ਡੈਨੀ ਬੰਡਾਲਾ ਨੇ ਵਜਾਇਆ ਚੋਣ ਬਿਗੁਲ, ਜੰਡਿਆਲਾ ਗੁਰੂ ਵਿੱਚ ਕਾਂਗਰਸ ਦਾ ਨਵਾਂ ਦਫ਼ਤਰ ਖੋਲ੍ਹਿਆ
- ਰਾਜਨੀਤੀ
- (Asia/Kolkata)
ਬੋਲੇ- ਲੋਕਾਂ ਦੇ ਦੁੱਖ-ਤਕਲੀਫ਼ਾਂ ਸੁਣਨ ਅਤੇ ਹੱਲ ਕਰਨ ਦਾ ਕੇਂਦਰ ਬਣੇਗਾ ਦਫ਼ਤਰ; ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਪਤਨੀ ਅਤੇ ਬੇਟੀਆਂ ਸਮੇਤ ਕੀਤਾ ਉਦਘਾਟਨ; ਕਿਹਾ- ਕਤਲਾਂ, ਫਿਰੌਤੀਆਂ ਅਤੇ ਨਸ਼ਿਆਂ ਤੋਂ ਤੰਗ ਲੋਕ ਬਦਲਾਅ ਚਾਹੁੰਦੇ ਹਨ, 2027 ਵਿੱਚ ਕਾਂਗਰਸ 100 ਤੋਂ ਪਾਰ
ਟਾਂਗਰਾ/ ਜੰਡਿਆਲਾ ਗੁਰੂ - ਸੁਰਜੀਤ ਸਿੰਘ ਖਾਲਸਾ/ਭੁਪਿੰਦਰ ਸਿੰਘ ਸਿਧੂ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਜੰਡਿਆਲਾ ਗੁਰੂ ਹਲਕੇ ਵਿੱਚ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਲਈ ਨਵਾਂ ਦਫ਼ਤਰ ਖੋਲ੍ਹਿਆ। ਉਦਘਾਟਨ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਕੀਰਤਨੀ ਜਥਿਆਂ ਵੱਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਅਰਦਾਸ ਉਪਰੰਤ ਡੈਨੀ ਬੰਡਾਲਾ ਨੇ ਆਪਣੀ ਪਤਨੀ ਅੰਜਲੀ ਬੰਡਾਲਾ ਅਤੇ ਬੇਟੀਆਂ ਸਮੇਤ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਮਠਿਆਈ ਵੰਡੀ ਗਈ ਅਤੇ ਸੰਗਤ ਲਈ ਚਾਹ-ਪਾਣੀ ਦਾ ਪ੍ਰਬੰਧ ਕੀਤਾ ਗਿਆ।
ਇਸ ਮੌਕੇ ਵੱਡੀ ਗਿਣਤੀ ਵਿੱਚ ਮੌਜੂਦਾ ਅਤੇ ਸਾਬਕਾ ਪੰਚ-ਸਰਪੰਚ, ਕਾਂਗਰਸੀ ਆਗੂ ਅਤੇ ਵਰਕਰ ਪਹੁੰਚੇ। ਸਮਾਗਮ ਦੌਰਾਨ ਡੈਨੀ ਬੰਡਾਲਾ ਨੇ ਸੰਗਤ, ਸੀਨੀਅਰ ਆਗੂਆਂ ਅਤੇ ਪਾਰਟੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਦਫ਼ਤਰ ਸਿਰਫ਼ ਇੱਕ ਇਮਾਰਤ ਨਹੀਂ, ਸਗੋਂ ਜੰਡਿਆਲਾ ਗੁਰੂ ਹਲਕੇ ਦੇ ਹਰ ਕਾਂਗਰਸੀ ਵਰਕਰ, ਹਰ ਪਿੰਡ ਅਤੇ ਹਰ ਪਰਿਵਾਰ ਦਾ ਸਾਂਝਾ ਘਰ ਹੋਵੇਗਾ। ਇੱਥੇ ਹਰ ਵਰਕਰ ਦੀ ਗੱਲ ਸੁਣੀ ਜਾਵੇਗੀ ਅਤੇ ਉਸ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਅਸਲ ਤਾਕਤ ਉਸ ਦੇ ਵਰਕਰ ਹਨ ਅਤੇ ਇਹ ਦਫ਼ਤਰ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਦਾ ਕੇਂਦਰ ਬਣੇਗਾ। ਹਲਕੇ ਦੇ ਲੋਕਾਂ ਦੇ ਦੁੱਖ-ਤਕਲੀਫ਼ਾਂ ਸੁਣ ਕੇ ਉਨ੍ਹਾਂ ਦਾ ਹੱਲ ਕਰਵਾਉਣਾ ਉਨ੍ਹਾਂ ਦੀ ਪਹਿਲ ਰਹੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਇਹ ਦਫ਼ਤਰ ਦਿਨ-ਰਾਤ ਲੋਕਾਂ ਦੀ ਸੇਵਾ ਲਈ ਖੁੱਲ੍ਹਾ ਰਹੇਗਾ।
ਡੈਨੀ ਬੰਡਾਲਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਹੋ ਰਹੇ ਕਤਲਾਂ, ਗੁੰਡਾਗਰਦੀ, ਫਿਰੌਤੀਆਂ, ਲੁੱਟਾਂ-ਖੋਹਾਂ, ਚੋਰੀਆਂ ਅਤੇ ਡਕੈਤੀਆਂ ਦੀਆਂ ਘਟਨਾਵਾਂ ਕਾਰਨ ਲੋਕ ਪ੍ਰੇਸ਼ਾਨ ਹੋ ਚੁੱਕੇ ਹਨ। ਲੋਕ ਮੌਜੂਦਾ ਸਰਕਾਰ ਤੋਂ ਤੰਗ ਆ ਕੇ ਹੁਣ ਕਾਂਗਰਸ ਵੱਲ ਉਮੀਦ ਭਰੀਆਂ ਨਜ਼ਰਾਂ ਨਾਲ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਵੀ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ ਅਤੇ ਨਸ਼ਾ ਘਰ-ਘਰ ਤੱਕ ਪਹੁੰਚ ਰਿਹਾ ਹੈ। ਸਰਕਾਰ ਦੀ ਨੱਕ ਹੇਠ ਅਪਰਾਧ ਅਤੇ ਨਸ਼ਿਆਂ ਦਾ ਕਾਰੋਬਾਰ ਵਧ ਰਿਹਾ ਹੈ, ਪਰ ਸਰਕਾਰ ਇਨ੍ਹਾਂ ਸਮੱਸਿਆਵਾਂ ਦਾ ਹੱਲ ਕਰਨ ਵਿੱਚ ਨਾਕਾਮ ਰਹੀ ਹੈ।
'ਮੰਗਦਾ ਇਨਸਾਫ਼ ਪੰਜਾਬ' ਯਾਤਰਾ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਨਸਾਫ਼ ਦੀ ਮੰਗ ਕਰ ਰਹੇ ਹਨ। ਉਨ੍ਹਾਂ ਗੁਲਜ਼ਾਰ ਸਿੰਘ, ਮਨਜੀਤ ਸਿੰਘ, ਪਰਮਿੰਦਰ ਸਿੰਘ ਅਤੇ ਸਿੱਧੂ ਮੂਸੇਵਾਲਾ ਸਮੇਤ ਕਈ ਮਾਮਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਵਿੱਚ ਵਾਪਰੀਆਂ ਇਨ੍ਹਾਂ ਘਟਨਾਵਾਂ ਨੇ ਕਾਨੂੰਨ-ਵਿਵਸਥਾ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਜੰਡਿਆਲਾ ਗੁਰੂ ਵਿੱਚ ਵੀ 50 ਤੋਂ ਵੱਧ ਕਤਲ ਹੋਣ ਦਾ ਦਾਅਵਾ ਕਰਦਿਆਂ ਉਨ੍ਹਾਂ ਕਿਹਾ ਕਿ ਲੋਕ ਹੁਣ ਇਸ ਮਾਹੌਲ ਤੋਂ ਨਿਜਾਤ ਚਾਹੁੰਦੇ ਹਨ।
ਉਨ੍ਹਾਂ ਸਵਾਲ ਉਠਾਇਆ ਕਿ ਪੰਜਾਬ ਵਿੱਚ ਵਧ ਰਹੇ ਅਪਰਾਧਾਂ ਅਤੇ ਨਸ਼ਿਆਂ ਦੀ ਚਿੰਤਾ ਕਰਨ ਦੀ ਬਜਾਏ ਸਰਕਾਰ ਨੂੰ ਕਾਂਗਰਸੀ ਆਗੂਆਂ ਦੀਆਂ ਸਰਗਰਮੀਆਂ ਦੀ ਇੰਨੀ ਚਿੰਤਾ ਕਿਉਂ ਹੈ? ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ਅਤੇ ਪਰਗਟ ਸਿੰਘ ਦੀ ਇਨਸਾਫ਼ ਯਾਤਰਾ ਲੋਕਾਂ ਦੇ ਮੁੱਦਿਆਂ ਨੂੰ ਉਠਾਉਣ ਲਈ ਹਨ। ਸਰਕਾਰ ਨੂੰ ਇਨ੍ਹਾਂ ਯਾਤਰਾਵਾਂ ਤੋਂ ਡਰਨ ਦੀ ਬਜਾਏ ਲੋਕਾਂ ਦੀਆਂ ਸਮੱਸਿਆਵਾਂ ਦਾ ਜਵਾਬ ਦੇਣਾ ਚਾਹੀਦਾ ਹੈ।
ਅਕਾਲੀ ਦਲ ਦੀ ਮੁੜ ਸੱਤਾ ਵਿੱਚ ਵਾਪਸੀ ਦੀਆਂ ਸੰਭਾਵਨਾਵਾਂ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਸਰਕਾਰ ਦੇ ਦਸ ਸਾਲਾਂ ਦੇ ਕਾਰਜਕਾਲ ਦੌਰਾਨ ਬੇਅਦਬੀ, ਨਸ਼ਿਆਂ ਅਤੇ ਗੁੰਡਾਗਰਦੀ ਦੇ ਦੌਰ ਨੂੰ ਨਹੀਂ ਭੁੱਲੇ। ਉਨ੍ਹਾਂ ਘਟਨਾਵਾਂ ਦੀਆਂ ਯਾਦਾਂ ਅੱਜ ਵੀ ਲੋਕਾਂ ਦੇ ਦਿਲਾਂ ਵਿੱਚ ਤਾਜ਼ਾ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਦੀ ਸਿਆਸੀ ਜ਼ਮੀਨ ਕਮਜ਼ੋਰ ਹੋ ਚੁੱਕੀ ਹੈ ਅਤੇ ਲੋਕ ਉਸ ਨੂੰ ਮੁੜ ਮੌਕਾ ਦੇਣ ਦੇ ਮੂਡ ਵਿੱਚ ਨਹੀਂ ਹਨ।
'ਵਾਰਿਸ ਪੰਜਾਬ ਦੇ' ਵੱਲੋਂ ਚੋਣ ਲੜਨ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰ ਪਾਰਟੀ ਅਤੇ ਜਥੇਬੰਦੀ ਨੂੰ ਚੋਣ ਲੜਨ ਦਾ ਅਧਿਕਾਰ ਹੈ ਅਤੇ ਸਾਰਿਆਂ ਦਾ ਸਵਾਗਤ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਮਜ਼ਬੂਤੀ ਨਾਲ ਚੋਣਾਂ ਦੀ ਤਿਆਰੀ ਕਰ ਰਹੀ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ 100 ਤੋਂ ਵੱਧ ਸੀਟਾਂ ਜਿੱਤ ਕੇ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਹੁਣ ਗੁੰਡਾਗਰਦੀ ਅਤੇ ਨਸ਼ਿਆਂ ਦੇ ਦੌਰ ਨੂੰ ਖ਼ਤਮ ਕਰਕੇ ਕਾਂਗਰਸ ਨੂੰ ਸੱਤਾ ਵਿੱਚ ਲਿਆਉਣਾ ਹੈ।
ਡੈਨੀ ਬੰਡਾਲਾ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਸਿਰਫ਼ ਚੋਣ ਜਿੱਤਣਾ ਨਹੀਂ, ਸਗੋਂ ਜੰਡਿਆਲਾ ਗੁਰੂ ਹਲਕੇ ਦਾ ਸਰਬਪੱਖੀ ਵਿਕਾਸ ਕਰਨਾ ਹੈ। ਨੌਜਵਾਨਾਂ ਨੂੰ ਰੁਜ਼ਗਾਰ, ਕਿਸਾਨਾਂ ਨੂੰ ਉਨ੍ਹਾਂ ਦੇ ਹੱਕ, ਵਪਾਰੀਆਂ ਨੂੰ ਸੁਰੱਖਿਆ ਅਤੇ ਹਰ ਵਰਗ ਨੂੰ ਇਨਸਾਫ਼ ਦਿਵਾਉਣਾ ਕਾਂਗਰਸ ਦੀ ਸੋਚ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਲਈ ਕਾਂਗਰਸੀ ਵਰਕਰ ਬੂਥ ਪੱਧਰ ਤੱਕ ਮਜ਼ਬੂਤ ਹਨ ਅਤੇ ਪਾਰਟੀ ਪੂਰੀ ਤਿਆਰੀ ਨਾਲ ਮੈਦਾਨ ਵਿੱਚ ਉਤਰੇਗੀ।
ਇਸ ਮੌਕੇ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਨਾਟੀ, ਕੌਂਸਲਰ ਪ੍ਰਤਾਪ ਸਿੰਘ ਮਲਹੋਤਰਾ, ਸਾਬਕਾ ਮੀਤ ਪ੍ਰਧਾਨ ਰਣਧੀਰ ਸਿੰਘ ਮਲਹੋਤਰਾ, ਗੁਰਮੇਜ ਉੱਦੋਨੰਗਲ, ਦਲਬੀਰ ਸਿੰਘ ਭਗਵਾਨ, ਜਸਵਿੰਦਰ ਸਿੰਘ ਨੰਗਲ ਦਿਆਲ, ਅਵਤਾਰ ਸਿੰਘ ਟੱਕਰ, ਕਸ਼ਮੀਰ ਸਿੰਘ ਜਾਣੀਆਂ, ਚਰਨਜੀਤ ਸਿੰਘ ਟੀਟੇ,ਮਲਕੀਤ ਸਿੰਘ ਸਰਜਾ ਮਨਜਿੰਦਰ ਸਿੰਘ ਸਰਜਾ, ਗੁਰਮੀਤ ਸਿੰਘ ਮੁਛਲ ਮਾਸਟਰ ਮੁਖਤਾਰ ਸਿੰਘ ਮੁਛਲ ਗੁਰਲਾਲ ਸਿੰਘ ਮੱਖਣਵਿੰਡੀ, ਸੋਨੂੰ ਬਰਾੜ, ਨਿਰਮਲ ਸਿੰਘ ਨਿੰਮਾ, ਸੋਨੂੰ ਵਿਰਕ, ਨਿਰਮਲ ਸਿੰਘ ਲਾਹੌਰੀਆ, ਰਾਜਦੀਪ ਸੈਣੀ, ਮਨਜੀਤ ਸਿੰਘ ਪੱਪੀ, ਸਾਬਕਾ ਕੌਂਸਲਰ ਹਰਦੇਵ ਸਿੰਘ, ਪਰਮਜੀਤ ਸਿੰਘ ਮਲਹੋਤਰਾ, ਐਡਵੋਕੇਟ ਅਮਨ ਅਰੋੜਾ, ਸੁਰਿੰਦਰ ਸੋਠ, ਪਰਮਜੀਤ ਸਿੰਘ ਹੈਰੀ, ਹੀਰਾ ਲਾਲ, ਇੰਦਰਜੀਤ ਸਮੇਤ ਸੈਂਕੜੇ ਪਾਰਟੀ ਵਰਕਰ ਅਤੇ ਆਗੂ ਹਾਜ਼ਰ ਸਨ।
Leave a Reply