Nazrana Times

ਪੰਜਾਬੀ

ਖਾਲਸਾ ਰਾਜ ਦੇ ਪਹਿਲੇ ਸ਼ਾਸਕ ਅਤੇ ਸਿੱਖ ਕੌਮ ਦੇ ਮਹਾਨ ਜਰਨੈਲ ਅਮਰ ਸ਼ਹੀਦ ਬਾਬਾ ਬੰਦਾ ਸਿੰਘ ਜੀ ਬਹਾਦਰ ਜੀ ਦਾ 310ਵਾਂ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ...

01 Jul, 2026 08:04 PM

ਸਾਹਿਬਜ਼ਾਦਾ ਅਜੀਤ ਸਿੰਘ ਨਗਰ 1 ਜੁਲਾਈ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੇ ਸਰਬਤ ਅਦਾਲਤ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਅਮਰ ਸ਼ਹੀਦ ਜੱਥੇਦਾਰ ਬਾਬਾ ਬੰਦਾ ਸਿੰਘ ਜੀ ਬਹਾਦਰ ਦਾ 310ਵਾਂ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦਿਹਾੜੇ ਦੇ ਸਬੰਧ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਬੀਬੀ ਦਲੇਰ ਕੌਰ ਖਾਲਸਾ ਅਤੇ ਨਕੋਦਰ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਬਾਬਾ ਬੰਦਾ ਸਿੰਘ ਜੀ ਬਹਾਦਰ ਦੁਆਰਾ ਸਰਹੰਦ ਦੀ ਇੱਟ ਨਾਲ ਇੱਟ ਖੜਕਾ ਕੇ ਸੂਬਾ ਸਰਹੰਦ ਵਜੀਰ ਖਾਨ ਨੂੰ ਮੋਤ ਦੇ ਘਾਟ ਉਤਾਰ ਕੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਦਾ ਬਦਲਾ ਲੈਣ ਅਤੇ ਮੁਗਲ ਰਾਜ ਨੂੰ ਮਾਤ ਦੇਣ ਦਾ ਪ੍ਰਸੰਗ ਸੰਗਤਾਂ ਨੂੰ ਵਿਸਥਾਰ ਵਿੱਚ ਸਰਵਣ ਕਰਾਇਆ। ਬੀਬੀ ਜਸਪ੍ਰੀਤ ਕੌਰ ਜੀ ਪਟਿਆਲੇ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ । ਸ਼੍ਰੋਮਣੀ ਪ੍ਰਚਾਰਕ ਭਾਈ ਮਨਜੀਤ ਸਿੰਘ ਜੀ ਲੁਧਿਆਣੇ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਂਹੀ ਦਸਿੱਆ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਮੁਗਲ ਰਾਜ ਦਾ ਖਾਤਮਾ ਕਰਕੇ ਦੇਸ਼ ਦੀ ਆਜਾਦੀ ਦਾ ਮੁੱਢ ਬੰਨ੍ਹਿਆ ਅਤੇ ਜਬਰ ਜੁਲਮ ਦਾ ਟਾਕਰਾ ਕਰਦੇ ਹੋਏ ਸੰਨ 1716 ਈ: ਵਿੱਚ ਸ਼ਹੀਦੀ ਪ੍ਰਾਪਤ ਕੀਤੀ।

ਇਸ ਤੋਂ ਇਲਾਵਾ ਭਾਈ ਸਿਮਰਨਜੀਤ ਸਿੰਘ ਜੀ ਗੁਰਦੁਆਰਾ ਪੰਜ਼ੋਖਰਾਠ ਸਾਹਿਬ ਵਾਲੇ, ਭਾਈ ਹਰਸ਼ਰਨ ਸਿੰਘ ਜੀ ਪਟਿਆਲੇ ਵਾਲੇ, ਬੀਬੀ ਅਮਨਦੀਪ ਕੌਰ ਫਗਵਾੜੇ ਵਾਲੀਆਂ ਬੀਬੀਆਂ ਦਾ ਢਾਡੀ ਜੱਥਾ, ਭਾਈ ਕਰਨੈਲ ਸਿੰਘ ਜੀ ਜਵੱਦੀ ਟਕਸਾਲ ਵਾਲੇ, ਭਾਈ ਅੰਮ੍ਰਿਤਪਾਲ ਸਿੰਘ ਜੀ ਮੋਗੇ ਵਾਲੇ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਸੁਖਵਿੰਦਰ ਸਿੰਘ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਸੰਦੀਪ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ । ਇਸ ਮੌਕੇ ਗੁਰੂ ਕਾ ਲੰਗਰ ਸੰਗਤਾਂ ਨੂੰ ਸਾਰਾ ਦਿਨ ਅਤੁੱਟ ਵਰਤਿਆ।

Posted By: ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ

Latest News