ਜਸਜੀਤ ਸਿੰਘ, ਪੀ.ਸੀ.ਐਸ ਨੇ ਐਸ.ਡੀ.ਐਮ ਕਪੂਰਥਲਾ ਵਜੋਂ ਅਹੁਦਾ ਸੰਭਾਲਿਆ
- ਰਾਸ਼ਟਰੀ
- (Asia/Kolkata)
ਸਰਕਾਰੀ ਸਕੀਮਾਂ ਨੂੰ ਲਾਗੂ ਕਰਨਾ, ਅਮਨ-ਕਾਨੂੰਨ, ਵਿਭਾਗਾਂ ਵਿੱਚ ਤਾਲਮੇਲ ਅਤੇ ਲੋਕ ਭਲਾਈ ਹੋਣਗੀਆਂ ਮੁੱਖ ਤਰਜੀਹਾਂ
ਕਪੂਰਥਲਾ, 13 ਨਵੰਬਰ ਗੌਰਵ ਮੜੀਆ
ਪੰਜਾਬ ਸਿਵਲ ਸੇਵਾਵਾਂ (ਪੀ.ਸੀ.ਐਸ) ਦੇ ਅਧਿਕਾਰੀ ਸ੍ਰੀ ਜਸਜੀਤ ਸਿੰਘ ਨੇ 11 ਨਵੰਬਰ, 2026 ਨੂੰ ਉਪ ਮੰਡਲ ਮੈਜਿਸਟਰੇਟ (ਐਸ.ਡੀ.ਐਮ), ਕਪੂਰਥਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮੌਕੇ ਦਫ਼ਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।
ਇਸ ਤੋਂ ਪਹਿਲਾਂ ਸ੍ਰੀ ਜਸਜੀਤ ਸਿੰਘ ਐਸ.ਡੀ.ਐਮ ਸੁਲਤਾਨਪੁਰ ਲੋਧੀ ਅਤੇ ਵਿਧਾਨ ਸਭਾ ਹਲਕਾ 28-ਸੁਲਤਾਨਪੁਰ ਲੋਧੀ ਦੇ ਚੋਣ ਰਜਿਸਟ੍ਰੇਸ਼ਨ ਅਫ਼ਸਰ ਵਜੋਂ ਸੇਵਾਵਾਂ ਨਿਭਾ ਰਹੇ ਸਨ। ਉੱਥੇ ਉਨ੍ਹਾਂ ਨੇ ਪਰਾਲੀ ਸਾੜਨ ਦੀ ਰੋਕਥਾਮ ਲਈ 215 ਪਿੰਡਾਂ ਵਿੱਚ ਵਿਆਪਕ ਮੁਹਿੰਮ ਚਲਾਈ, ਜਿਸ ਤਹਿਤ ਹੈਪੀ ਸੀਡਰ ਪ੍ਰਦਰਸ਼ਨੀਆਂ ਤੋਂ ਇਲਾਵਾ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਬੱਚਿਆਂ ਲਈ ਮੁਫ਼ਤ ਕਰੀਅਰ ਕਾਊਂਸਲਿੰਗ ਦੀ ਨਿਵੇਕਲੀ ਪਹਿਲਕਦਮੀ ਕੀਤੀ ਗਈ। ਉਨ੍ਹਾਂ ਨੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਤੇ ਨਸ਼ਾ ਪ੍ਰਭਾਵਿਤ ਪਿੰਡਾਂ ਦੇ ਮੁੜ-ਵਸੇਬੇ ਦੇ ਕੰਮਾਂ ਵਿੱਚ ਅਹਿਮ ਭੂਮਿਕਾ ਨਿਭਾਈ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਕੰਮ ਸਮੇਂ ਸਿਰ ਮੁਕੰਮਲ ਕਰਵਾਇਆ ਅਤੇ ਨਵੇਂ ਤਹਿਸੀਲ ਕੰਪਲੈਕਸ ਸਮੇਤ ਲੋਕ ਹਿੱਤ ਦੇ ਕਈ ਵਿਕਾਸ ਕਾਰਜਾਂ ਨੂੰ ਅੱਗੇ ਵਧਾਇਆ।
ਅਹੁਦਾ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਸ੍ਰੀ ਜਸਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਪ੍ਰੋਗਰਾਮਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਹੇਠਲੇ ਪੱਧਰ ਤੱਕ ਲਾਗੂ ਕਰਨਾ, ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣਾ, ਸਬ-ਡਵੀਜ਼ਨ ਪੱਧਰ ’ਤੇ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਬਿਹਤਰ ਤਾਲਮੇਲ ਬਣਾਉਣਾ ਅਤੇ ਲੋਕ ਭਲਾਈ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਹੋਣਗੀਆਂ।
ਉਨ੍ਹਾਂ ਕਿਹਾ, “ਦਫ਼ਤਰ ਵਿੱਚ ਆਉਣ ਵਾਲੇ ਹਰ ਵਿਅਕਤੀ ਦਾ ਕੰਮ ਸਤਿਕਾਰ ਨਾਲ ਅਤੇ ਬਿਨਾਂ ਦੇਰੀ ਕੀਤਾ ਜਾਵੇਗਾ। ਲੋਕਾਂ ਨੂੰ ਨਾਗਰਿਕ ਸੇਵਾਵਾਂ ਸਮਾਂਬੱਧ ਢੰਗ ਨਾਲ ਮਿਲਣ, ਇਹ ਯਕੀਨੀ ਬਣਾਇਆ ਜਾਵੇਗਾ।” ਉਨ੍ਹਾਂ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੂਰੀ ਲਗਨ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਅਤੇ ਇਲਾਕਾ ਨਿਵਾਸੀਆਂ ਤੋਂ ਸਹਿਯੋਗ ਦੀ ਆਸ ਪ੍ਰਗਟਾਈ।
Leave a Reply