ਪਿੰਡ ਚੰਬਾ ਕਲਾਂ ਵਿਖੇ ‘ਆਪ’ ਨੂੰ ਵੱਡਾ ਸਿਆਸੀ ਝਟਕਾ

ਪਿੰਡ ਚੰਬਾ ਕਲਾਂ ਵਿਖੇ ‘ਆਪ’ ਨੂੰ ਵੱਡਾ ਸਿਆਸੀ ਝਟਕਾ

ਸਿੱਕੀ ਦੀ ਅਗਵਾਈ ਹੇਠ ਮੌਜੂਦਾ ਮੈਂਬਰ ਪੰਚਾਇਤ ਹਰਦਿਆਲ ਸਿੰਘ ਤੇ ਠੇਕੇਦਾਰ ਹਰਪਾਲ ਸਿੰਘ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਲ

ਲੋਕਾਂ ਦਾ ਮੋਹ ‘ਆਪ’ ਸਰਕਾਰ ਤੋਂ ਭੰਗ ਹੋ ਚੁੱਕਾ ਹੈ, ਕਾਂਗਰਸ ਲੋਕਾਂ ਦੀ ਆਵਾਜ਼ ਬਣ ਕੇ ਮੈਦਾਨ ਵਿੱਚ ਡਟੀ : ਰਮਨਜੀਤ ਸਿੰਘ ਸਿੱਕੀ

ਰਾਕੇਸ਼ ਨਈਅਰ

ਚੋਹਲਾ ਸਾਹਿਬ/ਖਡੂਰ ਸਾਹਿਬ,2 ਨਵੰਬਰ

ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਚੰਬਾ ਕਲਾਂ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ,ਜਦੋਂ ਮੌਜੂਦਾ ਮੈਂਬਰ ਪੰਚਾਇਤ ਹਰਦਿਆਲ ਸਿੰਘ ਅਤੇ ਉੱਘੇ ਠੇਕੇਦਾਰ ਹਰਪਾਲ ਸਿੰਘ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਨਿਰਾਸ਼ ਹੋ ਕੇ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ। ਇਨ੍ਹਾਂ ਆਗੂਆਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨਾਲ ਹਲਕਾ ਖਡੂਰ ਸਾਹਿਬ ਅੰਦਰ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ।

ਇਸ ਮੌਕੇ ਸਾਬਕਾ ਵਿਧਾਇਕ ਹਲਕਾ ਖਡੂਰ ਸਾਹਿਬ ਰਮਨਜੀਤ ਸਿੰਘ ਸਿੱਕੀ ਨੇ ਕਾਂਗਰਸ ਪਰਿਵਾਰ ਵਿੱਚ ਸ਼ਾਮਲ ਹੋਣ ਵਾਲੇ ਦੋਵਾਂ ਆਗੂਆਂ ਅਤੇ ਉਨ੍ਹਾਂ ਦੇ ਸਾਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ।ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਪਰਿਵਾਰ ਹਲਕਾ ਖਡੂਰ ਸਾਹਿਬ ਵਿੱਚ ਲਗਾਤਾਰ ਵੱਡਾ ਹੋ ਰਿਹਾ ਹੈ ਅਤੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਦਾ ਕਾਂਗਰਸ ਵਿੱਚ ਸ਼ਾਮਲ ਹੋਣਾ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਪ੍ਰਤੀ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

'ਆਪ’ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ’

ਰਮਨਜੀਤ ਸਿੰਘ ਸਿੱਕੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਸੀ,ਪਰ ਅੱਜ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਲੋਕ ਹੁਣ ਬਦਲਾਅ ਦੇ ਨਾਂ ’ਤੇ ਕੀਤੇ ਗਏ ਵਾਅਦਿਆਂ ਅਤੇ ਜ਼ਮੀਨੀ ਹਕੀਕਤ ਵਿਚਲੇ ਫ਼ਰਕ ਨੂੰ ਸਮਝ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦਾ ਮੋਹ ‘ਆਪ’ ਸਰਕਾਰ ਤੋਂ ਭੰਗ ਹੋ ਚੁੱਕਾ ਹੈ ਅਤੇ ਕਾਂਗਰਸ ਪਾਰਟੀ ਲੋਕਾਂ ਦੀ ਆਵਾਜ਼ ਬਣ ਕੇ ਮੈਦਾਨ ਵਿੱਚ ਡਟੀ ਹੋਈ ਹੈ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਰਫ਼ ਚੋਣਾਂ ਸਮੇਂ ਕੀਤੇ ਵਾਅਦੇ ਨਹੀਂ,ਸਗੋਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ,ਇਲਾਕੇ ਦਾ ਵਿਕਾਸ ਅਤੇ ਹਰ ਵਰਗ ਦਾ ਸਤਿਕਾਰ ਚਾਹੀਦਾ ਹੈ। ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ, ਨੌਜਵਾਨਾਂ ਦੇ ਰੁਜ਼ਗਾਰ, ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਆਮ ਪਰਿਵਾਰਾਂ ਦੀਆਂ ਉਮੀਦਾਂ ਨੂੰ ਗੰਭੀਰਤਾ ਨਾਲ ਸੁਣਨ ਦੇ ਨਾਲ-ਨਾਲ ਉਨ੍ਹਾਂ ਦਾ ਹੱਲ ਕਰਨਾ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੈ।

ਸਿੱਕੀ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਦੀ ਲੜਾਈ ਪਹਿਲਾਂ ਵੀ ਲੜਦੀ ਰਹੀ ਹੈ ਅਤੇ ਅੱਗੇ ਵੀ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਰਹੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਦੀ ਹੈ ਅਤੇ ਉਨ੍ਹਾਂ ਦੇ ਹੱਲ ਲਈ ਹਮੇਸ਼ਾ ਯਤਨਸ਼ੀਲ ਰਹੇਗੀ।

‘ਕਾਂਗਰਸ ਵਿੱਚ ਹਰ ਵਰਕਰ ਨੂੰ ਮਿਲਦਾ ਹੈ ਬਰਾਬਰ ਸਤਿਕਾਰ’

ਸਾਬਕਾ ਵਿਧਾਇਕ ਨੇ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਹਰ ਪੁਰਾਣੇ ਅਤੇ ਨਵੇਂ ਵਰਕਰ ਨੂੰ ਬਰਾਬਰ ਮਾਣ-ਸਨਮਾਨ ਦਿੱਤਾ ਜਾਂਦਾ ਹੈ। ਪਾਰਟੀ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਸਮੁੱਚੇ ਵਰਕਰਾਂ ਦੀ ਸਾਂਝੀ ਤਾਕਤ ਹੈ। ਉਨ੍ਹਾਂ ਕਿਹਾ ਕਿ ਹਰਦਿਆਲ ਸਿੰਘ ਅਤੇ ਹਰਪਾਲ ਸਿੰਘ ਵਰਗੇ ਮਿਹਨਤੀ ਆਗੂਆਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨਾਲ ਪਿੰਡ ਚੰਬਾ ਕਲਾਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।

ਉਨ੍ਹਾਂ ਕਿਹਾ ਕਿ ਮਿਸ਼ਨ 2027 ਨੂੰ ਮੁੱਖ ਰੱਖਦਿਆਂ ਹਲਕਾ ਖਡੂਰ ਸਾਹਿਬ ਦੇ ਹਰ ਪਿੰਡ ਵਿੱਚ ਲੋਕਾਂ ਨਾਲ ਸੰਪਰਕ ਹੋਰ ਮਜ਼ਬੂਤ ਕੀਤਾ ਜਾਵੇਗਾ। ਕਾਂਗਰਸ ਪਾਰਟੀ ਦਾ ਹਰ ਵਰਕਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਆਪਣੀ ਸਮੱਸਿਆ ਸਮਝ ਕੇ ਉਨ੍ਹਾਂ ਦੇ ਹੱਲ ਲਈ ਯਤਨ ਕਰੇਗਾ।

ਸਿੱਕੀ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਮਕਸਦ ਸਿਰਫ਼ ਸਿਆਸੀ ਤਾਕਤ ਹਾਸਲ ਕਰਨਾ ਨਹੀਂ, ਸਗੋਂ ਹਲਕੇ ਨੂੰ ਵਿਕਾਸ,ਖੁਸ਼ਹਾਲੀ ਅਤੇ ਲੋਕ-ਪੱਖੀ ਰਾਜਨੀਤੀ ਵੱਲ ਲੈ ਕੇ ਜਾਣਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਸਾਥੀਆਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਸਹਿਯੋਗ ਨਾਲ ਹਲਕੇ ਅੰਦਰ ਪਾਰਟੀ ਦੀ ਮਜ਼ਬੂਤੀ ਲਈ ਹੋਰ ਵੱਡੇ ਪੱਧਰ ’ਤੇ ਕੰਮ ਕੀਤਾ ਜਾਵੇਗਾ।

ਇਸ ਮੌਕੇ ਸਰਪੰਚ ਮਹਿੰਦਰ ਸਿੰਘ ਚੰਬਾ,ਸੁਖਬੀਰ ਸਿੰਘ ਚੰਬਾ,ਜੋਤੀ ਬਾਗੜੀਆਂ,ਪੀਏ ਰਣਜੀਤ ਸਿੰਘ ਰਾਣਾ ਪਵਾਰ,ਹਰਪ੍ਰੀਤ ਸਿੰਘ ਚੰਬਾ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।