UCC ਬਾਰੇ ਕੇਂਦਰ ਸਰਕਾਰ ਸਿੱਖ ਕੌਮ ਦੀਆਂ ਧਾਰਮਿਕ ਰਵਾਇਤਾਂ ਅਤੇ ਵੱਖਰੀ ਪਛਾਣ ਨੂੰ ਧਿਆਨ ਵਿੱਚ ਰੱਖ ਕੇ ਫ਼ੈਸਲਾ ਕਰੇ: ਰਵੀ ਇੰਦਰ ਸਿੰਘ

UCC ਬਾਰੇ ਕੇਂਦਰ ਸਰਕਾਰ ਸਿੱਖ ਕੌਮ ਦੀਆਂ ਧਾਰਮਿਕ ਰਵਾਇਤਾਂ ਅਤੇ ਵੱਖਰੀ ਪਛਾਣ ਨੂੰ ਧਿਆਨ ਵਿੱਚ ਰੱਖ ਕੇ ਫ਼ੈਸਲਾ ਕਰੇ: ਰਵੀ ਇੰਦਰ ਸਿੰਘ

ਸਿੱਖਾਂ ਦੇ ਅਨੰਦ ਕਾਰਜ, ਧਾਰਮਿਕ ਮਰਿਆਦਾ ਅਤੇ ਨਿੱਜੀ ਕਾਨੂੰਨੀ ਅਧਿਕਾਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ

ਚੰਡੀਗੜ੍ਹ 27 ਨਵੰਬਰ ( ਮੰਗਤ ਸਿੰਘ ਸੈਦਪੁਰ )ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਰਪ੍ਰਸਤ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸਰਦਾਰ ਰਵੀ ਇੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਸਮਾਨ ਨਾਗਰਿਕ ਸੰਹਿਤਾ (UCC) ਦੇ ਮੁੱਦੇ 'ਤੇ ਵਿਚਾਰ ਕਰਦਿਆਂ ਸਿੱਖ ਕੌਮ ਦੀਆਂ ਧਾਰਮਿਕ ਰਵਾਇਤਾਂ, ਵੱਖਰੀ ਪਛਾਣ ਅਤੇ ਸੰਵਿਧਾਨਕ ਅਧਿਕਾਰਾਂ ਨੂੰ ਵਿਸ਼ੇਸ਼ ਤੌਰ 'ਤੇ ਧਿਆਨ ਵਿੱਚ ਰੱਖਣ ਦੀ ਅਪੀਲ ਕੀਤੀ ਹੈ।

ਸਰਦਾਰ ਰਵੀ ਇੰਦਰ ਸਿੰਘ ਨੇ ਕਿਹਾ ਕਿ ਭਾਰਤ ਇੱਕ ਬਹੁ-ਧਰਮੀ ਅਤੇ ਬਹੁ-ਸੱਭਿਆਚਾਰਕ ਦੇਸ਼ ਹੈ, ਜਿੱਥੇ ਹਰ ਧਰਮ ਅਤੇ ਭਾਈਚਾਰੇ ਦੀ ਆਪਣੀ ਵਿਲੱਖਣ ਪਛਾਣ, ਰਵਾਇਤਾਂ ਅਤੇ ਜੀਵਨ-ਜਾਚ ਹੈ। ਸਿੱਖ ਕੌਮ ਦੀ ਆਪਣੀ ਵੱਖਰੀ ਧਾਰਮਿਕ ਮਰਿਆਦਾ, ਅਨੰਦ ਕਾਰਜ ਅਤੇ ਪਰਿਵਾਰਕ ਰਵਾਇਤਾਂ ਹਨ, ਜਿਨ੍ਹਾਂ ਨੂੰ ਕਿਸੇ ਵੀ ਨਵੇਂ ਕਾਨੂੰਨ ਦੀ ਰਚਨਾ ਸਮੇਂ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ।

ਉਨ੍ਹਾਂ ਕਿਹਾ ਕਿ ਸਿੱਖਾਂ ਦੇ ਅਨੰਦ ਕਾਰਜ ਨੂੰ Anand Marriage Act, 1909 ਅਧੀਨ ਕਾਨੂੰਨੀ ਮਾਨਤਾ ਪ੍ਰਾਪਤ ਹੈ। ਇਸ ਲਈ ਕੇਂਦਰ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ UCC ਦੇ ਕਿਸੇ ਵੀ ਪ੍ਰਸਤਾਵ ਜਾਂ ਕਾਨੂੰਨ ਨਾਲ ਸਿੱਖ ਵਿਆਹ ਦੀ ਵੱਖਰੀ ਪਛਾਣ, ਅਨੰਦ ਕਾਰਜ ਦੀ ਮਾਨਤਾ ਅਤੇ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਉੱਤੇ ਕੋਈ ਅਣਚਾਹਾ ਪ੍ਰਭਾਵ ਨਾ ਪਵੇ।

ਉਨ੍ਹਾਂ ਕਿਹਾ ਕਿ ਸਮਾਨ ਨਾਗਰਿਕ ਅਧਿਕਾਰਾਂ ਅਤੇ ਨਿਆਂ ਦੀ ਗੱਲ ਕਰਨਾ ਆਪਣੀ ਥਾਂ ਮਹੱਤਵਪੂਰਨ ਹੈ, ਪਰ ਇਸ ਦੇ ਨਾਂ 'ਤੇ ਦੇਸ਼ ਦੇ ਵੱਖ-ਵੱਖ ਧਾਰਮਿਕ ਭਾਈਚਾਰਿਆਂ ਦੀਆਂ ਵਿਲੱਖਣ ਰਵਾਇਤਾਂ ਅਤੇ ਸੰਵਿਧਾਨਕ ਸੁਰੱਖਿਆ ਨੂੰ ਕਮਜ਼ੋਰ ਨਹੀਂ ਕੀਤਾ ਜਾਣਾ ਚਾਹੀਦਾ। ਭਾਰਤ ਦੀ ਏਕਤਾ ਅਤੇ ਮਜ਼ਬੂਤੀ ਇਸ ਦੀ ਵਿਭਿੰਨਤਾ ਦਾ ਸਤਿਕਾਰ ਕਰਨ ਵਿੱਚ ਹੈ।

ਸਰਦਾਰ ਰਵੀ ਇੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ UCC ਬਾਰੇ ਕੋਈ ਵੀ ਫ਼ੈਸਲਾ ਲੈਣ ਤੋਂ ਪਹਿਲਾਂ ਸਿੱਖ ਸੰਸਥਾਵਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੱਖ ਵਿਦਵਾਨਾਂ ਅਤੇ ਧਾਰਮਿਕ ਆਗੂਆਂ ਨਾਲ ਗੰਭੀਰ ਵਿਚਾਰ-ਵਟਾਂਦਰਾ ਕੀਤਾ ਜਾਵੇ। ਸਿੱਖ ਕੌਮ ਦੀਆਂ ਚਿੰਤਾਵਾਂ ਨੂੰ ਸੁਣ ਕੇ ਕਾਨੂੰਨ ਵਿੱਚ ਸਪੱਸ਼ਟ ਸੁਰੱਖਿਆ ਪ੍ਰਬੰਧ ਕੀਤੇ ਜਾਣ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਮੰਨਣਾ ਹੈ ਕਿ ਕਿਸੇ ਵੀ ਕਾਨੂੰਨ ਦੀ ਰਚਨਾ ਸੰਵਿਧਾਨਕ ਅਧਿਕਾਰਾਂ, ਧਾਰਮਿਕ ਆਜ਼ਾਦੀ ਅਤੇ ਦੇਸ਼ ਦੀਆਂ ਵੱਖ-ਵੱਖ ਕੌਮਾਂ ਦੀ ਪਛਾਣ ਦਾ ਸਤਿਕਾਰ ਕਰਦਿਆਂ ਕੀਤੀ ਜਾਣੀ ਚਾਹੀਦੀ ਹੈ। ਸਿੱਖ ਕੌਮ ਦੀ ਵੱਖਰੀ ਧਾਰਮਿਕ ਪਛਾਣ ਅਤੇ ਅਨੰਦ ਕਾਰਜ ਦੀ ਕਾਨੂੰਨੀ ਮਾਨਤਾ ਦੀ ਸੁਰੱਖਿਆ ਸਬੰਧੀ ਕੇਂਦਰ ਸਰਕਾਰ ਨੂੰ ਆਪਣਾ ਰੁਖ਼ ਸਪੱਸ਼ਟ ਕਰਨਾ ਚਾਹੀਦਾ ਹੈ!ਇਹ ਬਿਆਨ ਮੀਡੀਆ ਇੰਚਾਰਜ ਤਜਿੰਦਰ ਸਿੰਘ ਪੰਨੂ ਵੱਲੋਂ ਜਾਰੀ ਕੀਤਾ ਗਿਆ

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.