Nazrana Times

ਪੰਜਾਬੀ

ਸੁੱਕਾ ਝੋਨਾ ਮੰਡੀਆਂ ਵਿੱਚ ਲਿਆਉਣ ਅਤੇ ਪਰਾਲੀ ਨਾ ਸਾੜਨ ਦੀ ਡਿਪਟੀ ਕਮਿਸ਼ਨਰ ਕੋਮਲ ਮਿੱਤਰ ਨੇ ਕਿਸਾਨਾਂ ਨੂੰ ਕੀਤੀ ਅਪੀਲ....

17 Oct, 2026 07:23 PM

ਮੰਡੀਆਂ 'ਚ 1,11,788 ਦੀ ਆਮਦ, 1,11,262 ਦੀ ਖਰੀਦ ਅਤੇ 61,018 ਮੀਟ੍ਰਿਕ ਟਨ ਝੋਨੇ ਦੀ ਚੁਕਾਈ ਅਨੁਮਾਨਿਤ ਟੀਚਾ 2,06,148 ਮੀਟ੍ਰਿਕ ਟਨ…

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਅਕਤੂਬਰ (ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਣ ਮਾਜਰੀ) : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਸੁੱਕਾ ਅਤੇ ਚੰਗੀ ਤਰ੍ਹਾਂ ਪੱਕਿਆ ਝੋਨਾ ਹੀ ਲਿਆਉਣ, ਤਾਂ ਜੋ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਵਾਤਾਵਰਣ ਦੀ ਸੰਭਾਲ ਲਈ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਤਰੀਕੇ ਅਪਣਾਉਣ ਦੀ ਵੀ ਅਪੀਲ ਕੀਤੀ। ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1,11,788 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 1,11,262 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਹੁਣ ਤੱਕ 61,018 ਮੀਟ੍ਰਿਕ ਟਨ ਝੋਨੇ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ। ਮੌਜੂਦਾ ਖਰੀਦ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਝੋਨੇ ਦੀ ਕੁੱਲ ਅਨੁਮਾਨਿਤ ਆਮਦ 2,06,148 ਮੀਟ੍ਰਿਕ ਟਨ ਰਹਿਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਸੁੱਕਾ ਅਤੇ ਪੂਰੀ ਤਰ੍ਹਾਂ ਪੱਕਿਆ ਝੋਨਾ ਲਿਆਉਣ ਨਾਲ ਖਰੀਦ ਪ੍ਰਕਿਰਿਆ ਵਿੱਚ ਤੇਜ਼ੀ ਆਉਂਦੀ ਹੈ ਅਤੇ ਝੋਨੇ ਦੀ ਖਰੀਦ ਤੇ ਚੁਕਾਈ ਸਮੇਂ ਸਿਰ ਕਰਨ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਸਬੰਧਤ ਖਰੀਦ ਏਜੰਸੀਆਂ ਅਤੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਬਣਾਈ ਰੱਖਣ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਸਹੂਲਤ ਲਈ ਵਚਨਬੱਧ ਹੈ ਅਤੇ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਤੇ ਸਮੇਂ ਸਿਰ ਚੁਕਾਈ ਯਕੀਨੀ ਬਣਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਖਰੀਦ ਪ੍ਰਕਿਰਿਆ ਵਿੱਚ ਸਹਿਯੋਗ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਦੀ ਸੰਭਾਲ ਕਰਨ ਦੀ ਅਪੀਲ ਕੀਤੀ। ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਹਵਾ ਪ੍ਰਦੂਸ਼ਿਤ ਹੁੰਦੀ ਹੈ, ਲੋਕਾਂ ਦੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਦੇ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ ਅਤੇ ਵਿਗਿਆਨਕ ਤਰੀਕਿਆਂ ਦੀ ਵਰਤੋਂ ਕਰਨ ਅਤੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ।

Posted By: ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ

Latest News