ਪੰਜਾਬ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਹੋਇਆ ਗੱਠਜੋੜ,ਅਕਾਲੀ ਦਲ ਦੀ ਵੱਡੇ ਭਰਾ ਵਾਲੀ ਪੁਰਾਣੀ ਭੂਮਿਕਾ ਕਾਇਮ ਰਹੇਗੀ

ਪੰਜਾਬ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਹੋਇਆ ਗੱਠਜੋੜ,ਅਕਾਲੀ ਦਲ ਦੀ ਵੱਡੇ ਭਰਾ ਵਾਲੀ ਪੁਰਾਣੀ ਭੂਮਿਕਾ ਕਾਇਮ ਰਹੇਗੀ

ਵੱਡਾ ਭਰਾ" ਹੀ ਬਣੇਗਾ ਮੁੱਖ ਮੰਤਰੀ-ਅਮਿਤ ਸ਼ਾਹ ਕੇਂਦਰੀ ਗ੍ਰਹਿ ਮੰਤਰੀ 

ਹਰਵਿੰਦਰ ਕੌਰ ਖੁੱਡੀ ਕਲਾਂ 
ਨਵੀਂ ਦਿੱਲੀ ,24 ਨਵੰਬਰ 

:​ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡੀ ਹਲਚਲ ਤਹਿਤ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਆਗਾਮੀ ਚੋਣਾਂ ਲਈ ਗਠਜੋੜ ਕਰਨ ਦੇ ਰਸਮੀ ਐਲਾਨ ਨਾਲ ਇਸ ਗਠਜੋੜ ਦੇ ਐਲਾਨ ਦੀ ਉਤਸੁਕਤਾ ਨਾਲ ਕੀਤੀ ਜਾ ਕੀਤੀ ਜਾ ਰਹੀ ਉਡੀਕ ਅਤੇ ਪੱਤਰਕਾਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਆਗੂਆਂ ਨੂੰ ਗੱਠਜੋੜ ਬਾਰੇ ਵਾਰ ਵਾਰ ਕੀਤੇ ਜਾ ਰਹੇ ਸਵਾਲਾਂ ਨੂੰ ਵੀ ਵਿਰਾਮ ਮਿਲ ਗਿਆ ਹੈ। ਬੇਸ਼ੱਕ ਪਿਛਲੇ ਦਿਨੀਂ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਪੰਜਾਬ ਵਿੱਚ ਇਕੱਲਿਆਂ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣ ਦੀ ਗੱਲ ਕਹਿਣ ਦੀ ਬਜਾਏ ਐੱਨਡੀਏ ਦੀ ਸਰਕਾਰ ਬਣਾਉਣ ਦਾ ਦਾਅਵਾ ਕਰਦਾ ਬਿਆਨ ਦੇਣ ਨਾਲ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹੋਣ ਵਾਲੇ ਸੰਭਾਵੀ ਗੱਠਜੋੜ ਦੀ ਤਕਰੀਬਨ ਪੁਸ਼ਟੀ ਹੀ ਹੋ ਗਈ ਸੀ।ਪਰ ਭਾਰਤੀ ਜਨਤਾ ਪਾਰਟੀ ਦੇ ਹੇਠਲੀ ਕਤਾਰ ਦੇ ਆਗੂਆਂ ਵੱਲੋਂ ਇਕੱਲਿਆਂ ਚੋਣ ਲੜਨ ਦੇ ਦਿੱਤੇ ਜਾ ਰਹੇ ਬਿਆਨਾਂ ਨਾਲ ਭੰਬਲਭੂਸਾ ਬਣਿਆ ਹੋਇਆ ਸੀ।

ਵਰਨਣਯੋਗ ਹੈ ਕਿ ਤਿੰਨ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਕਰੀਬ ਛੇ ਸਾਲ ਪਹਿਲਾਂ ਟੁੱਟੇ 24 ਸਾਲ ਪੁਰਾਣੇ ਇਸ ਪੁਰਾਣੇ ਰਿਸ਼ਤੇ ਦੀ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਨਵੀਂ ਦਿੱਲੀ ਵਿਖੇ ਹੋਈ ਇੱਕ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਮੁੜ ਬਹਾਲੀ ਹੋ ਗਈ। ਪਿਛਲੇ ਕਈ ਹਫ਼ਤਿਆਂ ਤੋਂ ਦੋਵਾਂ ਪੁਰਾਣੇ ਸਹਿਯੋਗੀਆਂ ਦੇ ਮੁੜ ਨੇੜੇ ਆਉਣ ਬਾਰੇ ਚੱਲ ਰਹੀਆਂ ਸਿਆਸੀ ਕਿਆਸਅਰਾਈਆਂ 'ਤੇ ਅੱਜ ਉਸ ਸਮੇਂ ਵਿਰਾਮ ਲੱਗ ਗਿਆ, ਜਦੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਇਸ ਗਠਜੋੜ ਦੀ ਪੁਸ਼ਟੀ ਕਰ ਦਿੱਤੀ।

​ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਦਿਨ ਨੂੰ ਇਤਿਹਾਸਕ ਦੱਸਦਿਆਂ ਕਿਹਾ ਕਿ ਇਹ ਬੇਹੱਦ ਖ਼ੁਸ਼ੀ ਅਤੇ ਮਾਣ ਵਾਲੀ ਗੱਲ ਹੈ ਕਿ ਕੌਮੀ ਜਮਹੂਰੀ ਗਠਜੋੜ (ਐੱਨ.ਡੀ.ਏ.) ਦਾ ਸਭ ਤੋਂ ਪੁਰਾਣਾ ਅਤੇ ਭਰੋਸੇਮੰਦ ਸਹਿਯੋਗੀ ਸ਼੍ਰੋਮਣੀ ਅਕਾਲੀ ਦਲ ਅੱਜ ਮੁੜ ਐੱਨ.ਡੀ.ਏ. ਪਰਿਵਾਰ ਵਿੱਚ ਸ਼ਾਮਿਲ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਮੁੜ-ਮਿਲਾਪ 'ਤੇ ਡੂੰਘੀ ਖ਼ੁਸ਼ੀ ਜ਼ਾਹਿਰ ਕੀਤੀ ਹੈ ਅਤੇ ਇਸ ਏਕੇ ਨੂੰ ਨਾ ਸਿਰਫ਼ ਪੰਜਾਬ, ਸਗੋਂ ਪੂਰੇ ਦੇਸ਼ ਅਤੇ ਦੁਨੀਆ ਵਿੱਚ ਵੱਸਦੇ ਲੋਕਾਂ ਲਈ 'ਹਿੰਦੂ-ਸਿੱਖ ਭਾਈਚਾਰਕ ਸਾਂਝ ਦਾ ਪ੍ਰਤੀਕ' ਕਰਾਰ ਦਿੱਤਾ ਹੈ। ਅਮਿਤ ਸ਼ਾਹ ਨੇ ਸਵਰਗੀ ਪ੍ਰਕਾਸ਼ ਸਿੰਘ ਬਾਦਲ ਨਾਲ ਆਪਣੇ ਪੁਰਾਣੇ ਅਤੇ ਡੂੰਘੇ ਸਬੰਧਾਂ ਨੂੰ ਯਾਦ ਕਰਦਿਆਂ ਕਿਹਾ ਕਿ ਬਾਦਲ ਸਾਹਿਬ ਨਾਲ ਸਾਡਾ ਪਰਿਵਾਰਕ ਅਤੇ ਡੂੰਘਾ ਰਿਸ਼ਤਾ ਰਿਹਾ ਹੈ।ਜਿਸ ਤਰ੍ਹਾਂ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਇੱਕ ਅਟੁੱਟ ਸਾਂਝ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਸੂਬੇ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਅਤੇ ਪਿਛਲੀ ਕਾਂਗਰਸ ਸਰਕਾਰ 'ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਦੋਸ਼ ਲਾਇਆ ਕਿ ਇਨ੍ਹਾਂ ਦੋਵਾਂ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਤਬਾਹ ਕਰ ਰਹੇ ਨਸ਼ਿਆਂ ਦੇ ਖ਼ਾਤਮੇ ਲਈ ਕੁਝ ਨਹੀਂ ਕੀਤਾ। ਅਮਿਤ ਸ਼ਾਹ ਨੇ ਆਪਣਾ ਵਾਅਦਾ ਦੁਹਰਾਉਂਦਿਆਂ ਕਿਹਾ ਕਿ ਭਾਜਪਾ-ਅਕਾਲੀ ਗਠਜੋੜ ਦਸੰਬਰ 2029 ਤੱਕ ਪੰਜਾਬ ਨੂੰ ਪੂਰੀ ਤਰ੍ਹਾਂ 'ਨਸ਼ਾ ਮੁਕਤ' ਸੂਬਾ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
​ ਗਠਜੋੜ ਦੀ ਰੂਪ-ਰੇਖਾ ਅਤੇ ਅਗਵਾਈ ਬਾਰੇ ਬੋਲਦਿਆਂ ਅਮਿਤ ਸ਼ਾਹ ਨੇ ਸਪੱਸ਼ਟ ਕੀਤਾ ਕਿ ਹਾਲਾਂਕਿ ਸੀਟਾਂ ਦੀ ਵੰਡ ਦੇ ਅੰਤਿਮ ਅੰਕੜਿਆਂ ਦਾ ਹਾਲੇ ਰਸਮੀ ਨਿਰਣਾ ਨਹੀਂ ਕੀਤਾ ਗਿਆ ਹੈ, ਪਰ ਇਸ ਗਠਜੋੜ ਵਿੱਚ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਵਾਂਗ ਹੀ 'ਵੱਡੇ ਭਰਾ' ਦੀ ਭੂਮਿਕਾ ਨਿਭਾਏਗਾ ਅਤੇ ਸੂਬੇ ਦਾ ਮੁੱਖ ਮੰਤਰੀ ਵੀ ਅਕਾਲੀ ਦਲ ਦਾ ਹੀ ਹੋਵੇਗਾ। ਉਨ੍ਹਾਂ ਠੇਠ ਅੰਦਾਜ਼ ਵਿੱਚ ਕਿਹਾ, "ਵੱਡਾ ਭਰਾ ਹੀ ਮੁੱਖ ਮੰਤਰੀ ਹੁੰਦਾ ਹੈ" ਅਤੇ ਦੋਵੇਂ ਪਾਰਟੀਆਂ ਮਿਲ ਕੇ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਪੂਰੀ ਤਾਕਤ ਨਾਲ ਚੋਣ ਲੜਨਗੀਆਂ। ਸਿਆਸੀ ਗਲਿਆਰਿਆਂ ਅਤੇ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸੀਟਾਂ ਦੀ ਵੰਡ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਗੰਭੀਰ ਗੱਲਬਾਤ ਚੱਲ ਰਹੀ ਹੈ। ਸੂਤਰਾਂ ਅਨੁਸਾਰ ਇਸ ਵਾਰ ਭਾਜਪਾ ਸੂਬੇ ਦੀਆਂ 117 ਵਿੱਚੋਂ ਕਰੀਬ 40 ਸੀਟਾਂ 'ਤੇ ਆਪਣੇ ਉਮੀਦਵਾਰ ਉਤਾਰ ਸਕਦੀ ਹੈ। ਜੇਕਰ ਇਸ ਫਾਰਮੂਲੇ 'ਤੇ ਮੋਹਰ ਲੱਗਦੀ ਹੈ, ਤਾਂ ਇਹ 2020 ਵਿੱਚ ਗਠਜੋੜ ਟੁੱਟਣ ਤੋਂ ਪਹਿਲਾਂ ਭਾਜਪਾ ਵੱਲੋਂ ਲੜੀਆਂ ਜਾਂਦੀਆਂ 23 ਸੀਟਾਂ ਦੇ ਮੁਕਾਬਲੇ ਲਗਭਗ ਦੁੱਗਣਾ ਹੋਵੇਗਾ। ਜ਼ਿਕਰਯੋਗ ਹੈ ਕਿ ਪੁਰਾਣੇ ਸਮਝੌਤੇ ਤਹਿਤ ਸ਼੍ਰੋਮਣੀ ਅਕਾਲੀ ਦਲ 94 ਸੀਟਾਂ 'ਤੇ ਚੋਣ ਲੜਦਾ ਸੀ, ਪਰ ਪਿਛਲੇ ਕੁਝ ਸਾਲਾਂ ਦੌਰਾਨ ਸ਼ਹਿਰੀ ਅਤੇ ਨੀਮ-ਸ਼ਹਿਰੀ ਖੇਤਰਾਂ ਵਿੱਚ ਭਾਜਪਾ ਦੇ ਵਧੇ ਆਧਾਰ ਨੂੰ ਦੇਖਦਿਆਂ ਪਾਰਟੀ ਵੱਲੋਂ ਵੱਧ ਸੀਟਾਂ ਦੀ ਮੰਗ ਕੀਤੀ ਜਾ ਰਹੀ ਹੈ।
​ ਇਸ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਅਕਾਲੀ-ਭਾਜਪਾ ਗਠਜੋੜ ਨੂੰ ਇੱਕ 'ਕੁਦਰਤੀ ਗਠਜੋੜ' ਕਰਾਰ ਦਿੰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਵਰਕਰਾਂ ਅਤੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਇਸ ਏਕੇ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਭਰੋਸਾ ਜਤਾਇਆ ਕਿ ਇਹ ਗਠਜੋੜ ਪੰਜਾਬ ਵਿੱਚ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਦੇ ਨਵੇਂ ਦੌਰ ਦੀ ਸ਼ੁਰੂਆਤ ਕਰੇਗਾ ਅਤੇ ਆਗਾਮੀ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਰਜ ਕਰਕੇ ਸਰਕਾਰ ਬਣਾਏਗਾ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਮੌਕੇ ਬੋਲਦਿਆਂ ਇਸ ਸਮਝੌਤੇ ਨੂੰ ਸਿਰਫ਼ ਇੱਕ ਸਿਆਸੀ ਗਠਜੋੜ ਨਹੀਂ, ਸਗੋਂ ਪੰਜਾਬ ਦੀ ਭਲਾਈ ਅਤੇ ਤਰੱਕੀ ਲਈ ਇੱਕ 'ਭਾਵਨਾਤਮਕ ਗਠਜੋੜ' ਦੱਸਿਆ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਇਹ ਉਨ੍ਹਾਂ ਲਈ ਬੇਹੱਦ ਖ਼ੁਸ਼ੀ ਅਤੇ ਮਾਣ ਵਾਲੀ ਗੱਲ ਹੈ ਕਿ ਇਸ ਇਤਿਹਾਸਕ ਗਠਜੋੜ ਦੀ ਨੀਂਹ ਉਨ੍ਹਾਂ ਦੇ ਪਿਤਾ ਸਵਰਗੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਪ੍ਰਧਾਨ ਮੰਤਰੀ ਸਵਰਗੀ ਅਟਲ ਬਿਹਾਰੀ ਵਾਜਪਾਈ ਵੱਲੋਂ ਪੰਜਾਬ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣ ਲਈ ਰੱਖੀ ਗਈ ਸੀ। ਸੂਬੇ ਦੀ ਮੌਜੂਦਾ 'ਆਪ' ਸਰਕਾਰ ਨੂੰ ਤਿੱਖੇ ਨਿਸ਼ਾਨੇ 'ਤੇ ਲੈਂਦਿਆਂ ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ 'ਟੀਮ ਕੇਜਰੀਵਾਲ' ਸਿਰਫ਼ ਪੰਜਾਬ ਦੇ ਖ਼ਜ਼ਾਨੇ ਨੂੰ ਲੁੱਟਣ ਵਿੱਚ ਲੱਗੀ ਹੋਈ ਹੈ ਅਤੇ ਸੂਬੇ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਅਕਾਲੀ-ਭਾਜਪਾ ਗਠਜੋੜ ਹੀ ਪੰਜਾਬ ਨੂੰ ਇਸ ਸੰਕਟ ਵਿੱਚੋਂ ਕੱਢ ਕੇ ਮੁੜ ਵਿਕਾਸ ਦੀ ਲੀਹ 'ਤੇ ਲਿਆਵੇਗਾ।
ਜ਼ਿਕਰਯੋਗ ਹੈ ਕਿ ਸਤੰਬਰ 2020 ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ (ਜਿਨ੍ਹਾਂ ਨੂੰ ਬਾਅਦ ਵਿੱਚ ਕੇਂਦਰ ਸਰਕਾਰ ਨੇ ਵਾਪਸ ਲੈ ਲਿਆ ਸੀ) ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲੋਂ ਆਪਣਾ 24 ਸਾਲ ਪੁਰਾਣਾ ਨਾਤਾ ਤੋੜ ਲਿਆ ਸੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਵਜ਼ਾਰਤ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ।
ਗਠਜੋੜ ਟੁੱਟਣ ਤੋਂ ਬਾਅਦ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਦੋਵਾਂ ਪਾਰਟੀਆਂ ਨੇ ਵੱਖੋ-ਵੱਖਰੇ ਤੌਰ 'ਤੇ ਚੋਣ ਲੜੀ ਸੀ।ਜਿਸ ਦਾ ਦੋਵਾਂ ਨੂੰ ਹੀ ਵੱਡਾ ਸਿਆਸੀ ਨੁਕਸਾਨ ਝੱਲਣਾ ਪਿਆ ਸੀ। 117 ਮੈਂਬਰੀ ਵਿਧਾਨ ਸਭਾ ਵਿੱਚ ਭਾਜਪਾ ਨੂੰ ਮਹਿਜ਼ 2 ਸੀਟਾਂ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਸਿਰਫ਼ 3 ਸੀਟਾਂ 'ਤੇ ਹੀ ਜਿੱਤ ਨਸੀਬ ਹੋਈ ਸੀ, ਜਦੋਂ ਕਿ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਦਰਜ ਕੀਤੀ ਸੀ। ਹੁਣ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੋਵਾਂ ਪਾਰਟੀਆਂ ਦੇ ਮੁੜ ਇਕੱਠੇ ਹੋਣ ਨਾਲ ਪੰਜਾਬ ਦੇ ਸਿਆਸੀ ਸਮੀਕਰਨ ਪੂਰੀ ਤਰ੍ਹਾਂ ਬਦਲਦੇ ਨਜ਼ਰ ਆ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੀ ਸਿਆਸਤ ਹੋਰ ਭਖਣ ਦੀ ਪੂਰੀ ਉਮੀਦ ਹੈ।
ਦੂਜੇ ਪਾਸੇ ਇਸ ਗਠਜੋੜ ਦੇ ਐਲਾਨ ਨਾਲ ਬਹੁਤ ਸਾਰੇ ਉਮੀਦਵਾਰਾਂ ਖਾਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਆਪਣੀਆਂ ਟਿਕਟਾਂ ਖੁੱਸਣ ਦਾ ਖਤਰਾ ਪੈਦਾ ਹੋ ਗਿਆ ਹੈ।ਇਸ ਨਾਲ ਦੋਵਾਂ ਹੀ ਪਾਰਟੀਆਂ 'ਚ ਬਗਾਵਤੀ ਸੁਰ ਪੈਦਾ ਹੋਣ‌ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਇਹਨਾਂ ਬਗਾਵਤੀ ਸੁਰਾਂ ਨੂੰ ਕਾਬੂ ਕਰਨ ਪਾਰਟੀ ਪ੍ਰਧਾਨਾਂ ਲਈ ਵੱਡੀ ਚੁਣੌਤੀ ਹੋਵੇਗੀ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.