤ ਸਿੰਘ ਜੀ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਪ੍ਰਵਚਣਾਂ ਰਾਹੀਂ ਦਸਿੱਆ ਕਿ ਬਾਬਾ ਬੂੱਢਾ ਜੀ ਨੇ ਮਾਤਾ ਗੰਗਾ ਜੀ ਨੂੰ ਪ੍ਰਤਾਪੀ ਪੁੱਤਰ ਹੋਣ ਦਾ ਵਰ ਦਿੱਤਾ ਅਤੇ ਲੰਗਰ ਛਕਦਿਆਂ ਹੋਇਆ ਗੰਢਾ ਭੰਨਦੇ ਹੋਏ ਬਚਨ ਕੀਤੇ ਕਿ ਜਿਵੇਂ ਇਹ ਗੰਢਾ ਭੰਨਿਆ ਹੈ, ਉਸੇ ਤਰ੍ਹਾਂ ਆਪ ਜੀ ਦਾ ਪੁੱਤਰ ਦੁਸ਼ਮਣਾਂ ਦੇ ਸਿਰ ਭੰਨੇਗਾ। ਆਪ ਜੀ ਦੇ ਬਚਨਾਂ ਅਨੁਸਾਰ ਮਾਤਾ ਗੰਗਾ ਜੀ ਦੀ ਕੁੱਖੋ ਛੇਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜਨਮ ਹੋਇਆ। ਇਸ ਤੋਂ ਇਲਾਵਾ ਭਾਈ ਰਵਿੰਦਰ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਹਰਮਨਜੀਤ ਸਿੰਘ, ਭਾਈ ਸਰੂਪ ਸਿੰਘ, ਭਾਈ ਮਹਿੰਦਰਪਾਲ ਸਿੰਘ, ਬੀਬੀ ਹਰਜਿੰਦਰ ਕੌਰ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੰਦੀਪ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ । ਇਸ ਮੌਕੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ । ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਿਆ ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.