ਜ਼ੋਨਲ ਐਥਲੈਟਿਕਸ ਮੁਕਾਬਲਿਆਂ ’ਚ ਗੁਰੂ ਅਰਜਨ ਦੇਵ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
- ਰਾਸ਼ਟਰੀ
- (Asia/Kolkata)
ਵੱਖ-ਵੱਖ ਮੁਕਾਬਲਿਆਂ ’ਚ ਪਹਿਲੇ,ਦੂਜੇ ਤੇ ਤੀਜੇ ਸਥਾਨ ਹਾਸਲ ਕਰਕੇ ਸਕੂਲ ਤੇ ਇਲਾਕੇ ਦਾ ਨਾਮ ਕੀਤਾ ਰੌਸ਼ਨ
ਸਕੂਲ ਪੁੱਜਣ ਤੇ ਵਿਦਿਆਰਥੀਆਂ ਦਾ ਕੀਤਾ ਸ਼ਾਨਦਾਰ ਸਵਾਗਤ ਤੇ ਸਨਮਾਨਿਤ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,8 ਸਤੰਬਰ
ਗੁਰੂ ਅਰਜਨ ਦੇਵ ਖੇਡ ਸਟੇਡੀਅਮ ਚੋਹਲਾ ਸਾਹਿਬ ਵਿਖੇ ਕਰਵਾਏ ਗਏ ਜ਼ੋਨਲ ਪੱਧਰੀ ਐਥਲੈਟਿਕਸ ਖੇਡ ਮੁਕਾਬਲਿਆਂ ਵਿੱਚ ਗੁਰੂ ਅਰਜਨ ਦੇਵ ਪਬਲਿਕ ਸਕੂਲ ਚੋਹਲਾ ਸਾਹਿਬ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿੱਚ ਅਹਿਮ ਪੁਜ਼ੀਸ਼ਨਾਂ ਹਾਸਲ ਕੀਤੀਆਂ। ਵਿਦਿਆਰਥੀਆਂ ਦੀਆਂ ਇਨ੍ਹਾਂ ਪ੍ਰਾਪਤੀਆਂ ਨਾਲ ਸਕੂਲ, ਮਾਪਿਆਂ ਅਤੇ ਸਮੁੱਚੇ ਇਲਾਕੇ ਦਾ ਨਾਮ ਰੌਸ਼ਨ ਹੋਇਆ ਹੈ।
ਸਕੂਲ ਦੀ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਖਹਿਰਾ ਨੇ ਦੱਸਿਆ ਕਿ ਅੰਡਰ-14 ਵਰਗ ਵਿੱਚ ਸਕੂਲ ਦੇ ਵਿਦਿਆਰਥੀ ਗੁਰਨੂਰ ਸਿੰਘ ਨੇ 400 ਮੀਟਰ ਦੌੜ ਵਿੱਚ ਪਹਿਲਾ ਅਤੇ 200 ਮੀਟਰ ਦੌੜ ਵਿੱਚ ਦੂਜਾ ਸਥਾਨ ਹਾਸਲ ਕੀਤਾ।ਇਸੇ ਤਰ੍ਹਾਂ ਵਿਦਿਆਰਥਣ ਅਵਨੀਤ ਕੌਰ ਨੇ ਡਿਸਕਸ ਥ੍ਰੋਅ ਵਿੱਚ ਪਹਿਲਾ ਅਤੇ ਗੋਲਾ ਸੁੱਟਣ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ।
ਜੈਵਲਿਨ ਥ੍ਰੋਅ ਦੇ ਮੁਕਾਬਲਿਆਂ ਵਿੱਚ ਵਿਦਿਆਰਥਣਾਂ ਅਵਨੀਤ ਕੌਰ ਅਤੇ ਜਸ਼ਨਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ। ਮੁੰਡਿਆਂ ਦੇ ਜੈਵਲਿਨ ਥ੍ਰੋਅ ਵਿੱਚ ਸੁਖਮਨਪ੍ਰੀਤ ਸਿੰਘ ਪਹਿਲੇ ਅਤੇ ਦੁਨੀ ਚੰਦ ਸਿੰਘ ਦੂਜੇ ਸਥਾਨ ’ਤੇ ਰਿਹਾ। ਇਸ ਤੋਂ ਇਲਾਵਾ ਹਰਦੀਪ ਸਿੰਘ ਨੇ 100 ਮੀਟਰ ਦੌੜ ਵਿੱਚ ਤੀਜਾ ਸਥਾਨ ਹਾਸਲ ਕੀਤਾ।ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਖਹਿਰਾ ਨੇ ਕਿਹਾ ਕਿ ਸਕੂਲ ਲਈ ਇਹ ਬੇਹੱਦ ਮਾਣ ਵਾਲੀ ਗੱਲ ਹੈ ਕਿ ਸੰਸਥਾ ਨੇ ਇਤਿਹਾਸ ਵਿੱਚ ਪਹਿਲੀ ਵਾਰ ਜ਼ੋਨਲ ਪੱਧਰੀ ਖੇਡ ਮੁਕਾਬਲਿਆਂ ਵਿੱਚ ਹਿੱਸਾ ਲਿਆ ਅਤੇ ਪਹਿਲੀ ਹੀ ਵਾਰ ਵਿਦਿਆਰਥੀਆਂ ਨੇ ਇੰਨੀਆਂ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕੀਤੀਆਂ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਮਿਹਨਤ, ਲਗਨ ਅਤੇ ਖੇਡਾਂ ਪ੍ਰਤੀ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਵਿਦਿਆਰਥੀਆਂ, ਮਾਪਿਆਂ ਅਤੇ ਕੋਚ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਵੱਲੋਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਸਹਿ-ਵਿੱਦਿਅਕ ਗਤੀਵਿਧੀਆਂ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਜ਼ੋਨਲ ਪੱਧਰ ’ਤੇ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਹੁਣ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਭਾਗ ਲੈਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਵਿਦਿਆਰਥੀ ਜ਼ਿਲ੍ਹਾ ਪੱਧਰ ’ਤੇ ਵੀ ਆਪਣਾ ਬਿਹਤਰੀਨ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਹੋਰ ਉੱਚਾ ਕਰਨਗੇ।
ਕੋਚ ਰਵੀ ਇੰਦਰ ਸਿੰਘ ਗਿੱਲ ਨੇ ਕਿਹਾ ਕਿ ਵਿਦਿਆਰਥੀਆਂ ਨੇ ਜ਼ੋਨਲ ਮੁਕਾਬਲਿਆਂ ਲਈ ਸਖ਼ਤ ਮਿਹਨਤ ਕੀਤੀ ਸੀ, ਜਿਸ ਦਾ ਨਤੀਜਾ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਦੇ ਰੂਪ ਵਿੱਚ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਵਿੱਚ ਪ੍ਰਤਿਭਾ ਦੀ ਕੋਈ ਕਮੀ ਨਹੀਂ ਅਤੇ ਜੇਕਰ ਉਨ੍ਹਾਂ ਨੂੰ ਨਿਰੰਤਰ ਮਿਹਨਤ, ਸਹੀ ਮਾਰਗਦਰਸ਼ਨ ਅਤੇ ਉਚਿਤ ਮੌਕੇ ਮਿਲਦੇ ਰਹਿਣ ਤਾਂ ਉਹ ਭਵਿੱਖ ਵਿੱਚ ਉੱਚ ਪੱਧਰ ’ਤੇ ਵੀ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰ ਸਕਦੇ ਹਨ। ਉਨ੍ਹਾਂ ਸਾਰੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਸਕੂਲ ਵਿੱਚ ਪਹੁੰਚਣ ’ਤੇ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਖਹਿਰਾ ਅਤੇ ਕੋਚ ਰਵੀ ਇੰਦਰ ਸਿੰਘ ਗਿੱਲ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ।
Leave a Reply