ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਪਿੰਡ ਅਠੌਲੀ ‘ਚ ਕਰਨਗੇ ਲੋਕ ਮਿਲਣੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਪਿੰਡ ਅਠੌਲੀ ‘ਚ ਕਰਨਗੇ ਲੋਕ ਮਿਲਣੀ

ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਅਧਿਕਾਰੀਆਂ ਸਮੇਤ ਲਿਆ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ

ਫਗਵਾੜਾ, 15 ਜੂਨ ਗੌਰਵ ਮੜੀਆ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਲੋਕ ਮਿਲਣੀ ਪ੍ਰੋਗਰਾਮਾਂ ਦੀ ਲੜੀ ਤਹਿਤ ਮੁੱਖ ਮੰਤਰੀ 18 ਜੂਨ ਵੀਰਵਾਰ ਨੂੰ ਨੇੜਲੇ ਪਿੰਡ ਅਠੌਲੀ ਵਿਖੇ ਰੂਬਰੂ ਹੋਣਗੇ 

ਲੋਕ ਮਿਲਣੀ ਦੇ ਮੱਦੇਨਜ਼ਰ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਅਤੇ ਐੱਸ.ਐੱਸ.ਪੀ. ਗੌਰਵ ਤੂਰਾ ਦੇ ਨਾਲ ਮੌਕੇ ‘ਤੇ ਪਹੁੰਚ ਕੇ ਸਮਾਗਮ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ । ਉਨ੍ਹਾਂ ਕਿਹਾ ਕਿ ਪ੍ਰੋਗਰਾਮ ਨੂੰ ਸੁਚਾਰੂ ਅਤੇ ਸਫਲ ਬਣਾਉਣ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ। ਡਾ. ਚੱਬੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਇਹ ਉਪਰਾਲਾ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨ ਦਾ ਬਹੁਤ ਅਸਰਦਾਰ ਅਤੇ ਵਧੀਆ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕ ਮਿਲਣੀ ਦੌਰਾਨ ਫਗਵਾੜਾ ਅਤੇ ਨੇੜਲੇ ਪਿੰਡਾਂ ਦੇ ਵਸਨੀਕਾਂ ਦੇ ਰੂਬਰੂ ਹੋ ਕੇ ਗੱਲਬਾਤ ਕਰਨਗੇ ਅਤੇ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਕੀਤੇ ਜਾ ਰਹੇ ਇਤਿਹਾਸਕ ਕਾਰਜਾਂ ਅਤੇ ਫੈਸਲਿਆਂ ਬਾਰੇ ਜਾਣਕਾਰੀ ਦੇਣਗੇ ਜਿਨ੍ਹਾਂ ਵਿਚ ਸਿੱਖਿਆ, ਬਿਜਲੀ, ਸਿਹਤ, ਸਮਾਜਿਕ ਭਲਾਈ, ਉਦਯੋਗ, ਖੇਤੀਬਾੜੀ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਖੇਤਰ ਵਿੱਚ ਚੁੱਕੇ ਗਏ ਕਦਮ ਸ਼ਾਮਲ ਹਨ। 

ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਅਧਿਕਾਰੀਆਂ ਨੂੰ ਟਰੈਫਿਕ ਡਾਇਵਰਜ਼ਨ, ਪਾਰਕਿੰਗ, ਸੁਰੱਖਿਆ ਪ੍ਰਬੰਧਾਂ, ਲੋਕਾਂ ਲਈ ਬੈਠਣ ਦੀ ਵਿਵਸਥਾ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਸਬੰਧੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਸਮਾਗਮ ਦੇ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਕਿਹਾ ਕਿ ਹਰ ਵਿਭਾਗ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਏ ਤਾਂ ਜੋ ਲੋਕ ਮਿਲਣੀ ਪ੍ਰੋਗਰਾਮ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਪੁਲਿਸ ਵਿਭਾਗ ਨੂੰ ਸੁਰੱਖਿਆ ਪ੍ਰਬੰਧ ਅਤੇ ਟਰੈਫਿਕ ਤੇ ਪਾਰਕਿੰਗ ਦੇ ਸੁਚਾਰੂ ਪ੍ਰਬੰਧਨ ਦੇ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਮੇਅਰ ਰਾਮਪਾਲ ਉੱਪਲ, ਏ.ਡੀ.ਸੀ. ਰਣਦੀਪ ਸਿੰਘ ਹੀਰ, ਆਮ ਆਦਮੀ ਪਾਰਟੀ ਦੇ ਆਗੂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.