ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਸੱਦੇ ’ਤੇ ਪੰਜਾਬ ਦੇ ਦਰਜਨਾਂ ਪਿੰਡਾਂ ਵਿੱਚ ਫਲੈਕਸਾਂ ਲਾਉਣ ਦਾ ਕੰਮ ਸ਼ੁਰੂ
- ਰਾਜਨੀਤੀ
- 25 Aug, 2026 07:56 AM (Asia/Kolkata)
31 ਅਗਸਤ ਨੂੰ ਸਾਰੇ ਪੰਜਾਬ ਵਿੱਚ ਡੀ.ਸੀ. ਦਫ਼ਤਰਾਂ ਅੱਗੇ ਇੱਕ-ਰੋਜ਼ਾ ਵਿਸ਼ਾਲ ਧਰਨੇ; 14 ਸਤੰਬਰ ਤੋਂ ਮੰਤਰੀਆਂ ਦੇ ਹਲਕਿਆਂ ਵਿੱਚ ਪੰਜ-ਰੋਜ਼ਾ ਮੋਰਚੇ — ਸਰਕਾਰ ਨੇ ਗੱਲਬਾਤ ਰਾਹੀਂ ਮਸਲੇ ਨਾ ਸੁਲਝਾਏ ਤਾਂ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ: ਸਰਵਣ ਸਿੰਘ ਭੰਦੇਰ
ਟਾਂਗਰਾ - ਸੁਰਜੀਤ ਸਿੰਘ ਖਾਲਸਾ
ਅੰਮ੍ਰਿਤਸਰ: ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਸੱਦੇ ’ਤੇ ਅੱਜ ਪੰਜਾਬ ਦੇ ਦਰਜਨਾਂ ਪਿੰਡਾਂ ਵਿੱਚ ਮੋਰਚੇ ਦੀਆਂ ਮੰਗਾਂ ਸਬੰਧੀ ਫਲੈਕਸੀਆਂ ਲਾਉਣ ਦਾ ਕੰਮ ਸ਼ੁਰੂ ਕੀਤਾ ਗਿਆ। ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਚੱਬਾ, ਭੰਦੇਰ ਕਲਾਂ, ਵੇਰਕਾ, ਕੱਥੂ ਨੰਗਲ ਅਤੇ ਭੋਏਵਾਲ ਸਮੇਤ ਵੱਖ-ਵੱਖ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਫਲੈਕਸੀਆਂ ਲਗਾਈਆਂ ਗਈਆਂ। ਪਿੰਡ ਚੱਬਾ ਵਿਖੇ ਵੱਡਾ ਇਕੱਠ ਕਰਕੇ ਫਲੈਕਸੀ ਜਾਰੀ ਕੀਤੀ ਗਈ ਅਤੇ ਪ੍ਰੈਸ ਕਾਨਫਰੰਸ ਕੀਤੀ ਗਈ।
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਸਰਵਣ ਸਿੰਘ ਭੰਦੇਰ ਨੇ ਕਿਹਾ ਕਿ ਕਿਸਾਨਾਂ, ਮਜ਼ਦੂਰਾਂ, ਮਾਤਾਵਾਂ ਅਤੇ ਭੈਣਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਵੱਲੋਂ ਅਗਲੇ ਪੜਾਅ ਦੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 31 ਅਗਸਤ 2026 ਨੂੰ ਪੂਰੇ ਪੰਜਾਬ ਦੇ ਡੀ.ਸੀ. ਦਫ਼ਤਰਾਂ ਅੱਗੇ ਕਿਸਾਨਾਂ-ਮਜ਼ਦੂਰਾਂ ਦੇ ਵਿਸ਼ਾਲ ਇੱਕ-ਰੋਜ਼ਾ ਧਰਨੇ ਦਿੱਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ 14 ਸਤੰਬਰ 2026 ਤੋਂ ਪੰਜਾਬ ਦੇ ਵੱਖ-ਵੱਖ ਮੰਤਰੀਆਂ ਦੇ ਹਲਕਿਆਂ ਵਿੱਚ ਪੰਜ-ਰੋਜ਼ਾ ਮੋਰਚੇ ਲਗਾਏ ਜਾਣਗੇ। ਇਨ੍ਹਾਂ ਵਿੱਚ ਅੰਮ੍ਰਿਤਸਰ ਵਿਖੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਗੁਰਦਾਸਪੁਰ ਅਤੇ ਪਠਾਨਕੋਟ ਵਿਖੇ ਲਾਲ ਚੰਦ ਕਟਾਰੂਚੱਕ, ਫਰੀਦਕੋਟ ਵਿਖੇ ਕੁਲਤਾਰ ਸਿੰਘ ਸੰਧਵਾਂ, ਬਠਿੰਡਾ ਵਿਖੇ ਖੇਤੀਬਾੜੀ ਮੰਤਰੀ ਅਤੇ ਸੰਗਰੂਰ ਵਿਖੇ ਅਮਨ ਅਰੋੜਾ ਸਮੇਤ ਪੰਜਾਬ ਦੇ ਹੋਰ ਮੰਤਰੀਆਂ ਦੇ ਹਲਕਿਆਂ ਵਿੱਚ ਮੋਰਚੇ ਲਗਾਏ ਜਾਣਗੇ। ਜੇਕਰ ਪੰਜਾਬ ਸਰਕਾਰ ਨੇ ਗੱਲਬਾਤ ਰਾਹੀਂ ਇਨ੍ਹਾਂ ਮਸਲਿਆਂ ਦਾ ਨਿਬੇੜਾ ਨਾ ਕੀਤਾ ਤਾਂ ਰੇਲਾਂ ਦਾ ਚੱਕਾ ਜਾਮ ਕਰਨ ਦਾ ਸੱਦਾ ਦਿੱਤਾ ਜਾਵੇਗਾ।
ਮੁੱਖ ਮੰਗਾਂ
ਪੰਜਾਬ ਸਰਕਾਰ ਆਪਣੇ ਵਾਅਦੇ ਅਨੁਸਾਰ ਪੰਜ ਫ਼ਸਲਾਂ—ਬਾਸਮਤੀ, ਮੱਕੀ, ਸਰ੍ਹੋਂ, ਆਲੂ ਅਤੇ ਕਪਾਹ—’ਤੇ ਐੱਮ.ਐੱਸ.ਪੀ. ਦੀ ਗਾਰੰਟੀ ਦੇਵੇ ਅਤੇ ਸਰਕਾਰੀ ਖਰੀਦ ਯਕੀਨੀ ਬਣਾਏ।
ਕਿਸਾਨਾਂ ਅਤੇ ਮਜ਼ਦੂਰਾਂ ਨੂੰ ਸਮੁੱਚੇ ਤੌਰ ’ਤੇ ਕਰਜ਼ਾ ਮੁਕਤ ਕੀਤਾ ਜਾਵੇ।
ਸ਼ੰਭੂ ਅਤੇ ਖਨੌਰੀ ਵਿਖੇ 401 ਦਿਨ ਚੱਲੇ ਕਿਸਾਨ ਅੰਦੋਲਨ ਨੂੰ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨਾਲ ਮਿਲ ਕੇ ਜ਼ਬਰਦਸਤੀ ਚੁਕਵਾਉਣ ਦੌਰਾਨ ਹੋਏ ਸਮਾਨ ਅਤੇ ਹੋਰ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇ।
ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਅਤੇ ਜ਼ਖ਼ਮੀ ਕਿਸਾਨਾਂ ਨੂੰ ਬਕਾਇਆ ਮੁਆਵਜ਼ਾ ਤੁਰੰਤ ਜਾਰੀ ਕੀਤਾ ਜਾਵੇ ਅਤੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਸ਼ੰਭੂ, ਖਨੌਰੀ, ਦਿੱਲੀ ਅਤੇ ਪੰਜਾਬ ਵਿੱਚ ਚੱਲੇ ਕਿਸਾਨ ਅੰਦੋਲਨਾਂ ਦੌਰਾਨ ਕਿਸਾਨਾਂ, ਪੁਲਿਸ ਅਤੇ ਰੇਲਵੇ ਨਾਲ ਸਬੰਧਤ ਦਰਜ ਕੀਤੇ ਗਏ ਕੇਸ ਵਾਪਸ ਲਏ ਜਾਣ, ਜਿਸ ਵਿੱਚ ਕਿਸਾਨਾਂ ’ਤੇ ਦਰਜ ਪਰਾਲੀ ਸਬੰਧੀ ਕੇਸ ਵੀ ਸ਼ਾਮਲ ਹਨ।
ਪੰਜਾਬ ਦੇ ਪਾਣੀਆਂ ਦਾ ਮਸਲਾ ਰਿਪੇਰੀਅਨ ਸਿਧਾਂਤ ਅਨੁਸਾਰ ਹੱਲ ਕੀਤਾ ਜਾਵੇ।
ਬਰਸਾਤੀ ਪਾਣੀ ਨੂੰ ਧਰਤੀ ਹੇਠਾਂ ਪਹੁੰਚਾਉਣ ਅਤੇ ਜ਼ਮੀਨੀ ਪਾਣੀ ਦੇ ਰੀਚਾਰਜ ਲਈ ਠੋਸ ਪ੍ਰਬੰਧ ਕੀਤੇ ਜਾਣ।
ਭਗਵੰਤ ਮਾਨ ਸਰਕਾਰ ਵੱਲੋਂ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਵਾਪਸ ਲਈ ਜਾਵੇ।
ਭਗਵੰਤ ਮਾਨ ਸਰਕਾਰ ਵੱਲੋਂ ਚਾਰ ਮਹੀਨਿਆਂ ਵਿੱਚ ਨਸ਼ਾ ਖ਼ਤਮ ਕਰਨ ਦੇ ਕੀਤੇ ਵਾਅਦੇ ਨੂੰ ਪੂਰਾ ਕੀਤਾ ਜਾਵੇ।
ਨਸ਼ਿਆਂ ਤੋਂ ਪੀੜਤ ਨੌਜਵਾਨਾਂ ਦਾ ਮੁਫ਼ਤ ਅਤੇ ਪ੍ਰਭਾਵਸ਼ਾਲੀ ਇਲਾਜ ਕਰਵਾਉਣ ਦੇ ਨਾਲ ਉਨ੍ਹਾਂ ਦਾ ਮੁੜ ਵਸੇਬਾ ਅਤੇ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਵੇ।
ਇਸ ਤੋਂ ਇਲਾਵਾ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਮੰਗ ਕੀਤੀ ਗਈ ਕਿ ਭਾਰਤ-ਅਮਰੀਕਾ ਟ੍ਰੇਡ ਡੀਲ, ਬਿਜਲੀ ਸੋਧ ਬਿੱਲ ਅਤੇ ਬੀਜ ਐਕਟ ਵਰਗੇ ਲੋਕ ਅਤੇ ਕਿਸਾਨ ਵਿਰੋਧੀ ਕਾਨੂੰਨਾਂ/ਸਮਝੌਤਿਆਂ ਦਾ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਮਤਾ ਪਾਸ ਕਰਕੇ ਵਿਰੋਧ ਕੀਤਾ ਜਾਵੇ ਅਤੇ ਇਨ੍ਹਾਂ ਨੂੰ ਰੱਦ ਕਰਨ ਦੀ ਮੰਗ ਕੇਂਦਰ ਸਰਕਾਰ ਕੋਲ ਭੇਜੀ ਜਾਵੇ।
ਕਿਸਾਨ ਆਗੂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਹੱਕਾਂ ਅਤੇ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਲਈ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਦੀ ਸਮੁੱਚੀ ਜਨਤਾ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸੰਘਰਸ਼ਾਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋ ਕੇ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ।
ਇਸ ਮੌਕੇ ਬਾਬਾ ਗੁਰਬਚਨ ਸਿੰਘ ਚੱਬਾ, ਲਖਵਿੰਦਰ ਸਿੰਘ ਵਰਿਆਮ ਨੰਗਲ, ਕਵਲਜੀਤ ਸਿੰਘ ਵਣਚੜੀ, ਰਾਜਪਾਲ ਸਿੰਘ ਸੁਲਤਾਨਵਿੰਡ, ਹਰਦੇਵ ਸਿੰਘ ਸਾਘਨਾ,ਜਗਮੋਹਣ ਸਿੰਘ ਮੰਡਿਆਲਾ, ਨਿਸ਼ਾਨ ਸਿੰਘ ਚੱਬਾ, ਅਵਤਾਰ ਸਿੰਘ, ਬਲਵਿੰਦਰ ਸਿੰਘ ਚੱਬਾ, ਮੰਗਜੀਤ ਸਿੰਘ ਸਿੱਧਵਾਂ ,ਸਮੇਤ ਵੱਖ-ਵੱਖ ਪਿੰਡਾਂ ਦੇ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਸਨ। ਆਗੂਆਂ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਫਲੈਕਸੀਆਂ ਲਗਾ ਕੇ ਲੋਕਾਂ ਨੂੰ ਆਉਣ ਵਾਲੇ ਸੰਘਰਸ਼ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ।
Leave a Reply