ਫਿਰੌਤੀ ਲਈ ਗੋਲੀਬਾਰੀ ਦੇ ਮਾਮਲੇ ’ਚ ਲੋੜੀਂਦੇ ਮੁਲਜ਼ਮਾਂ ਨਾਲ ਪੁਲਿਸ ਦਾ ਮੁਕਾਬਲਾ, ਇੱਕ ਜ਼ਖ਼ਮੀ ਤੇ ਦੂਜਾ ਗ੍ਰਿਫ਼ਤਾਰ

ਫਿਰੌਤੀ ਲਈ ਗੋਲੀਬਾਰੀ ਦੇ ਮਾਮਲੇ ’ਚ ਲੋੜੀਂਦੇ ਮੁਲਜ਼ਮਾਂ ਨਾਲ ਪੁਲਿਸ ਦਾ ਮੁਕਾਬਲਾ, ਇੱਕ ਜ਼ਖ਼ਮੀ ਤੇ ਦੂਜਾ ਗ੍ਰਿਫ਼ਤਾਰ

ਤਿੰਨ ਥਾਵਾਂ ’ਤੇ ਫਾਇਰਿੰਗ ਕਰਨ ਦੇ ਮਾਮਲੇ ’ਚ ਜ਼ਖ਼ਮੀ ਮੁਲਜ਼ਮ ਦੀ ਪਛਾਣ ਵਿਸ਼ਵਾਸਜੀਤ ਸਿੰਘ ਬੂਟਾ ਵਜੋਂ ਹੋਈ, ਪਿਸਤੌਲ, ਮੋਟਰਸਾਈਕਲ ਤੇ ਮੋਬਾਈਲ ਬਰਾਮਦ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ, 27 ਅਕਤੂਬਰ।

ਜ਼ਿਲ੍ਹਾ ਤਰਨਤਾਰਨ ਵਿੱਚ ਫਿਰੌਤੀ ਦੀ ਮੰਗ ਨੂੰ ਲੈ ਕੇ ਗੋਲੀਬਾਰੀ ਕਰਨ ਦੇ ਮਾਮਲਿਆਂ ਵਿੱਚ ਲੋੜੀਂਦੇ ਦੋ ਮੁਲਜ਼ਮਾਂ ਦਾ ਮੰਗਲਵਾਰ ਦੇਰ ਸ਼ਾਮ ਨੂੰ ਚੋਹਲਾ ਸਾਹਿਬ ਪੁਲਿਸ ਨਾਲ ਮੁਕਾਬਲਾ ਹੋ ਗਿਆ। ਇਸ ਦੌਰਾਨ ਮੁਲਜ਼ਮਾਂ ਵੱਲੋਂ ਪੁਲਿਸ ਪਾਰਟੀ ’ਤੇ ਫਾਇਰਿੰਗ ਕੀਤੀ ਗਈ, ਜਿਸ ਦੇ ਜਵਾਬ ਵਿੱਚ ਪੁਲਿਸ ਨੇ ਵੀ ਗੋਲੀ ਚਲਾਈ। ਜਵਾਬੀ ਫਾਇਰਿੰਗ ਦੌਰਾਨ ਇੱਕ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ, ਜਦਕਿ ਦੂਜੇ ਮੁਲਜ਼ਮ ਨੂੰ ਪੁਲਿਸ ਨੇ ਕਾਬੂ ਕਰ ਲਿਆ। ਪੁਲਿਸ ਨੇ ਮੌਕੇ ਤੋਂ ਇੱਕ ਪਿਸਤੌਲ, ਬਿਨਾਂ ਨੰਬਰ ਵਾਲਾ ਮੋਟਰਸਾਈਕਲ ਅਤੇ ਇੱਕ ਮੋਬਾਈਲ ਫੋਨ ਵੀ ਬਰਾਮਦ ਕੀਤਾ ਹੈ।
ਮੌਕੇ ’ਤੇ ਪਹੁੰਚੇ ਐੱਸਪੀ (ਡੀ) ਰਿਪੁਦਮਨ ਸਿੰਘ ਨੇ ਦੱਸਿਆ ਕਿ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਭਾਲ ਵਿੱਚ ਪਿੰਡ ਧੁੰਨ ਢਾਏ ਵਾਲਾ ਵਿਖੇ ਮੌਜੂਦ ਸੀ। ਇਸ ਦੌਰਾਨ ਪੁਲਿਸ ਪਾਰਟੀ ਨੇ ਮੋਟਰਸਾਈਕਲ ’ਤੇ ਸਵਾਰ ਦੋ ਸ਼ੱਕੀ ਨੌਜਵਾਨਾਂ ਨੂੰ ਆਉਂਦੇ ਦੇਖਿਆ। ਪੁਲਿਸ ਦੀ ਗੱਡੀ ਨੂੰ ਦੇਖਦਿਆਂ ਹੀ ਮੋਟਰਸਾਈਕਲ ਸਵਾਰਾਂ ਨੇ ਆਪਣਾ ਰੁਖ਼ ਸੂਏ ਵੱਲ ਮੋੜ ਲਿਆ।ਉਨ੍ਹਾਂ ਦੱਸਿਆ ਕਿ ਸ਼ੱਕ ਹੋਣ ’ਤੇ ਜਦੋਂ ਪੁਲਿਸ ਪਾਰਟੀ ਨੇ ਮੋਟਰਸਾਈਕਲ ਸਵਾਰਾਂ ਦਾ ਪਿੱਛਾ ਕੀਤਾ ਤਾਂ ਮੋਟਰਸਾਈਕਲ ਦੇ ਪਿੱਛੇ ਬੈਠੇ ਵਿਅਕਤੀ ਨੇ ਪੁਲਿਸ ਪਾਰਟੀ ’ਤੇ ਫਾਇਰਿੰਗ ਕਰ ਦਿੱਤੀ। ਇਸ ਦੇ ਜਵਾਬ ਵਿੱਚ ਪੁਲਿਸ ਵੱਲੋਂ ਕੀਤੀ ਗਈ ਫਾਇਰਿੰਗ ਦੌਰਾਨ ਇੱਕ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗ ਗਈ, ਜਿਸ ਕਾਰਨ ਉਹ ਮੋਟਰਸਾਈਕਲ ਤੋਂ ਡਿੱਗ ਪਿਆ। ਇਸ ਤੋਂ ਬਾਅਦ ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਜ਼ਖ਼ਮੀ ਮੁਲਜ਼ਮ ਨੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।
ਐੱਸਪੀ (ਡੀ) ਅਨੁਸਾਰ ਮੁੱਢਲੀ ਜਾਂਚ ਦੌਰਾਨ ਜ਼ਖ਼ਮੀ ਮੁਲਜ਼ਮ ਦੀ ਪਛਾਣ ਵਿਸ਼ਵਾਸਜੀਤ ਸਿੰਘ ਬੂਟਾ ਪੁੱਤਰ ਬਖਸ਼ੀਸ਼ ਸਿੰਘ ਵਾਸੀ ਬੁਰਜ ਦੇਵਾ ਸਿੰਘ, ਥਾਣਾ ਹਰੀਕੇ ਵਜੋਂ ਹੋਈ ਹੈ, ਜਦਕਿ ਦੂਜੇ ਮੁਲਜ਼ਮ ਦੀ ਪਛਾਣ ਗੁਰਜਸ਼ਨ ਸਿੰਘ ਉਰਫ਼ ਜਸ਼ਨ ਪੁੱਤਰ ਮੁਖਤਿਆਰ ਸਿੰਘ ਵਾਸੀ ਮਰਹਾਣਾ, ਥਾਣਾ ਚੋਹਲਾ ਸਾਹਿਬ ਵਜੋਂ ਹੋਈ ਹੈ।
ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮੌਕੇ ਤੋਂ ਇੱਕ PX5 ਪਿਸਤੌਲ, ਬਿਨਾਂ ਨੰਬਰ ਵਾਲਾ ਮੋਟਰਸਾਈਕਲ ਅਤੇ ਇੱਕ ਮੋਬਾਈਲ ਫੋਨ ਬਰਾਮਦ ਕੀਤਾ ਹੈ। ਇਸ ਸਬੰਧੀ ਥਾਣਾ ਚੋਹਲਾ ਸਾਹਿਬ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਐੱਸਪੀ (ਡੀ) ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਵਿੱਚ ਸਾਹਮਣੇ ਆਇਆ ਹੈ ਕਿ ਜ਼ਖ਼ਮੀ ਮੁਲਜ਼ਮ ਵਿਸ਼ਵਾਸਜੀਤ ਸਿੰਘ ਬੂਟਾ ਫਿਰੌਤੀ ਦੀ ਮੰਗ ਨੂੰ ਲੈ ਕੇ ਤਿੰਨ ਥਾਵਾਂ ’ਤੇ ਗੋਲੀਬਾਰੀ ਕਰਨ ਦੇ ਮਾਮਲਿਆਂ ਵਿੱਚ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਦੂਜਾ ਮੁਲਜ਼ਮ ਗੁਰਜਸ਼ਨ ਸਿੰਘ ਉਰਫ਼ ਜਸ਼ਨ ਵੀ ਅਜਿਹੀਆਂ ਵਾਰਦਾਤਾਂ ਦੇ ਸਬੰਧ ਵਿੱਚ ਪੁਲਿਸ ਨੂੰ ਲੋੜੀਂਦਾ ਸੀ। ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਜਾਂਚ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਜ਼ਿਕਰਯੋਗ ਹੈ ਕਿ ਤਰਨਤਾਰਨ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਫਿਰੌਤੀ ਦੀ ਮੰਗ ਨੂੰ ਲੈ ਕੇ ਗੋਲੀਬਾਰੀ ਦੀਆਂ ਕਈ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਇਨ੍ਹਾਂ ਵਾਰਦਾਤਾਂ ਕਾਰਨ ਇਲਾਕੇ ਦੇ ਲੋਕਾਂ, ਵਪਾਰੀਆਂ ਅਤੇ ਦੁਕਾਨਦਾਰਾਂ ਵਿੱਚ ਡਰ ਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
ਐੱਸਪੀ (ਡੀ) ਰਿਪੁਦਮਨ ਸਿੰਘ ਨੇ ਕਿਹਾ ਕਿ ਤਰਨਤਾਰਨ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਤਹਿਤ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।
ਇਸ ਮੌਕੇ ਡੀਐੱਸਪੀ ਸਬ-ਡਵੀਜ਼ਨ ਸ੍ਰੀ ਗੋਇੰਦਵਾਲ ਸਾਹਿਬ ਹਰਿੰਦਰ ਸਿੰਘ, ਥਾਣਾ ਚੋਹਲਾ ਸਾਹਿਬ ਦੇ ਐੱਸਐੱਚਓ ਰਣਜੀਤ ਸਿੰਘ, ਏਐੱਸਆਈ ਰਣਜੀਤ ਸਿੰਘ ਸਮੇਤ ਹੋਰ ਪੁਲਿਸ ਮੁਲਾਜ਼ਮ ਵੀ ਮੌਜੂਦ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.