ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਸੰਸਦ ਮੈਂਬਰ ਨੂੰ ਅਦਾਲਤ ਵੱਲੋਂ ਇੱਕ ਦਿਨ ਦੀ ਕਸਟਡੀ ਪੈਰੋਲ

ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਸੰਸਦ ਮੈਂਬਰ ਨੂੰ ਅਦਾਲਤ ਵੱਲੋਂ ਇੱਕ ਦਿਨ ਦੀ ਕਸਟਡੀ ਪੈਰੋਲ

ਦਾਦੀ ਚਰਨ ਕੌਰ ਦੇ ਅੰਤਿਮ ਸਸਕਾਰ 'ਚ 14 ਨਵੰਬਰ ਨੂੰ ਹੋਣਗੇ ਸਾਮਿਲ।

ਹਰਵਿੰਦਰ ਕੌਰ ਖੁੱਡੀ ਕਲਾਂ / ਰਵੀ ਖਹਿਰਾ 
ਖਡੂਰ ਸਾਹਿਬ , 13 ਨਵੰਬਰ 

:ਖਡੂਰ ਸਾਹਿਬ ਹਲਕੇ ਤੋਂ ਲੋਕ ਸਭਾ ਮੈਂਬਰ ਅਤੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅੰਮ੍ਰਿਤਸਰ ਦੀ ਅਦਾਲਤ ਵੱਲੋਂ ਵੱਡੀ ਕਾਨੂੰਨੀ ਰਾਹਤ ਦਿੰਦਿਆਂ ਇੱਕ ਦਿਨ ਦੀ ਕਸਟਡੀ ਪੈਰੋਲ ਮਨਜ਼ੂਰ ਕਰ ਦਿੱਤੀ ਗਈ ਹੈ।
ਇਹ ਆਰਜ਼ੀ ਰਿਹਾਈ ਉਨ੍ਹਾਂ ਨੂੰ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸਸਕਾਰ ਅਤੇ ਅੰਤਿਮ ਦਰਸ਼ਨਾਂ ਵਿੱਚ ਸ਼ਾਮਲ ਹੋਣ ਲਈ ਦਿੱਤੀ ਗਈ ਹੈ। ਜਿਨ੍ਹਾਂ ਦਾ ਬੀਤੀ 8 ਨਵੰਬਰ 2026 ਨੂੰ 84 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਸੀ।ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਦੱਸਿਆ ਕਿ ਪਰਿਵਾਰ ਦੀ ਕਾਨੂੰਨੀ ਟੀਮ ਵੱਲੋਂ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਅੰਤਿਮ ਸਸਕਾਰ ਤੋਂ ਇਲਾਵਾ ਅਸਥੀਆਂ ਜਲ ਪ੍ਰਵਾਹ ਕਰਨ ਅਤੇ ਅੰਤਿਮ ਅਰਦਾਸ ਵਰਗੀਆਂ ਧਾਰਮਿਕ ਰਸਮਾਂ ਨੂੰ ਪੂਰਾ ਕਰਨ ਲਈ 4 ਤੋਂ 12 ਦਿਨਾਂ ਦੀ ਪੈਰੋਲ ਦੀ ਮੰਗ ਕੀਤੀ ਗਈ ਸੀ। ਇਸ ਤੋਂ ਪਹਿਲਾਂ 10 ਨਵੰਬਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਇਸ ਪਟੀਸ਼ਨ 'ਤੇ ਫ਼ੈਸਲਾ ਮੁਲਤਵੀ ਕਰ ਦਿੱਤਾ ਸੀ। ਪਰ ਅੱਜ ਮਨੁੱਖੀ ਅਤੇ ਭਾਵਨਾਤਮਕ ਆਧਾਰ 'ਤੇ ਵਿਚਾਰ ਕਰਦਿਆਂ ਅਦਾਲਤ ਨੇ ਸਿਰਫ਼ ਇੱਕ ਦਿਨ ਦੀ ਕਸਟਡੀ ਪੈਰੋਲ ਹੀ ਪ੍ਰਵਾਨ ਕੀਤੀ ਹੈ।
ਅਦਾਲਤ ਵੱਲੋਂ ਦਿੱਤੀ ਗਈ ਇਸ ਰਾਹਤ ਵਿੱਚ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਉਨ੍ਹਾਂ ਦੇ ਚਾਚਾ ਹਰਜੀਤ ਸਿੰਘ ਅਤੇ ਇੱਕ ਹੋਰ ਪੋਤਰੇ ਸੁਖਮਨਜੀਤ ਸਿੰਘ ਨੂੰ ਵੀ ਕਸਟਡੀ ਪੈਰੋਲ ਦਿੱਤੀ ਗਈ ਹੈ।ਅਦਾਲਤ ਵੱਲੋਂ 'ਕਸਟਡੀ ਪੈਰੋਲ' (ਪੁਲਿਸ ਹਿਰਾਸਤ ਹੇਠ ਰਿਹਾਈ) ਦੇ ਹੁਕਮ ਜਾਰੀ ਕੀਤੇ ਜਾਣ ਕਾਰਨ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਅਤੇ ਉਨ੍ਹਾਂ ਦੇ ਦੋਵੇਂ ਰਿਸ਼ਤੇਦਾਰਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਵਿਸ਼ੇਸ਼ ਜਹਾਜ਼ ਜਾਂ ਸੁਰੱਖਿਆ ਕਾਫ਼ਲੇ ਰਾਹੀਂ ਪੰਜਾਬ ਲਿਆਂਦਾ ਜਾਵੇਗਾ। ਉਹ ਭਲਕੇ 14 ਨਵੰਬਰ 2026 ਨੂੰ ਅੰਮ੍ਰਿਤਸਰ ਜ਼ਿਲ੍ਹੇ ਸਥਿਤ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚਣਗੇ, ਜਿੱਥੇ ਮਾਤਾ ਚਰਨ ਕੌਰ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। 
ਸੁਰੱਖਿਆ ਏਜੰਸੀਆਂ ਅਤੇ ਪੰਜਾਬ ਪੁਲਿਸ ਵੱਲੋਂ ਇਸ ਦੌਰੇ ਦੌਰਾਨ ਪਿੰਡ ਜੱਲੂਪੁਰ ਖੇੜਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਅਦਾਲਤੀ ਹੁਕਮਾਂ ਅਨੁਸਾਰ ਉਨ੍ਹਾਂ ਨੂੰ ਮੀਡੀਆ ਨਾਲ ਗੱਲਬਾਤ ਕਰਨ ਜਾਂ ਕਿਸੇ ਵੀ ਤਰ੍ਹਾਂ ਦੇ ਸਿਆਸੀ ਇਕੱਠ ਨੂੰ ਸੰਬੋਧਨ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ ਅਤੇ ਰਸਮਾਂ ਪੂਰੀਆਂ ਹੁੰਦੇ ਸਾਰ ਹੀ ਵਾਪਸ ਜੇਲ੍ਹ ਲਿਜਾਇਆ ਜਾਵੇਗਾ।ਜ਼ਿਕਰਯੋਗ ਹੈ ਕਿ 8 ਨਵੰਬਰ ਨੂੰ ਮਾਤਾ ਚਰਨ ਕੌਰ ਦੇ ਅਕਾਲ ਚਲਾਣੇ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਪਰਿਵਾਰਕ ਮੈਂਬਰਾਂ ਅਤੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਜਦੋਂ ਤੱਕ ਅੰਮ੍ਰਿਤਪਾਲ ਸਿੰਘ ਨੂੰ ਅੰਤਿਮ ਦਰਸ਼ਨਾਂ ਲਈ ਪੈਰੋਲ ਨਹੀਂ ਮਿਲਦੀ, ਉਦੋਂ ਤੱਕ ਮਾਤਾ ਜੀ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ। ਇਸੇ ਕਾਰਨ ਪਿਛਲੇ ਛੇ ਦਿਨਾਂ ਤੋਂ ਮਾਤਾ ਚਰਨ ਕੌਰ ਦੀ ਮ੍ਰਿਤਕ ਦੇਹ ਨੂੰ ਪਿੰਡ ਜੱਲੂਪੁਰ ਖੇੜਾ ਵਿਖੇ ਰੱਖਿਆ ਗਿਆ ਸੀ ਅਤੇ ਪਰਿਵਾਰ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਦਾਲਤ ਦੇ ਫ਼ੈਸਲੇ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਸਨ।
ਗੌਰਤਲਬ ਹੈ ਕਿ ਅਪ੍ਰੈਲ 2023 ਵਿੱਚ ਐਨ.ਐਸ.ਏ. ਤਹਿਤ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਲਗਭਗ ਢਾਈ ਸਾਲਾਂ ਤੋਂ ਵੱਧ ਸਮੇਂ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਹਨ। ਜੇਲ੍ਹ ਵਿੱਚ ਰਹਿੰਦਿਆਂ ਹੀ ਉਨ੍ਹਾਂ ਨੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਖਡੂਰ ਸਾਹਿਬ ਸੀਟ ਤੋਂ ਵੱਡੀ ਜਿੱਤ ਦਰਜ ਕੀਤੀ ਸੀ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਸਿਰਫ਼ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਹੀ ਸਖ਼ਤ ਸੁਰੱਖਿਆ ਹੇਠ ਦਿੱਲੀ ਲਿਆਂਦਾ ਗਿਆ ਸੀ। ਪਰ ਗ੍ਰਿਫ਼ਤਾਰੀ ਤੋਂ ਬਾਅਦ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਉਹ ਆਪਣੇ ਜੱਦੀ ਪਿੰਡ ਅਤੇ ਪੰਜਾਬ ਦੀ ਧਰਤੀ 'ਤੇ ਕਦਮ ਰੱਖਣਗੇ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.