Nazrana Times

ਪੰਜਾਬੀ

ਚਾਵਲਾ ਮਾਮਲੇ ਦੀ ਸਾਬਕਾ ਹਾਈ ਕੋਰਟ ਜੱਜ ਤੋਂ ਨਿਰਪੱਖ ਜਾਂਚ ਕਰਵਾਈ ਜਾਵੇ: ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਸ

18 Sep, 2026 11:48 PM

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੰਥਕ ਚਾਰਾਜੋਈ; SGPC ਪ੍ਰਧਾਨ ਤੇ ਅਮਰਜੀਤ ਸਿੰਘ ਚਾਵਲਾ ਨੂੰ ਤਲਬ ਕਰਕੇ ਜਵਾਬਤਲਬੀ ਕਰਨ ਦੀ ਮੰਗ

ਅੰਮ੍ਰਿਤਸਰ (ਨਜ਼ਰਾਨਾ ਟਾਈਮਜ਼)

ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਸ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਹੇ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਮਾਮਲੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਪੰਥਕ ਚਾਰਾਜੋਈ ਕਰਦਿਆਂ ਪੂਰੇ ਮਾਮਲੇ ਦੀ ਸਾਬਕਾ ਹਾਈ ਕੋਰਟ ਜੱਜ ਰਾਹੀਂ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

ਜਥੇਬੰਦੀ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਐੱਫਆਈਆਰ ਵਿੱਚ ਦਰਜ ਇਲਜ਼ਾਮ ਬੇਹੱਦ ਗੰਭੀਰ ਹਨ ਅਤੇ ਇਨ੍ਹਾਂ ਨਾਲ ਕੇਵਲ ਇੱਕ ਵਿਅਕਤੀ ਵਿਰੁੱਧ ਅਪਰਾਧਿਕ ਮਾਮਲਾ ਹੀ ਨਹੀਂ, ਸਗੋਂ ਸਿੱਖ ਪੰਥ ਦੀਆਂ ਸ਼੍ਰੋਮਣੀ ਸੰਸਥਾਵਾਂ ਦੇ ਵਕਾਰ ਅਤੇ ਪ੍ਰਬੰਧਕੀ ਜਵਾਬਦੇਹੀ ਨਾਲ ਜੁੜੇ ਸਵਾਲ ਵੀ ਖੜ੍ਹੇ ਹੋਏ ਹਨ। ਜਥੇਬੰਦੀ ਨੇ ਕਿਹਾ ਕਿ ਦੋਸ਼ਾਂ ਦੀ ਸੱਚਾਈ ਦਾ ਅੰਤਿਮ ਨਿਰਣਾ ਜਾਂਚ ਅਤੇ ਅਦਾਲਤੀ ਪ੍ਰਕਿਰਿਆ ਰਾਹੀਂ ਹੀ ਹੋ ਸਕਦਾ ਹੈ।

ਅਲਾਇੰਸ ਨੇ ਕਿਹਾ ਕਿ ਐੱਫਆਈਆਰ ਵਿੱਚ ਸਾਹਮਣੇ ਆਏ ਘਟਨਾਕ੍ਰਮ ਦੇ ਪਿੱਛੇ ਦੇ ਪੂਰੇ ਤੱਥਾਂ ਦੀ ਜਾਂਚ ਹੋਣੀ ਜ਼ਰੂਰੀ ਹੈ। ਜਥੇਬੰਦੀ ਮੁਤਾਬਕ ਇਹ ਪਤਾ ਲਗਾਇਆ ਜਾਣਾ ਚਾਹੀਦਾ ਹੈ ਕਿ ਸ਼ਿਕਾਇਤਕਰਤਾ ਮਹਿਲਾ ਨੂੰ ਤਖ਼ਤ ਸਾਹਿਬ ਨਾਲ ਸਬੰਧਤ ਸਰਾਵਾਂ ਵਿੱਚ ਲੰਬੇ ਸਮੇਂ ਤੱਕ ਰਹਿਣ ਅਤੇ ਕਥਿਤ ਤੌਰ ’ਤੇ ਵਾਹਨ, ਡਰਾਈਵਰ ਜਾਂ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਸਬੰਧੀ ਫ਼ੈਸਲੇ ਕਿਸ ਪੱਧਰ ’ਤੇ ਅਤੇ ਕਿਹੜੇ ਆਧਾਰ ’ਤੇ ਕੀਤੇ ਗਏ ਸਨ।

ਜਥੇਬੰਦੀ ਨੇ ਕਿਹਾ ਕਿ ਇਹ ਸਾਰੇ ਪਹਿਲੂ ਸੁਤੰਤਰ ਜਾਂਚ ਦਾ ਵਿਸ਼ਾ ਹੋਣੇ ਚਾਹੀਦੇ ਹਨ ਅਤੇ ਬਿਨਾਂ ਜਾਂਚ ਕਿਸੇ ਨਤੀਜੇ ’ਤੇ ਪਹੁੰਚਣਾ ਠੀਕ ਨਹੀਂ ਹੋਵੇਗਾ। ਉਸ ਨੇ ਮੰਗ ਕੀਤੀ ਕਿ ਮਾਮਲੇ ਨਾਲ ਸਬੰਧਤ ਪ੍ਰਬੰਧਕੀ ਫ਼ੈਸਲਿਆਂ, ਜ਼ਿੰਮੇਵਾਰ ਅਧਿਕਾਰੀਆਂ ਅਤੇ ਹੋਰ ਸਬੰਧਤ ਵਿਅਕਤੀਆਂ ਦੀ ਭੂਮਿਕਾ ਵੀ ਜਾਂਚ ਦੇ ਘੇਰੇ ਵਿੱਚ ਲਿਆਂਦੀ ਜਾਵੇ।

ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਸ ਨੇ ਕਿਹਾ ਕਿ ਅਜਿਹੇ ਗੰਭੀਰ ਮਾਮਲੇ ਨਾਲ ਪੰਥਕ ਸੰਸਥਾਵਾਂ ਦੀ ਸਾਖ਼ ਪ੍ਰਭਾਵਿਤ ਹੋ ਸਕਦੀ ਹੈ, ਇਸ ਲਈ ਸੱਚ ਸਾਹਮਣੇ ਲਿਆਉਣ ਵਾਸਤੇ ਜਾਂਚ ਪਾਰਦਰਸ਼ੀ ਅਤੇ ਕਿਸੇ ਪ੍ਰਭਾਵ ਤੋਂ ਮੁਕਤ ਹੋਣੀ ਚਾਹੀਦੀ ਹੈ।

ਜਥੇਬੰਦੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਅਪੀਲ ਕੀਤੀ ਕਿ ਕਿਸੇ ਸਾਬਕਾ ਹਾਈ ਕੋਰਟ ਜੱਜ ਦੀ ਅਗਵਾਈ ਹੇਠ ਨਿਰਪੱਖ ਜਾਂਚ ਕਰਵਾ ਕੇ ਪੂਰੇ ਘਟਨਾਕ੍ਰਮ ਦੇ ਤੱਥ ਜਨਤਕ ਕੀਤੇ ਜਾਣ। ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਅਮਰਜੀਤ ਸਿੰਘ ਚਾਵਲਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕਰਕੇ ਮਾਮਲੇ ਨਾਲ ਜੁੜੇ ਸਵਾਲਾਂ ਬਾਰੇ ਜਵਾਬਤਲਬੀ ਕਰਨ ਦੀ ਮੰਗ ਕੀਤੀ ਗਈ ਹੈ।

ਜਥੇਬੰਦੀ ਦਾ ਕਹਿਣਾ ਹੈ ਕਿ ਇਸ ਕਾਰਵਾਈ ਦਾ ਮਕਸਦ ਕਿਸੇ ਨੂੰ ਜਾਂਚ ਤੋਂ ਪਹਿਲਾਂ ਦੋਸ਼ੀ ਠਹਿਰਾਉਣਾ ਨਹੀਂ, ਸਗੋਂ ਸ਼੍ਰੋਮਣੀ ਪੰਥਕ ਸੰਸਥਾਵਾਂ ਦੇ ਵਕਾਰ, ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਬਰਕਰਾਰ ਰੱਖਦਿਆਂ ਮਾਮਲੇ ਦੀ ਅਸਲੀਅਤ ਸਾਹਮਣੇ ਲਿਆਉਣਾ ਹੋਣਾ ਚਾਹੀਦਾ ਹੈ।

ਦੂਜੇ ਪਾਸੇ, ਅਮਰਜੀਤ ਸਿੰਘ ਚਾਵਲਾ ਆਪਣੇ ਖ਼ਿਲਾਫ਼ ਲੱਗੇ ਦੋਸ਼ਾਂ ਨੂੰ ਨਕਾਰ ਚੁੱਕੇ ਹਨ ਅਤੇ ਉਨ੍ਹਾਂ ਨੇ ਇਨ੍ਹਾਂ ਨੂੰ ਝੂਠਾ ਅਤੇ ਸਾਜ਼ਿਸ਼ ਦਾ ਹਿੱਸਾ ਦੱਸਿਆ ਹੈ। ਉਨ੍ਹਾਂ ਨੇ SGPC ਮੈਂਬਰਸ਼ਿਪ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਵੀ ਕੀਤਾ ਹੈ।

Posted By: GURBHEJ SINGH ANANDPURI

Latest News