ਦੁਸਹਿਰੇ ਮੌਕੇ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਪ੍ਰਸ਼ਾਸਨ ਸਖ਼ਤ, ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਬੁਝਾਈ ਅੱਗ

ਦੁਸਹਿਰੇ ਮੌਕੇ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਪ੍ਰਸ਼ਾਸਨ ਸਖ਼ਤ, ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਬੁਝਾਈ ਅੱਗ

ਐਸ.ਡੀ.ਐਮ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਵਿੱਚ ਪੈਟਰੋਲਿੰਗ

-ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਰਵੀ ਖਹਿਰਾ,ਖਡੂਰ ਸਾਹਿਬ 

ਦੁਸਹਿਰੇ ਦੇ ਮੌਕੇ ’ਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਵਿਸ਼ੇਸ਼ ਚੌਕਸੀ ਵਰਤੀ ਗਈ। ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਉੱਪ ਮੰਡਲ ਮੈਜਿਸਟ੍ਰੇਟ ਖਡੂਰ ਸਾਹਿਬ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਦੀ ਟੀਮ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਾਰਵਾਈ ਕੀਤੀ ਗਈ ਅਤੇ ਮੌਕੇ ’ਤੇ ਲੱਗੀ ਅੱਗ ਨੂੰ ਬੁਝਾਇਆ ਗਿਆ।

ਇਸ ਪੈਟਰੋਲਿੰਗ ਟੀਮ ਵਿੱਚ ਡਾ. ਯਾਦਵਿੰਦਰ ਸਿੰਘ, ਕਲੱਸਟਰ ਅਫ਼ਸਰ ਖਡੂਰ ਸਾਹਿਬ ਅਤੇ ਪੁਲਿਸ ਚੌਕੀ ਫਤਿਹਾਬਾਦ ਦੇ ਏਐਸਆਈ ਸ੍ਰੀ ਬਲਦੇਵ ਸਿੰਘ ਸ਼ਾਮਲ ਸਨ। ਟੀਮ ਵੱਲੋਂ ਗੋਇੰਦਵਾਲ ਸਾਹਿਬ, ਫਤਿਹਾਬਾਦ, ਭਰੋਵਾਲ, ਖਡੂਰ ਸਾਹਿਬ, ਮਗਲਾਣੀ, ਵੜਿੰਗ ਸੂਬਾ ਸਿੰਘ, ਸੰਘਰ ਕਲਾਂ ਅਤੇ ਸੰਘਰਕੋਟ ਸਮੇਤ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ।

ਇਸ ਮੌਕੇ ਐਸਡੀਐਮ ਸ੍ਰੀ ਸੰਜੀਵ ਸ਼ਰਮਾ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਦੀ ਸੰਭਾਲ ਅਤੇ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਨ।

ਡਾ. ਯਾਦਵਿੰਦਰ ਸਿੰਘ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਮਾੜਾ ਅਸਰ ਪੈਂਦਾ ਹੈ ਅਤੇ ਮਿੱਟੀ ਵਿੱਚ ਮੌਜੂਦ ਮਿੱਤਰ ਕੀੜੇ ਤੇ ਸੂਖਮ ਜੀਵ ਨਸ਼ਟ ਹੋ ਜਾਂਦੇ ਹਨ। ਇਸ ਨਾਲ ਮਿੱਟੀ ਦੀ ਸਿਹਤ ਅਤੇ ਵਾਤਾਵਰਣ ਨੂੰ ਨੁਕਸਾਨ ਪਹੁੰਚਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਖੇਤਾਂ ਵਿੱਚ ਹੀ ਪ੍ਰਬੰਧਨ ਕਰਨ ਜਾਂ ਬੇਲਰ ਵਰਗੀ ਖੇਤੀ ਮਸ਼ੀਨਰੀ ਰਾਹੀਂ ਗੰਢਾਂ ਬਣਵਾ ਕੇ ਇਸ ਦੀ ਸੁਚੱਜੀ ਵਰਤੋਂ ਕਰਨ।

ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਵੀ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਪਰਾਲੀ ਨਾ ਸਾੜ ਕੇ ਵਾਤਾਵਰਣ ਦੀ ਸੁਰੱਖਿਆ, ਮਿੱਟੀ ਦੀ ਉਪਜਾਊ ਸ਼ਕਤੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਸਿਹਤਮੰਦ ਭਵਿੱਖ ਵਿੱਚ ਆਪਣਾ ਯੋਗਦਾਨ ਪਾਉਣ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.