Nazrana Times

ਪੰਜਾਬੀ

ਪੰਜਾਬ ਸਰਕਾਰ ਦਾ ਸਿੱਖਿਆ ਖੇਤਰ 'ਚ ਵੱਡਾ ਕਦਮ, ਪ੍ਰਿੰਸੀਪਲ ਭਰਤੀ ਨਿਯਮਾਂ 'ਚ ਕੀਤਾ ਬਦਲਾਅ

16 Apr, 2025 01:19 AM

ਚੰਡੀਗੜ੍ਹ 15 ਅਪ੍ਰੈਲ , ਨਜ਼ਰਾਨਾ ਟਾਈਮਜ਼ ਬਿਊਰੋ

ਪੰਜਾਬ ਦੀ ਮਾਨ ਸਰਕਾਰ ਨੇ ਇੱਕ ਵੱਡਾ ਫ਼ੈਸਲਾ ਲੈਂਦਿਆਂ ਸਕੂਲਾਂ ਵਿੱਚ ਪ੍ਰਿੰਸੀਪਲ ਪ੍ਰਮੋਸ਼ਨ ਦਾ ਕੋਟਾ ਵਧਾ ਦਿੱਤਾ ਹੈ। ਹੁਣ ਸਕੂਲਾਂ ਵਿੱਚ ਪ੍ਰਮੋਸ਼ਨ ਦੇ ਆਧਾਰ ‘ਤੇ 75 ਫੀਸਦੀ ਪ੍ਰਿੰਸੀਪਲਾਂ ਦੀ ਭਰਤੀ ਹੋ ਸਕੇਗੀ। ਇਸ ਫ਼ੈਸਲੇ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 500 ਨਵੇਂ ਪ੍ਰਿੰਸੀਪਲਾਂ ਦੀ ਭਰਤੀ ਹੋਵੇਗੀ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਸਮੇਂ ਇਹ ਕੋਟਾ ਸਿਰਫ 50 ਫੀਸਦੀ ਸੀ, ਜਿਸ ਦੇ ਚੱਲਦੇ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀ ਕਮੀ ਹੋਈ ਸੀ।

ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਸਕੂਲਾਂ ਨੂੰ ਬਿਹਤਰ ਬਣਾਉਣ ਲਈ ਵੱਡੇ ਕਦਮ ਚੁੱਕ ਰਹੀ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨਾਲ ਸਕੂਲਾਂ ਵਿੱਚ ਹੁਣ ਪ੍ਰਿੰਸੀਪਲਾਂ ਦੀ ਕਮੀ ਦੂਰ ਹੋਵੇਗੀ। ਇਸ ਨਾਲ ਬੱਚਿਆਂ ਦੀ ਪੜ੍ਹਾਈ ਹੋਰ ਬਿਹਤਰ ਹੋਵੇਗੀ।

ਸਿੱਖਿਆ ਮੰਤਰੀ ਨੇ ਅੱਗੇ ਕਿਹਾ ਕਿ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਰੇ ਸਰਕਾਰੀ ਸਕੂਲਾਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਸਮਰਪਿਤ ਹੈ ਜਿਸ ਵਿੱਚ ਕੁੜੀਆਂ ਅਤੇ ਮੁੰਡਿਆਂ ਲਈ ਵੱਖਰੇ ਪਖਾਨੇ, ਚਾਰਦੀਵਾਰੀ, ਸਾਫ਼ ਪੀਣ ਵਾਲਾ ਪਾਣੀ, ਹਾਈ-ਸਪੀਡ ਵਾਈ-ਫਾਈ ਕੁਨੈਕਸ਼ਨ ਅਤੇ ਆਧੁਨਿਕ ਸਮਾਰਟ ਕਲਾਸਰੂਮ ਅਤੇ ਫਰਨੀਚਰ ਸ਼ਾਮਲ ਹਨ। ਇਹ ਸੁਧਾਰ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਕੀਤੇ ਗਏ ਹਨ।

ਬੈਂਸ ਨੇ ਇਸ ਗੱਲ ਨੂੰ ਵੀ ਉਜਾਗਰ ਕੀਤਾ ਕਿ ਸੂਬੇ ਦੇ 20,000 ਸਰਕਾਰੀ ਸਕੂਲਾਂ ਵਿੱਚ ਇਸ ਸਮੇਂ ਲਗਭਗ 28 ਲੱਖ ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ ਜਦੋਂ ਕਿ “ਸਿੱਖਿਆ ਕ੍ਰਾਂਤੀ” ਅਧੀਨ 2000 ਕਰੋੜ ਰੁਪਏ ਨਾਲ 12,000 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਵੱਡੀ ਤਬਦੀਲੀ ਲਿਆਂਦੀ ਗਈ ਹੈ।

Posted By: TAJEEMNOOR KAUR

Latest News

Loading…
Loading the web debug toolbar…
Attempt #