ਸਿੱਖ ਨੌਜਵਾਨਾਂ ਵਿੱਚ ਦਹਿਸ਼ਤ ਪੈਦਾ ਕਰ ਰਹੀ ਸਰਕਾਰ : ਬੀਬੀ ਕੁਲਵਿੰਦਰ ਕੌਰ ਖ਼ਾਲਸਾ

ਸਿੱਖ ਨੌਜਵਾਨਾਂ ਵਿੱਚ ਦਹਿਸ਼ਤ ਪੈਦਾ ਕਰ ਰਹੀ ਸਰਕਾਰ : ਬੀਬੀ ਕੁਲਵਿੰਦਰ ਕੌਰ ਖ਼ਾਲਸਾ

ਅੰਮ੍ਰਿਤਸਰ, 1 ਮਈ ,ਨਜ਼ਰਾਨਾ ਟਾਈਮਜ 
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਇਸਤਰੀ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਬੀਬੀ ਕੁਲਵਿੰਦਰ ਕੌਰ ਖਾਲਸਾ ਨੇ ਪੰਜਾਬ ਸਰਕਾਰ ਵੱਲੋਂ ਸਿੱਖ ਨੌਜਵਾਨਾਂ ਦੀਆਂ ਕੀਤੀਆਂ ਗ੍ਰਿਫਤਾਰੀਆਂ ਦਾ ਡਟਵਾਂ ਵਿਰੋਧ ਕੀਤਾ ਹੈ। ਉਹਨਾਂ ਕਿਹਾ ਕਿ ਸਰਕਾਰ ਦੀ ਇਹ ਸਿੱਖ ਨੌਜਵਾਨਾਂ ਵਿੱਚ ਡਰ ਅਤੇ ਦਹਿਸ਼ਤ ਪੈਦਾ ਕਰਨ ਦੀ ਕਾਰਵਾਈ ਹੈ ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਭਾਈ ਕੁਲਵੰਤ ਸਿੰਘ ਕੋਟਲਾ ਗੁਜਰਾਂ ਅਤੇ ਭਾਈ ਲਵਪ੍ਰੀਤ ਸਿੰਘ ਤੂਫਾਨ ਦੇ ਘਰ ਪੁਲਿਸ ਛਾਪੇਮਾਰੀ ਕਰਨਾ, ਉਹਨਾਂ ਨੂੰ ਗ੍ਰਿਫਤਾਰ ਕਰਨਾ ਤੇ ਪੁੱਛਗਿੱਛ ਕਰਨਾ ਇਹ ਸਰਕਾਰ ਦਾ ਘਟੀਆ ਵਤੀਰਾ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ ਕੇਸਾਂ ਵਿੱਚ ਫਸਾ ਦੇਣਾ ਤੇ ਸਿੱਖ ਕੌਮ ਨੂੰ ਬਦਨਾਮ ਕਰਨਾ ਇਹ ਸਰਕਾਰ ਦੀ ਕੋਝੀ ਸਾਜਿਸ਼ ਹੈ ਜਿਸ ਖਿਲਾਫ ਜਥੇਬੰਦੀਆਂ ਨੂੰ ਆਵਾਜ਼ ਬੁਲੰਦ ਕਰਨ ਦੀ ਲੋੜ ਹੈ। ਉਹਨਾਂ ਕਿਹਾ ਕਿ ਕੁਝ ਦਿਨ ਪਹਿਲਾਂ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਅਤੇ ਪੰਥਕ ਲੇਖਕ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਜਨਰਲ ਸਕੱਤਰ ਭਾਈ ਗਗਨਦੀਪ ਸਿੰਘ ਸੁਲਤਾਨਵਿੰਡ ਨੂੰ ਵੀ ਥਾਣਿਆਂ ਤੇ ਸਪੈਸ਼ਲ ਸੈਲਾਂ ਵਿੱਚ ਸੱਦ ਕੇ ਖੱਜਲ ਖੁਆਰ ਕੀਤਾ ਗਿਆ ਸੀ। ਬੀਬੀ ਕੁਲਵਿੰਦਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਦਾ ਧੰਨਵਾਦ ਵੀ ਕੀਤਾ ਜਿਨ੍ਹਾਂ ਨੇ ਨੌਜਵਾਨਾਂ ਦੀ ਰਿਹਾਈ ਲਈ ਆਵਾਜ਼ ਬੁਲੰਦ ਕਰਕੇ ਬੰਦ ਖਲਾਸੀ ਕਰਵਾਈ। ਬੀਬੀ ਕੁਲਵਿੰਦਰ ਕੌਰ ਨੇ ਕਿਹਾ ਪਹਿਲੇ ਬੰਦੀ ਸਿੰਘ ਤਾਂ ਰਿਹਾ ਨਹੀਂ ਹੋਏ ਤੇ ਉਲਟਾ ਸਰਕਾਰ ਹੋਰ ਬੇਦੋਸ਼ੇ ਨੌਜਵਾਨਾਂ ਨੂੰ ਜੇਲਾਂ ਵਿੱਚ ਨਜ਼ਰਬੰਦ ਕਰੀ ਜਾ ਰਹੀ ਹੈ ਜੋ ਸਿੱਖ ਕੌਮ ਲਈ ਚਿੰਤਾ ਦਾ ਵਿਸ਼ਾ ਹੈ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.