ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਉੱਤੇ ਸੰਗਤ ’ਚ ਕੀਰਤਨ ਕਰਨ ਤੋਂ ਇੱਕ ਮਹੀਨੇ ਲਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਉੱਤੇ ਸੰਗਤ ’ਚ ਕੀਰਤਨ ਕਰਨ ਤੋਂ ਇੱਕ ਮਹੀਨੇ ਲਈ ਰੋਕ

ਦੋਵਾਂ ਨੂੰ ਸਿੱਖ ਮਿਸ਼ਨਰੀ ਕਾਲਜ ਤੇ ਗੁਰਮਤਿ ਸੰਗੀਤ ਅਕੈਡਮੀ ਤੋਂ ਗੁਰਮਤਿ ਦੀ ਜਾਣਕਾਰੀ ਪ੍ਰਾਪਤ ਕਰਨ ਉਪਰੰਤ ਇੱਕ ਮਹੀਨੇ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੇ ਆਦੇਸ਼

ਸ੍ਰੀ ਅੰਮ੍ਰਿਤਸਰ, 11 ਨਵੰਬਰ-ਕੰਵਰ ਪ੍ਰਤਾਪ ਸਿੰਘ , ਤਾਜੀਮਨੂਰ ਕੌਰ 

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਦੇ ਕੀਰਤਨੀ ਜਥਿਆਂ ਉੱਤੇ ਸੰਗਤ ਵਿੱਚ ਕੀਰਤਨ ਕਰਨ ਤੋਂ ਮਿਤੀ 13 ਨਵੰਬਰ 2026 ਤੋਂ ਲੈ ਕੇ 12 ਦਸੰਬਰ 2026 ਤੱਕ ਇੱਕ ਮਹੀਨੇ ਦੀ ਰੋਕ ਲਗਾਈ ਗਈ ਹੈ। ਇਹ ਕਾਰਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਬੀਤੇ ਦਿਨਾਂ ਤੋਂ ਦੋਵਾਂ ਜਥਿਆਂ ਵਿਚਕਾਰ ਚੱਲ ਰਹੇ ਆਪਸੀ ਵਿਵਾਦ ਅਤੇ ਸੰਗਤ ਵੱਲੋਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਗਾਤਾਰ ਪੁੱਜ ਰਹੀਆਂ ਸ਼ਿਕਾਇਤਾਂ ਤੋਂ ਬਾਅਦ ਕੀਤੀ ਗਈ ਹੈ। 
ਇਸ ਮਾਮਲੇ ਸਬੰਧੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੋਏ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਸਿੱਖ ਰਹਿਤ ਮਰਯਾਦਾ, ਸੰਗਤ ਵਿਚ ਵਿਚਰਨ ਅਤੇ ਗੁਰਮਤਿ ਸੰਗੀਤ ਦੀ ਸੋਝੀ ਪ੍ਰਾਪਤ ਕਰਨ ਲਈ ਭਾਈ ਜਗਜੀਤ ਸਿੰਘ ਬਬੀਹਾ ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਗੁਰਮਤਿ ਸੰਗੀਤ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਮਹੀਨੇ ਲਈ ਗੁਰਮਤਿ ਦੀ ਜਾਣਕਾਰੀ ਪ੍ਰਾਪਤ ਕਰਨਗੇ ਅਤੇ ਮਨ ਵਿਚ ਨਿਮਰਤਾ ਲਿਆਉਣ ਲਈ ਲੰਗਰ ਹਾਲ ਵਿਚ ਸਵੇਰੇ-ਸ਼ਾਮ ਸੇਵਾ ਕਰਨ ਉਪਰੰਤ ਇੱਕ ਮਹੀਨੇ ਬਾਅਦ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਬੰਧਤ ਸੰਸਥਾਵਾਂ ਤੋਂ ਪ੍ਰਮਾਣ ਪੱਤਰ ਲੈ ਕੇ ਨਿਜੀ ਰੂਪ ਵਿਚ ਪੇਸ਼ ਹੋਣਗੇ।
ਸਕੱਤਰੇਤ ਵੱਲੋਂ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਗੁਰਬਾਣੀ ਕੀਰਤਨ ਗੁਰ ਪਾਤਸ਼ਾਹ ਵੱਲੋਂ ਬਖਸ਼ੀ ਦਾਤ ਅਤੇ ਰੂਹ ਦੀ ਖੁਰਾਕ ਹੈ। ਗੁਰਬਾਣੀ ਕੀਰਤਨ ਕਰਨ ਵਾਲੇ ਇਨਸਾਨ ਵਿਚ ਗੁਰੂ ਦੀ ਭੈਅ ਭਾਵਨੀ, ਨਿਮਰਤਾ, ਸਿੱਖ ਰਹਿਤ ਮਰਯਾਦਾ ਦੀ ਜਾਣਕਾਰੀ ਅਤੇ ਗੁਰਬਾਣੀ ਸੰਗੀਤ ਪ੍ਰਣਾਲੀ ਦਾ ਗਿਆਨ ਹੋਣਾ ਜ਼ਰੂਰੀ ਹੈ। ਪਿਛਲੇ ਕੁਝ ਸਮੇਂ ਤੋਂ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਵੱਲੋਂ ਜਿਥੇ ਗੁਰਬਾਣੀ ਕੀਰਤਨ ਦੀ ਮਰਯਾਦਾ ਦੀ ਉਲੰਘਣਾ ਕੀਤੀ ਗਈ ਹੈ, ਉੱਥੇ ਹੀ ਇੱਕ ਦੂਜੇ ਵਿਰੁੱਧ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸੋਸ਼ਲ ਮੀਡੀਆ ਰਾਹੀਂ ਹਲਕੇ ਪੱਧਰ ਦੀ ਦੂਸ਼ਣਬਾਜੀ ਵੀ ਕੀਤੀ ਜਾ ਰਹੀ ਹੈ। ਕਿਹਾ ਗਿਆ ਕਿ ਇਸ ਨਾਲ ਪੁਰਾਤਨ ਕੀਰਤਨੀਏ ਅਤੇ ਸੰਗਤ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.