Nazrana Times

ਪੰਜਾਬੀ

ਗਮਾਡਾ ਦੇ ਮੌਜੂਦਾ ਚੀਫ ਐਡਮਿਨਿਸਟਰੇਸ਼ਨ ਸੰਦੀਪ ਰਿਸ਼ੀ ਨੂੰ ਨਵੀਂ ਦਿੱਲੀ ਸਥਿਤ ਦੇ ਮੁੱਖ ਦਫਤਰ ਵਿਖੇ ਪੇਸ਼ ਹੋਣ ਲਈ ਕੀਤਾ ਤਲਬ ਅਤੇ ਵਿਕਾਸ ਗਰਗ ਅੱਜ ਹੋਣਗੇ ਪੇਸ਼...

18 Nov, 2026 07:23 PM

ਚੰਡੀਗੜ੍ਹ ਨਵੀਂ ਦਿੱਲੀ 18 ਨਵੰਬਰ (ਮੰਗਤ ਸਿੰਘ ਸੈਦਪੁਰ) : ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਕਰੋੜਾਂ ਰੁਪਏ ਦੇ ਜ਼ਮੀਨ ਘੁਟਾਲੇ ਦੇ ਮਾਮਲੇ ਵਿੱਚ ਸੂਬੇ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ 'ਤੇ ਕਾਰਵਾਈ ਕਰਦਿਆਂ ਈਡੀ. ਵੱਲੋਂ ਗਮਾਡਾ ਦੇ ਮੌਜੂਦਾ ਮੁੱਖ ਪ੍ਰਸ਼ਾਸਕ (ਚੀਫ਼ ਐਡਮਿਨਿਸਟ੍ਰੇਟਰ) ਸੰਦੀਪ ਰਿਸ਼ੀ ਨੂੰ ਨਵੀਂ ਦਿੱਲੀ ਸਥਿਤ ਈ.ਡੀ. ਦੇ ਮੁੱਖ ਦਫ਼ਤਰ ਵਿਖੇ ਪੇਸ਼ ਹੋਣ ਲਈ ਤਲਬ ਕੀਤਾ ਗਿਆ ਹੈ। ਜਾਂਚ ਏਜੰਸੀ ਵੱਲੋਂ ਉਨ੍ਹਾਂ ਨੂੰ ਅੱਜ, ਯਾਨੀ 18 ਨਵੰਬਰ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਗਏ ਸਨ। ਜਿਸ ਤੋਂ ਬਾਅਦ ਪ੍ਰਸ਼ਾਸਨਿਕ ਗਲਿਆਰਿਆਂ ਵਿੱਚ ਵੱਡੀ ਹਲਚਲ ਮਚ ਗਈ ਹੈ।... ਖਾਸ ਗੱਲ ਇਹ ਹੈ ਕਿ ਪੰਜਾਬ ਦੇ ਬਹੁ-ਚਰਚਿਤ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਕਰੋੜਾਂ ਰੁਪਏ ਦੇ ਜ਼ਮੀਨ ਘੁਟਾਲੇ ਦੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਆਪਣੀ ਜਾਂਚ ਦਾ ਪ੍ਰਕਿਰਿਆ ਤੇਜ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਪੁੱਛਗਿੱਛ ਦਾ ਸਿਲਸਿਲਾ ਇਸ ਹਫ਼ਤੇ ਦੀ ਸ਼ੁਰੂਆਤ ਤੋਂ ਹੀ ਤੇਜ਼ ਹੋ ਗਿਆ ਸੀ। ਇਸ ਤੋਂ ਪਹਿਲਾਂ ਬੀਤੇ ਸੋਮਵਾਰ ਨੂੰ ਵੀ ਇੱਕ ਹੋਰ ਅਧਿਕਾਰੀ ਰਾਕੇਸ਼ ਕੁਮਾਰ ਪੋਪਲੀ ਈ.ਡੀ. ਦੇ ਦਿੱਲੀ ਦਫ਼ਤਰ ਵਿਖੇ ਪੇਸ਼ ਹੋ ਚੁੱਕੇ ਹਨ, ਜਿੱਥੇ ਜਾਂਚ ਟੀਮ ਵੱਲੋਂ ਉਨ੍ਹਾਂ ਕੋਲੋਂ ਇਸ ਜ਼ਮੀਨ ਘੁਟਾਲੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਬਾਰੇ ਲੰਬੀ ਪੁੱਛਗਿੱਛ ਕੀਤੀ ਗਈ ਸੀ ਅਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਗਏ ਸਨ। ਇਨਫੋਰਸਮੈਂਟ ਡਾਇਰੈਕਟੋਰੇਟ ਦੀ ਇਹ ਕਾਰਵਾਈ ਇੱਥੇ ਹੀ ਨਹੀਂ ਰੁਕੀ ਹੈ। ਇਸੇ ਬਹੁ-ਕਰੋੜੀ ਜ਼ਮੀਨ ਘੁਟਾਲੇ ਦੀ ਡੂੰਘਾਈ ਨਾਲ ਪੜਤਾਲ ਕਰਨ ਲਈ ਈ.ਡੀ. ਨੇ ਇੱਕ ਹੋਰ ਸੀਨੀਅਰ ਆਈ.ਏ.ਐੱਸ. ਅਧਿਕਾਰੀ ਅਤੇ ਪ੍ਰਿੰਸੀਪਲ ਸੈਕਟਰੀ ਵਿਕਾਸ ਗਰਗ ਨੂੰ ਵੀ ਸੰਮਨ ਭੇਜੇ ਹਨ। ਵਿਕਾਸ ਗਰਗ ਨੂੰ ਭਲਕੇ ਯਾਨੀ 19 ਨਵੰਬਰ 2026 ਨੂੰ ਦਿੱਲੀ ਦਫ਼ਤਰ ਵਿਖੇ ਜਾਂਚ ਅਧਿਕਾਰੀਆਂ ਸਾਹਮਣੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਈ.ਡੀ. ਵੱਲੋਂ ਲਗਾਤਾਰ ਕੀਤੀ ਜਾ ਰਹੀ ਇਸ ਤਲਬੀ ਤੋਂ ਸਾਫ਼ ਸੰਕੇਤ ਮਿਲ ਰਹੇ ਹਨ ਕਿ ਇਸ ਮਾਮਲੇ ਵਿੱਚ ਕਈ ਅਹਿਮ ਦਸਤਾਵੇਜ਼ਾਂ ਅਤੇ ਵਿੱਤੀ ਲੈਣ-ਦੇਣ ਦੀ ਬਾਰੀਕੀ ਨਾਲ ਘੋਖ ਕੀਤੀ ਜਾ ਰਹੀ ਹੈ।

Posted By: ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ

Latest News