ਅਕਾਲੀ ਦਲ-ਭਾਜਪਾ ਗੱਠਜੋੜ ਅਸਲ ਵਿੱਚ ਪਰਿਵਾਰ ਅਤੇ ਕੁਰਸੀ ਬਚਾਉਣ ਦਾ ‘ਠੱਗਜੋੜ’ ਹੈ-ਭਗਵੰਤ ਮਾਨ, ਮੁੱਖ ਮੰਤਰੀ
ਹਰਵਿੰਦਰ ਕੌਰ ਖੁੱਡੀ ਕਲਾਂ
ਬਰਨਾਲਾ 24 ਨਵੰਬਰ
: ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੜ ਗੱਠਜੋੜ ਕਰਨ ਦੇ ਰਸਮੀ ਐਲਾਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਜ਼ੁਬਾਨੀ ਜੰਗ ਤੇਜ਼ ਹੋ ਗਈ ਹੈ।
ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਿਆਸੀ ਸਮਝੌਤੇ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਇਸ ਗੱਠਜੋੜ ਨੂੰ ਪੰਜਾਬ ਜਾਂ ਪੰਜਾਬੀਆਂ ਦੇ ਹਿੱਤਾਂ ਦਾ ਸਮਝੌਤਾ ਨਹੀਂ, ਸਗੋਂ ਇਨ੍ਹਾਂ ਦੋਵਾਂ ਰਵਾਇਤੀ ਪਾਰਟੀਆਂ ਵੱਲੋਂ ਆਪਣੇ ਪਰਿਵਾਰ ਅਤੇ ਸਿਆਸੀ ਕੁਰਸੀ ਨੂੰ ਬਚਾਉਣ ਲਈ ਬਣਾਇਆ ਗਿਆ ‘ਠੱਗਜੋੜ’ ਕਰਾਰ ਦਿੱਤਾ ਹੈ।ਉਹਨਾਂ ਕਿਹਾ ਕਿ ਦੋਵਾਂ ਪਾਰਟੀਆਂ ਦੀ ਮੌਕਾਪ੍ਰਸਤ ਸਿਆਸਤ ਦਾ ਪਰਦਾਫਾਸ਼ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਸਿਆਸੀ ਆਗੂ ਕੱਲ੍ਹ ਤੱਕ ਤਿੰਨ ਵਿਵਾਦਤ ਖੇਤੀ ਕਾਨੂੰਨਾਂ, ਪੰਜਾਬ ਦੇ ਦਰਿਆਈ ਪਾਣੀਆਂ ਦੇ ਹੱਕ, ਰਾਜਧਾਨੀ ਚੰਡੀਗੜ੍ਹ ਅਤੇ ਸਿੱਖ ਸੰਸਥਾਵਾਂ ਵਿੱਚ ਦਖ਼ਲਅੰਦਾਜ਼ੀ ਵਰਗੇ ਬੇਹੱਦ ਸੰਵੇਦਨਸ਼ੀਲ ਮੁੱਦਿਆਂ ’ਤੇ ਇੱਕ-ਦੂਜੇ ਨੂੰ ਸ਼ਰੇਆਮ ਕੋਸਦੇ ਅਤੇ ਜ਼ਿੰਮੇਵਾਰ ਠਹਿਰਾਉਂਦੇ ਸਨ, ਅੱਜ ਉਹੀ ਆਗੂ ਸਿਰਫ਼ ਸੱਤਾ ਦੇ ਲਾਲਚ ਵਿੱਚ ਫਿਰ ਤੋਂ ਇੱਕ-ਦੂਜੇ ਦੇ ਗਲੇ ਲੱਗ ਗਏ ਹਨ।
ਉਹਨਾਂ ਦੋਸ਼ ਲਾਇਆ ਕਿ ਪਿਛਲੇ ਦੋ ਦਹਾਕਿਆਂ (20 ਸਾਲਾਂ) ਦੌਰਾਨ ਆਪਸ ਵਿੱਚ ‘ਨੂਰਾ ਕੁਸ਼ਤੀ’ ਖੇਡ ਕੇ ਵਾਰੀ-ਵਾਰੀ ਪੰਜਾਬ ਦੇ ਖ਼ਜ਼ਾਨੇ ਨੂੰ ਲੁੱਟਣ ਵਾਲੇ ਸਾਰੇ ਰਵਾਇਤੀ ਆਗੂ ਹੁਣ ਆਪਣੀ ਡੁੱਬਦੀ ਸਿਆਸੀ ਬੇੜੀ ਅਤੇ ਹੋਂਦ ਨੂੰ ਬਚਾਉਣ ਲਈ ਮੁੜ ਇੱਕੋ ਸਟੇਜ ’ਤੇ ਇਕੱਠੇ ਹੋ ਗਏ ਹਨ।ਪਿਛਲੇ ਕਾਰਜਕਾਲਾਂ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕ 2007 ਤੋਂ 2017 ਤੱਕ ਅਕਾਲੀ-ਭਾਜਪਾ ਸਰਕਾਰ ਦੇ 10 ਸਾਲਾਂ ਦੇ ਰਾਜ ਦੌਰਾਨ ਸੂਬੇ ਵਿੱਚ ਫੈਲੇ ਨਸ਼ਿਆਂ ਦੇ ਜਾਲ, ਬੇਰੁਜ਼ਗਾਰੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਦੇ ਡੂੰਘੇ ਜ਼ਖ਼ਮਾਂ ਨੂੰ ਕਦੇ ਵੀ ਭੁੱਲ ਨਹੀਂ ਸਕਦੇ। ਉਹਨਾਂ ਕਿਹਾ ਕਿ ਪੰਜਾਬ ਦੀ ਜਨਤਾ ਇਨ੍ਹਾਂ ਰਵਾਇਤੀ ਪਾਰਟੀਆਂ ਦੇ ਦੋਹਰੇ ਕਿਰਦਾਰ ਤੋਂ ਭਲੀ-ਭਾਂਤ ਜਾਣੂ ਹੋ ਚੁੱਕੀ ਹੈ ਅਤੇ ਹੁਣ ਕਿਸੇ ਵੀ ਸਿਆਸੀ ਜੁਮਲੇ ਜਾਂ ਝਾਂਸੇ ਵਿੱਚ ਨਹੀਂ ਆਵੇਗੀ।
ਆਪਣੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਕੰਮਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਕਿਸੇ ਵੀ ਸਿਆਸੀ ਦਲ ਨਾਲ ਕੋਈ ਸਵਾਰਥੀ ਗੱਠਜੋੜ ਨਹੀਂ ਹੈ, ਸਗੋਂ ‘ਆਪ’ ਦਾ ਅਸਲ ਅਤੇ ਪੱਕਾ ਗੱਠਜੋੜ ਸਿਰਫ਼ ਪੰਜਾਬ ਦੇ ਸਵਾ ਤਿੰਨ ਕਰੋੜ ਲੋਕਾਂ ਨਾਲ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੇ ਹਰ ਪਰਿਵਾਰ ਨੂੰ ਮਿਲ ਰਹੀ ਮੁਫ਼ਤ ਬਿਜਲੀ, ਕਿਸਾਨਾਂ ਦੇ ਖੇਤਾਂ ਤੱਕ ਪਹੁੰਚਦਾ ਨਹਿਰੀ ਪਾਣੀ, ਆਮ ਲੋਕਾਂ ਨੂੰ ਮੁਫ਼ਤ ਇਲਾਜ ਦੇਣ ਵਾਲੇ ਮੁਹੱਲਾ ਕਲੀਨਿਕ, ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਬਣਾਏ ਜਾ ਰਹੇ ਸਕੂਲ ਆਫ਼ ਐਮੀਨੈਂਸ ਅਤੇ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਜਾ ਰਹੀਆਂ ਹਜ਼ਾਰਾਂ ਸਰਕਾਰੀ ਨੌਕਰੀਆਂ ਉਨ੍ਹਾਂ ਦੀ ਸਕਾਰਾਤਮਕ ਅਤੇ ਕੰਮ ਦੀ ਰਾਜਨੀਤੀ ਦੀ ਅਸਲ ਪਛਾਣ ਹਨ।
ਮਾਨ ਨੇ ਭਰੋਸਾ ਜਤਾਇਆ ਕਿ ਪੰਜਾਬ ਦੇ ਲੋਕ ਵਿਕਾਸ ਅਤੇ ਇਮਾਨਦਾਰ ਰਾਜਨੀਤੀ ਦਾ ਸਾਥ ਦੇਣਗੇ ਅਤੇ ਇਨ੍ਹਾਂ ਰਵਾਇਤੀ ਪਾਰਟੀਆਂ ਦੇ ‘ਠੱਗ ਜੋੜ’ ਨੂੰ ਮੁੜ ਕਦੇ ਮੂੰਹ ਨਹੀਂ ਲਾਉਣਗੇ।
Leave a Reply