ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਅੰਮ੍ਰਿਤਸਰ- 20 ਨਵੰਬਰ, ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ
ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਾਰੇ ਸੰਖੇਪ ਜਾਣਕਾਰੀ….
ਸ਼੍ਰੋਮਣੀ ਕਮੇਟੀ ਦੇ ਛੇਵੀਂ ਵਾਰ ਲਗਾਤਾਰ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲੰਮੇ ਅਰਸੇ ਤੋਂ ਸਿੱਖ ਸੰਸਥਾ ਨਾਲ ਜੁੜੇ ਹੋਏ ਹਨ। 1956 ਵਿਚ ਜਨਮੇ ਐਡਵੋਕੇਟ ਹਰਜਿੰਦਰ ਸਿੰਘ ਬੀਏ, ਐਲਐਲਬੀ ਪਾਸ ਹਨ ਅਤੇ ਚਾਰ ਦਹਾਕਿਆਂ ਤੋਂ ਵਕਾਲਤ ਦੇ ਪੇਸ਼ੇ ਨਾਲ ਜੁੜੇ ਹੋਏ ਹਨ। ਉਹ 1996 ਵਿਚ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਣੇ ਅਤੇ ਉਦੋਂ ਤੋਂ ਹੁਣ ਤੱਕ ਲਗਾਤਾਰ ਮੈਂਬਰ ਬਣਦੇ ਰਹੇ। ਉਹ ਧਰਮ ਪ੍ਰਚਾਰ ਦੇ ਮੈਂਬਰ ਵੀ ਰਹੇ ਅਤੇ ਅੰਤ੍ਰਿੰਗ ਮੈਂਬਰ ਵੀ ਬਣੇ। ਐਡਵੋਕੇਟ ਧਾਮੀ 2019 ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਚੁਣੇ ਗਏ, ਜਿਸ ਮਗਰੋਂ 2020 ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਦੇ ਪ੍ਰਬੰਧਕੀ ਅਹੁਦੇ ’ਤੇ ਸੇਵਾ ਨਿਭਾਈ। ਉਸ ਮਗਰੋਂ ਨਵੰਬਰ 2021 ਵਿਚ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ ਅਤੇ ਹੁਣ ਇਸ ਅਹੁਦੇ ਉੱਤੇ ਲਗਾਤਾਰ ਛੇਵੀਂ ਵਾਰ ਚੁਣੇ ਗਏ ਹਨ। ਉਹ ਸਿੱਖ ਸਰੋਕਾਰਾਂ ਦੀ ਡੂੰਘੀ ਪਕੜ ਰੱਖਦੇ ਹਨ ਅਤੇ ਇਕ ਦਿਆਨਤਦਾਰ ਆਗੂ ਵਜੋਂ ਜਾਣੇ ਜਾਂਦੇ ਹਨ। ਸਿੱਖ ਸੰਘਰਸ਼ ਦੇ ਯੋਧਿਆਂ ਦੇ ਕੇਸਾਂ ਦੀ ਪੈਰਵਾਈ ਵੀ ਕਰਦੇ ਰਹੇ ਹਨ। ਐਡਵੋਕੇਟ ਧਾਮੀ ਨੂੰ ਆਪਣੇ ਕਾਰਜਕਾਲ ਦੌਰਾਨ ਸਿੱਖ ਧਰਮ ਇਤਿਹਾਸ ਦੀਆਂ ਕਈ ਸ਼ਤਾਬਦੀਆਂ ਵੀ ਮਨਾਉਣ ਦਾ ਵੀ ਮੌਕਾ ਮਿਲਿਆ। ਉਨ੍ਹਾਂ ਨੇ ਪ੍ਰਧਾਨਗੀ ਦੀ ਅਹਿਮ ਜ਼ਿੰਮੇਵਾਰੀ ਨਿਭਾਉਂਦਿਆਂ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿੱਤੀ ਮਜਬੂਤੀ ਲਈ ਵਿਸ਼ੇਸ਼ ਤਵੱਜੋਂ ਦਿੱਤੀ। ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਨੌਜਵਾਨਾਂ ਨੂੰ ਉੱਚ ਪ੍ਰਸ਼ਾਸ਼ਕੀ ਸੇਵਾਵਾਂ ਲਈ ਉਤਸ਼ਾਹਿਤ ਅਤੇ ਤਿਆਰ ਕਰਨ ਵੱਲ ਉਨ੍ਹਾਂ ਨੇ ਖਾਸ ਧਿਆਨ ਦਿੱਤਾ, ਜਿਸ ਸਦਕਾ ਨਿਸਚੈ ਪ੍ਰਸ਼ਾਸਕੀ ਸੇਵਾਵਾਂ ਅਕੈਡਮੀ ਹੋਂਦ ਵਿਚ ਆਈ। ਇਹ ਯੋਗ ਵਿਦਿਆਰਥੀ ਨੂੰ ਮੁਫਤ ਵਿਚ ਤਿਆਰੀ ਕਰਵਾਉਣ ਦਾ ਕਾਰਜ ਕਰ ਰਹੀ ਹੈ। ਐਡਵੋਕੇਟ ਧਾਮੀ ਦੀ ਇਹ ਵੀ ਖਾਸੀਅਤ ਹੈ ਕਿ ਉਹ ਸਿੱਖ ਜਥੇਬੰਦੀਆਂ ਨਾਲ ਹਮੇਸ਼ਾ ਤਾਲਮੇਲ ਵਿਚ ਰਹਿੰਦੇ ਹਨ, ਜਿਸ ਸਦਕਾ ਉਨ੍ਹਾਂ ਨੂੰ ਸਾਰੀਆਂ ਹੀ ਪੰਥਕ ਜਥੇਬੰਦੀਆਂ ਤੇ ਸੰਸਥਾਵਾਂ ਭਰਵਾਂ ਸਹਿਯੋਗ ਦਿੰਦੀਆਂ ਹਨ।
ਜਨਰਲ ਇਜਲਾਸ ਦੌਰਾਨ ਚੁਣੇ ਗਏ ਅਹੁਦੇਦਾਰ-
ਪ੍ਰਧਾਨ- ਐਡਵੋਕੇਟ ਹਰਜਿੰਦਰ ਸਿੰਘ ਧਾਮੀ,
ਸੀਨੀਅਰ ਮੀਤ ਪ੍ਰਧਾਨ- ਸ. ਰਘੂਜੀਤ ਸਿੰਘ ਵਿਰਕ,
ਜੂਨੀਅਰ ਮੀਤ ਪ੍ਰਧਾਨ- ਸ. ਗੁਰਬਖਸ਼ ਸਿੰਘ ਖਾਲਸਾ,
ਜਨਰਲ ਸਕੱਤਰ- ਸ. ਗੁਰਪ੍ਰੀਤ ਸਿੰਘ ਝੱਬਰ,
ਚੁਣੇ ਗਏ ਅੰਤ੍ਰਿੰਗ ਮੈਂਬਰ -
ਸ. ਮੋਹਨ ਸਿੰਘ ਬੰਗੀ,
ਸ. ਬਾਵਾ ਸਿੰਘ ਗੁਮਾਨਪੁਰਾ,
ਸ. ਰਣਜੀਤ ਸਿੰਘ ਕਾਹਲੋਂ,
ਸ. ਨਵਤੇਜ ਸਿੰਘ ਕਾਉਣੀ
ਬੀਬੀ ਪਰਮਜੀਤ ਕੌਰ ਮੂਣਕ
ਸ. ਰਵਿੰਦਰ ਸਿੰਘ ਖਾਲਸਾ
ਸ. ਦਰਸ਼ਨ ਸਿੰਘ ਬਰਾੜ ਮੋਠਾਂਵਾਲੀ
ਸ. ਚਰਨ ਸਿੰਘ ਆਲਮਗੀਰ
ਸ. ਗੁਰਿੰਦਰਪਾਲ ਸਿੰਘ ਗੋਰਾ
ਸ. ਕੁਲਦੀਪ ਸਿੰਘ ਨੱਸੂਪੁਰ
ਬੀਬੀ ਨਰਿੰਦਰ ਕੌਰ ਰਣੀਆ