ਆਪ' ਸਰਕਾਰ ਲੋਕਾਂ ਨੂੰ ਡਰਾਉਣ ਧਮਕਾਉਣ ਦੀ ਕਰ ਰਹੀ ਰਾਜਨੀਤੀ-ਰਵਨੀਤ ਸਿੰਘ ਬਿੱਟੂ
- ਰਾਜਨੀਤੀ
- 12 May, 2026 05:59 PM (Asia/Kolkata)
ਭਾਜਪਾ ਦਫਤਰ ਤਰਨਤਾਰਨ 'ਚ ਹਮਲੇ ਤੋਂ ਬਾਅਦ ਸਮੁੱਚੀ ਹਾਈਕਮਾਂਡ ਨੇ ਕੀਤੀ 'ਆਪ' ਦੀ ਨਿਖੇਧੀ
ਰਾਕੇਸ਼ ਨਈਅਰ ਚੋਹਲਾ
ਤਰਨਤਾਰਨ,12 ਮਈ
ਜ਼ਿਲ੍ਹਾ ਤਰਨ ਤਾਰਨ ਵਿਖੇ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫ਼ਤਰ ‘ਚ ਸੋਮਵਾਰ ਨੂੰ ਅਣਪਛਾਤੇ ਲੋਕਾਂ ਵੱਲੋਂ ਕੀਤੀ ਗਈ ਗੁੰਡਾਗਰਦੀ ਅਤੇ ਜਾਨਲੇਵਾ ਹਮਲੇ ਦੇ ਸੰਬੰਧ ਵਿੱਚ ਕੇਂਦਰੀ ਰਾਜ ਮੰਤਰੀ ਸ.ਰਵਨੀਤ ਸਿੰਘ ਬਿੱਟੂ ਵਿਸ਼ੇਸ਼ ਤੌਰ ‘ਤੇ ਭਾਜਪਾ ਦਫ਼ਤਰ ਤਰਨ ਤਾਰਨ ਪਹੁੰਚੇ।ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ,ਸਹਿ ਪ੍ਰਭਾਰੀ ਅਤੇ ਪ੍ਰਦੇਸ਼ ਪ੍ਰਵਕਤਾ ਨਰੇਸ਼ ਸ਼ਰਮਾ ਤੋਂ ਇਲਾਵਾ ਜ਼ਿਲ੍ਹਾ ਮਹਾਂ ਮੰਤਰੀ,ਮੰਡਲ ਪ੍ਰਧਾਨ,ਪ੍ਰਮੁੱਖ ਆਗੂ ਅਤੇ ਵੱਡੀ ਗਿਣਤੀ ਵਿੱਚ ਭਾਜਪਾ ਸਮਰਥਕ ਵੀ ਮੌਜੂਦ ਸਨ।
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਂਦਰੀ ਰਾਜ ਮੰਤਰੀ ਸਰਦਾਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਦੇ ਅੰਦਰ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਹੇਠ ਗੁੰਡਾ ਅਨਸਰਾਂ ਦੇ ਹੌਸਲੇ ਬੁਲੰਦ ਹੋਏ ਹਨ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਦਫ਼ਤਰ ਉੱਤੇ ਦਿਨ ਦਿਹਾੜੇ ਕੀਤਾ ਗਿਆ ਇਹ ਹਮਲਾ ਸਿਰਫ਼ ਇੱਕ ਰਾਜਨੀਤਿਕ ਪਾਰਟੀ ‘ਤੇ ਹਮਲਾ ਨਹੀਂ,ਸਗੋਂ ਲੋਕਤੰਤਰ ‘ਤੇ ਸਿੱਧਾ ਹਮਲਾ ਹੈ।ਬਿੱਟੂ ਨੇ ਕਿਹਾ ਕਿ ਹਮਲਾਵਰਾਂ ਦਾ ਮੁੱਖ ਨਿਸ਼ਾਨਾ ਜ਼ਿਲ੍ਹਾ ਪ੍ਰਧਾਨ ਸ੍ਰੀ ਹਰਜੀਤ ਸਿੰਘ ਸੰਧੂ ਅਤੇ ਹੋਰ ਭਾਜਪਾ ਆਗੂ ਸਨ।ਉਨ੍ਹਾਂ ਦੱਸਿਆ ਕਿ ਚੰਗੀ ਕਿਸਮਤ ਨਾਲ ਪ੍ਰਧਾਨ ਜੀ ਕੁਝ ਮਿੰਟ ਪਹਿਲਾਂ ਹੀ ਦਫ਼ਤਰ ਤੋਂ ਬਾਹਰ ਨਿਕਲੇ ਸਨ,ਨਹੀਂ ਤਾਂ ਕੋਈ ਵੱਡਾ ਜਾਨੀ ਨੁਕਸਾਨ ਹੋ ਸਕਦਾ ਸੀ।ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਹੀ ਗੰਭੀਰ ਹੈ ਅਤੇ ਇਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਬਦਲਾਅ ਦੇ ਨਾਮ ‘ਤੇ ਧੋਖਾ ਕੀਤਾ ਗਿਆ ਹੈ।ਜਿੱਥੇ ਆਮ ਲੋਕਾਂ ਨੂੰ ਸੁਰੱਖਿਆ ਦੀ ਲੋੜ ਹੈ, ਉੱਥੇ ਸਰਕਾਰ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਡਰਾਉਣ ਅਤੇ ਦਬਾਉਣ ਦੀ ਰਾਜਨੀਤੀ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਦਾ ਰਾਜ ਨਹੀਂ,ਸਗੋਂ ਗੁੰਡਾਰਾਜ ਚੱਲ ਰਿਹਾ ਹੈ।ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਜਿਹੜੇ ਲੋਕ ਭਾਜਪਾ ਵਰਕਰਾਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੇ ਹਨ,ਉਹ ਇਹ ਗੱਲ ਚੰਗੀ ਤਰ੍ਹਾਂ ਸਮਝ ਲੈਣ ਕਿ ਭਾਜਪਾ ਦਾ ਹਰ ਇਕ ਵਰਕਰ ਦੇਸ਼ ਦੀ ਏਕਤਾ ਅਤੇ ਲੋਕਤੰਤਰ ਦੀ ਰੱਖਿਆ ਲਈ ਹਮੇਸ਼ਾਂ ਡਟ ਕੇ ਖੜ੍ਹਾ ਰਹੇਗਾ।ਉਨ੍ਹਾਂ ਕਿਹਾ ਕਿ ਭਾਜਪਾ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਜਾਂ ਗੁੰਡਾਗਰਦੀ ਅੱਗੇ ਝੁਕਣ ਵਾਲੀ ਨਹੀਂ ਹੈ।
ਉਨ੍ਹਾਂ ਪੰਜਾਬ ਪੁਲਿਸ ਅਤੇ ਪ੍ਰਸ਼ਾਸਨ ਨੂੰ ਵੀ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਭਾਜਪਾ ਵੱਲੋਂ ਸੂਬਾ ਪੱਧਰ ‘ਤੇ ਵੱਡਾ ਸੰਘਰਸ਼ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਹਮਲੇ ਦੇ ਪਿੱਛੇ ਜਿਹੜੇ ਵੀ ਲੋਕ ਹਨ,ਉਨ੍ਹਾਂ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ ਅਤੇ ਸਾਜ਼ਿਸ਼ਕਾਰਾਂ ਨੂੰ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਵੀ ਕੇਂਦਰੀ ਰਾਜ ਮੰਤਰੀ ਸਰਦਾਰ ਰਵਨੀਤ ਸਿੰਘ ਬਿੱਟੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਜਪਾ ਦਾ ਹਰ ਵਰਕਰ ਇੱਕ ਪਰਿਵਾਰ ਵਾਂਗ ਇਕੱਠਾ ਖੜ੍ਹਾ ਹੈ ਅਤੇ ਅਜਿਹੀਆਂ ਘਟਨਾਵਾਂ ਨਾਲ ਉਹ ਡਰਨ ਵਾਲੇ ਨਹੀਂ।ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰ ਕਿਸੇ ਨੂੰ ਆਪਣੀ ਗੱਲ ਕਹਿਣ ਦਾ ਅਧਿਕਾਰ ਹੈ,ਪਰ ਹਿੰਸਾ ਅਤੇ ਗੁੰਡਾਗਰਦੀ ਦਾ ਕੋਈ ਸਥਾਨ ਨਹੀਂ ਹੋ ਸਕਦਾ।ਅੰਤ ਵਿੱਚ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਤਾਕਤਾਂ ਤੋਂ ਸਾਵਧਾਨ ਰਹਿਣ ਜੋ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀਆਂ ਹਨ।ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੀ ਸ਼ਾਂਤੀ,ਤਰੱਕੀ ਅਤੇ ਲੋਕਾਂ ਦੀ ਸੁਰੱਖਿਆ ਲਈ ਲਗਾਤਾਰ ਸੰਘਰਸ਼ ਕਰਦੀ ਰਹੇਗੀ ਅਤੇ ਕਿਸੇ ਵੀ ਕੀਮਤ ‘ਤੇ ਪੰਜਾਬ ਦੀ ਅਮਨ-ਸ਼ਾਂਤੀ ਨੂੰ ਖ਼ਰਾਬ ਨਹੀਂ ਹੋਣ ਦਿੱਤਾ ਜਾਵੇਗਾ।ਵਰਕਰ ਪੂਰੇ ਜੋਸ਼ ਹੋਸ਼ ਅਤੇ ਮਿਹਨਤ ਨਾਲ ਪੱਟੀ ਅਤੇ ਭਿੱਖੀਵਿੰਡ ਚੋਣਾਂ ਵਿੱਚ ਭਾਜਪਾ ਦੀ ਜਿੱਤ ਲਈ ਕੰਮ ਕਰਨਗੇ।ਇਸ ਮੌਕੇ 'ਤੇ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ,ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ,ਮੀਤ ਪ੍ਰਧਾਨ ਸਤਨਾਮ ਸਿੰਘ ਭੁੱਲਰ,ਮੀਤ ਪ੍ਰਧਾਨ ਰਿਤੇਸ਼ ਚੋਪੜਾ,ਪ੍ਰਦੇਸ਼ ਕਾਰਜਕਾਰਨੀ ਮੈਂਬਰ ਬਲਵਿੰਦਰ ਸਿੰਘ,ਕਿਸਾਨ ਮੋਰਚਾ ਪ੍ਰਧਾਨ ਡਾ. ਅਵਤਾਰ ਸਿੰਘ,ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ,ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ,ਓਬੀਸੀ ਮੋਰਚਾ ਪ੍ਰਧਾਨ ਨਿਸ਼ਾਨ ਸਿੰਘ, ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ, ਸੀਨੀਅਰ ਆਗੂ ਦਲਬੀਰ ਸਿੰਘ ਅਲਗੋਂ ਕੋਠੀ,ਸਕੱਤਰ ਹਰਮਨਦੀਪ ਸਿੰਘ ਕੱਲਾ, ਸਕੱਤਰ ਸਵਿੰਦਰ ਸਿੰਘ ਪੰਨੂ,ਸਕੱਤਰ ਹਰਜੀਤ ਸਿੰਘ ਕੰਗ, ਨੌਜਵਾਨ ਆਗੂ ਗੁਰਲਾਲ ਸਿੰਘ ਅਲਗੋਂ,ਮੋਰਚਾ ਜਨਰਲ ਸਕੱਤਰ ਅਮਨ ਅਰੋੜਾ,ਮੇਜਰ ਸਿੰਘ ਗਿੱਲ, ਸਰਕਲ ਪ੍ਰਧਾਨ ਰੋਹਿਤ ਸ਼ਰਮਾ ,ਭੋਲਾ ਸਿੰਘ ਰਾਣਾ ਗੰਡੀਵਿੰਡ,ਦਿਲਬਾਗ ਸਿੰਘ ਖਾਰਾ, ਡਾ.ਸੁਖਵੰਤ ਸਿੰਘ ਮੂਸੇ, ਕਰਮਜੀਤ ਸਿੰਘ ਗੱਗੋਬੂਹਾ ,ਮੇਹਰ ਸਿੰਘ ,ਨਰਿੰਦਰ ਸਿੰਘ ,ਕੁਲਦੀਪ ਸਿੰਘ, ਖੁਸ਼ਪਿੰਦਰ ਸਿੰਘ,ਸੁਖਵਿੰਦਰ ਸਿੰਘ, ਵਿਜੇ ਵਿਨਾਇਕ, ਕਾਰਜ ਸਿੰਘ ਸ਼ਾਹ, ਗੌਰਵ ਦੇਵਗਨ , ਮਲਕੀਤ ਸਿੰਘ ,ਜੇਈ ਗੁਰਬਚਨ ਸਿੰਘ,ਸੁਖਦੇਵ ਸਿੰਘ ਮਾਲੂਵਾਲ ,ਬਚਿੱਤਰ ਸਿੰਘ ,ਰਾਮੇਸ਼ ਕਲਸੀ,ਜਸਵਿੰਦਰ ਸਿੰਘ, ਘਣਸ਼ਿਆਮ ਜੋਸ਼ੀ,ਅਮਨ ਸ਼ਰਮਾ ,ਪਰਮਜੀਤ ਸਿੰਘ, ਚਰਨਜੀਤ ਸਿੰਘ ਖਾਲਸਾ ,ਦਲਜਿੰਦਰ ਸਿੰਘ ਖਾਲਸਾ ,ਰਾਮੇਸ਼ ਕਲਸੀ ਤੋਂ ਇਲਾਵਾ ਜਿਲੇ ਭਰ ਤੋਂ ਸੈਂਕੜੇ ਪ੍ਰਮੁੱਖ ਆਗੂਆਂ ਨੇ ਸ਼ਿਰਕਤ ਕੀਤੀ।
Leave a Reply