ਪੰਜਾਬ ਸਰਕਾਰ ਹਰ ਫਰੰਟ ਤੇ ਫੇਲ੍ਹ,ਜਨਤਾ ਨਾਲ ਕੀਤੇ ਵਾਅਦੇ ਨਿਕਲੇ ਖੋਖਲੇ-ਸੰਜੀਵ ਖੰਨਾ

ਪੰਜਾਬ ਸਰਕਾਰ ਹਰ ਫਰੰਟ ਤੇ ਫੇਲ੍ਹ,ਜਨਤਾ ਨਾਲ ਕੀਤੇ ਵਾਅਦੇ ਨਿਕਲੇ ਖੋਖਲੇ-ਸੰਜੀਵ ਖੰਨਾ

ਕਪੂਰਥਲਾ 12 ਨਵੰਬਰ ਗੌਰਵ ਮੜੀਆ 

ਪੰਜਾਬ ਦੀ ਆਪ ਸਰਕਾਰ ਤੇ ਤਿੱਖਾ ਹਮਲਾ ਕਰਦਿਆਂ ਭਾਜਪਾ ਮੰਡਲ 2 ਦੇ ਜਨਰਲ ਸਕੱਤਰ ਸੰਜੀਵ ਖੰਨਾ ਨੇ ਕਿਹਾ ਕਿ ਬਦਲਾਅ ਦੇ ਨਾਮ ਤੇ ਸੱਤਾ ਵਿੱਚ ਆਈ ਸਰਕਾਰ ਆਪਣੇ ਕਾਰਜਕਾਲ ਦੌਰਾਨ ਹਰ ਫਰੰਟ ਤੇ ਅਸਫਲ ਰਹੀ ਹੈ।ਮੁੱਖ ਮੰਤਰੀ ਦੀ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ,ਪਰ ਅੱਜ ਉਹ ਵਾਅਦੇ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਰਹਿ ਗਏ ਹਨ।ਸੂਬੇ ਦਾ ਹਰ ਵਰਗ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ।ਸੰਜੀਵ ਖੰਨਾ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ।ਗੈਂਗਸਟਰਾਂ ਦੀਆਂ ਗਤੀਵਿਧੀਆਂ,ਦਿਨ-ਦਿਹਾੜੇ ਅਗਵਾ, ਜਬਰੀ ਵਸੂਲੀ ਅਤੇ ਕਤਲ ਦੀਆਂ ਘਟਨਾਵਾਂ ਨੇ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ।ਸਰਕਾਰ ਨਾਗਰਿਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਅਸਫਲ ਰਹੀ ਹੈ।ਨਸ਼ਿਆਂ ਵਿਰੁੱਧ ਮੁਹਿੰਮਾਂ ਦੇ ਦਾਅਵਿਆਂ ਦਾ ਵੀ ਜ਼ਮੀਨੀ ਪੱਧਰ ਤੇ ਕੋਈ ਪ੍ਰਭਾਵ ਨਹੀਂ ਦਿਖਾਈ ਦੇ ਰਿਹਾ ਹੈ।ਨੌਜਵਾਨ ਪੀੜ੍ਹੀ ਨਸ਼ਿਆਂ ਦੀ ਲਤ ਦਾ ਸ਼ਿਕਾਰ ਹੋ ਰਹੀ ਹੈ,ਜੋ ਕਿ ਪੰਜਾਬ ਦੇ ਭਵਿੱਖ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਕਰਜ਼ੇ ਦੇ ਬੋਝ ਹੇਠ ਦੱਬੀ ਹੋਈ ਹੈ,ਜਦੋਂ ਕਿ ਕਿਸਾਨਾਂ ਦੀਆਂ ਸਮੱਸਿਆਵਾਂ,ਬਿਜਲੀ ਸੰਕਟ ਅਤੇ ਬੇਰੁਜ਼ਗਾਰੀ ਵਰਗੇ ਗੰਭੀਰ ਮੁੱਦੇ ਅਣਸੁਲਝੇ ਪਏ ਹਨ।ਕਿਸਾਨਾਂ ਨੂੰ ਆਪਣੀਆਂ ਮੰਗਾਂ ਉਠਾਉਣ ਵਿੱਚ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਲੋਕਾਂ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ ਅਤੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਢੁਕਵੇਂ ਮੌਕੇ ਨਹੀਂ ਮਿਲ ਰਹੇ।ਸਰਕਾਰ ਕੋਲ ਇਨ੍ਹਾਂ ਸਮੱਸਿਆਵਾਂ ਦਾ ਕੋਈ ਠੋਸ ਹੱਲ ਨਹੀਂ ਜਾਪਦਾ।ਸੰਜੀਵ ਖੰਨਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਰਕਾਰ ਦੀ ਕਹਿਣੀ ਅਤੇ ਕਰਨੀ ਵਿੱਚ ਅੰਤਰ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ।ਆਉਣ ਵਾਲੇ ਸਮੇਂ ਵਿੱਚ ਲੋਕ ਸਰਕਾਰ ਨੂੰ ਉਸਦੇ ਵਾਅਦਿਆਂ ਅਤੇ ਕੰਮਾਂ ਦਾ ਜਵਾਬ ਜ਼ਰੂਰ ਦੇਣਗੇ। ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਪੰਜਾਬ,ਕਿਸਾਨਾਂ, ਕਾਰੋਬਾਰੀਆਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰੇਗੀ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.