Nazrana Times

ਪੰਜਾਬੀ

ਮਾਵਾਂ-ਧੀਆਂ ਦੀ ਲਲਕਾਰ ਰੈਲੀ ਵਿੱਚ ਉਮੜਿਆ ਔਰਤਾਂ ਦਾ ਸੈਲਾਬ,ਬੀਬਾ ਹਰਸਿਮਰਤ ਕੌਰ ਬਾਦਲ ਨੇ 'ਆਪ' ਸਰਕਾਰ ਨੂੰ ਘੇਰਿਆ

13 Nov, 2026 06:30 PM

ਖਹਿਰਾ ਫਾਰਮ ਸ਼ੇਰੋਂ ਵਿਖੇ ਹਜ਼ਾਰਾਂ ਔਰਤਾਂ ਨੇ ਨਸ਼ਿਆਂ ਵਿਰੁੱਧ ਬੁਲੰਦ ਕੀਤੀ ਆਵਾਜ਼,ਬੀਬਾ ਰਮਨਦੀਪ ਕੌਰ ਸ਼ੇਰੋਂ ਦੀ ਅਗਵਾਈ ਹੇਠ ਹੋਇਆ ਵਿਸ਼ਾਲ ਇਕੱਠ

ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਵਿੱਚ ਸਰਕਾਰ ਨਾਕਾਮ ਰਹੀ : ਬੀਬਾ ਬਾਦਲ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,13 ਨਵੰਬਰ

ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਖਡੂਰ ਸਾਹਿਬ ਦੀ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਦੀ ਅਗਵਾਈ ਹੇਠ 'ਮਾਵਾਂ-ਧੀਆਂ ਦੀ ਲਲਕਾਰ,ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ' ਦੇ ਨਾਅਰੇ ਹੇਠ ਖਹਿਰਾ ਫਾਰਮ ਸ਼ੇਰੋਂ ਵਿਖੇ ਵਿਸ਼ਾਲ ਰੈਲੀ ਕਰਵਾਈ ਗਈ।ਇਸ ਰੈਲੀ ਵਿੱਚ ਹਲਕਾ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿੱਚੋਂ ਹਜ਼ਾਰਾਂ ਦੀ ਗਿਣਤੀ ਵਿੱਚ ਔਰਤਾਂ ਨੇ ਸ਼ਮੂਲੀਅਤ ਕਰਕੇ ਨਸ਼ਿਆਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕੀਤੀ।ਰੈਲੀ ਦੌਰਾਨ ਔਰਤਾਂ ਦੇ ਭਾਰੀ ਇਕੱਠ ਨੇ ਇਲਾਕੇ ਵਿੱਚ ਸਿਆਸੀ ਅਤੇ ਸਮਾਜਿਕ ਤੌਰ 'ਤੇ ਵਿਸ਼ੇਸ਼ ਚਰਚਾ ਛੇੜ ਦਿੱਤੀ।
ਇਸ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ 'ਤੇ ਪਹੁੰਚੇ।ਉਨ੍ਹਾਂ ਦੇ ਪਹੁੰਚਣ 'ਤੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।

ਪੰਜਾਬ ਦੀ ਜਵਾਨੀ ਨਸ਼ਿਆਂ ਦੀ ਲਪੇਟ ਵਿੱਚ,'ਆਪ' ਸਰਕਾਰ ਸਿਰਫ਼ ਇਸ਼ਤਿਹਾਰਾਂ ਤੱਕ ਸੀਮਤ : ਬੀਬਾ ਹਰਸਿਮਰਤ ਕੌਰ ਬਾਦਲ

ਰੈਲੀ ਨੂੰ ਸੰਬੋਧਨ ਕਰਦਿਆਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਸ਼ਿਆਂ ਦੇ ਮੁੱਦੇ 'ਤੇ ਘੇਰਦਿਆਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਾਵਾਂ ਆਪਣੇ ਪੁੱਤਰਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਫਸਦਾ ਦੇਖ ਕੇ ਬੇਹੱਦ ਦੁਖੀ ਹਨ,ਪਰ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਸਬੰਧੀ ਕੀਤੇ ਗਏ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ ਲੋਕਾਂ ਨੂੰ ਜ਼ਮੀਨੀ ਪੱਧਰ 'ਤੇ ਠੋਸ ਨਤੀਜੇ ਦਿਖਾਈ ਦੇਣੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਵਾਅਦੇ ਕੀਤੇ ਸਨ,ਪਰ ਅੱਜ ਵੀ ਨਸ਼ਿਆਂ ਦਾ ਮੁੱਦਾ ਪੰਜਾਬ ਦੇ ਲੋਕਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਉਨ੍ਹਾਂ ਅਨੁਸਾਰ ਸਰਕਾਰ ਨੂੰ ਇਸ਼ਤਿਹਾਰਾਂ ਅਤੇ ਬਿਆਨਾਂ ਦੀ ਰਾਜਨੀਤੀ ਤੋਂ ਬਾਹਰ ਨਿਕਲ ਕੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ।

ਬੀਬਾ ਬਾਦਲ ਨੇ ਕਿਹਾ ਕਿ ਨਸ਼ਿਆਂ ਦੀ ਮਾਰ ਸਭ ਤੋਂ ਵੱਧ ਮਾਵਾਂ ਅਤੇ ਭੈਣਾਂ ਨੂੰ ਸਹਿਣੀ ਪੈਂਦੀ ਹੈ।ਜਦੋਂ ਘਰ ਦਾ ਨੌਜਵਾਨ ਨਸ਼ਿਆਂ ਦੀ ਲਪੇਟ ਵਿੱਚ ਆ ਜਾਂਦਾ ਹੈ ਤਾਂ ਪੂਰਾ ਪਰਿਵਾਰ ਮਾਨਸਿਕ ਅਤੇ ਸਮਾਜਿਕ ਸੰਤਾਪ ਹੰਢਾਉਂਦਾ ਹੈ। ਇਸ ਲਈ ਪੰਜਾਬ ਦੀਆਂ ਔਰਤਾਂ ਦਾ ਨਸ਼ਿਆਂ ਵਿਰੁੱਧ ਇਕਜੁੱਟ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਮਾਵਾਂ-ਧੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਭਵਿੱਖ ਦੀ ਰਾਖੀ ਲਈ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ। 

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਜਵਾਨੀ, ਕਿਸਾਨੀ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਆਵਾਜ਼ ਬੁਲੰਦ ਕਰਦਾ ਰਿਹਾ ਹੈ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਵੀ ਪਾਰਟੀ ਆਪਣਾ ਸੰਘਰਸ਼ ਜਾਰੀ ਰੱਖੇਗੀ।ਬੀਬਾ ਬਾਦਲ ਨੇ ਵਿਸ਼ਵਾਸ਼ ਦਿਵਾਇਆ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਨਣ ਤੇ ਨਸ਼ਿਆਂ ਦੇ ਖਿਲਾਫ ਸਖਤ ਕਾਨੂੰਨ ਲਿਆਂਦਾ ਜਾਵੇਗਾ ਅਤੇ ਨਸ਼ਿਆਂ ਤੇ ਗੈਂਗਸਟਰਵਾਦ ਤੇ ਪੂਰੀ ਤਰਾਂ ਨਕੇਲ ਕੱਸੀ ਜਾਵੇਗੀ ਅਤੇ ਪੰਜਾਬ ਨੂੰ ਫਿਰ ਤੋਂ ਖੁਸ਼ਹਾਲ ਸੂਬਾ ਬਣਾਇਆ ਜਾਵੇਗਾ। ਉਨ੍ਹਾਂ ਨੇ ਅੱਜ ਦੀ ਰੈਲੀ ਵਿੱਚ ਹਜਾਰਾਂ ਦੀ ਗਿਣਤੀ ਵਿੱਚ ਪੁੱਜੀਆਂ ਮਾਵਾਂ ਤੇ ਧੀਆਂ ਦੇ ਵਿਸ਼ਾਲ ਇਕੱਠ ਨੂੰ ਦੇਖਦੇ ਹੋਏ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਵਲੋਂ ਕੀਤੀ ਜਾ ਰਹੀ ਮਿਹਨਤ ਦੀ ਵੀ ਸ਼ਲਾਘਾ ਕੀਤੀ।

ਨਸ਼ਿਆਂ ਵਿਰੁੱਧ ਲੜਾਈ ਨੂੰ ਲੋਕ ਲਹਿਰ ਬਣਾਉਣ ਦੀ ਲੋੜ : ਬੀਬਾ ਰਮਨਦੀਪ ਕੌਰ ਸ਼ੇਰੋਂ

ਇਸ ਮੌਕੇ ਹਲਕਾ ਖਡੂਰ ਸਾਹਿਬ ਦੀ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੇ ਅਨੇਕਾਂ ਪਰਿਵਾਰਾਂ ਨੂੰ ਪ੍ਰਭਾਵਿਤ ਕੀਤਾ ਹੈ। ਇਸ ਦਾ ਸਭ ਤੋਂ ਵੱਧ ਦਰਦ ਮਾਵਾਂ ਅਤੇ ਭੈਣਾਂ ਨੂੰ ਸਹਿਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਕਈ ਘਰਾਂ ਦੇ ਚਿਰਾਗ ਬੁਝ ਰਹੇ ਹਨ ਅਤੇ ਪੰਜਾਬ ਦੀ ਜਵਾਨੀ ਦਾ ਭਵਿੱਖ ਬਚਾਉਣ ਲਈ ਸਮਾਜ ਦੇ ਹਰ ਵਰਗ ਨੂੰ ਅੱਗੇ ਆਉਣਾ ਪਵੇਗਾ।

ਉਨ੍ਹਾਂ ਕਿਹਾ ਕਿ 'ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ' ਰੈਲੀ ਕਰਵਾਉਣ ਦਾ ਮੁੱਖ ਮਕਸਦ ਔਰਤਾਂ ਨੂੰ ਇਕ ਮੰਚ 'ਤੇ ਇਕੱਠਾ ਕਰਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨਾ ਅਤੇ ਇਸ ਸਮਾਜਿਕ ਬੁਰਾਈ ਦੇ ਖ਼ਾਤਮੇ ਲਈ ਸਾਂਝੀ ਆਵਾਜ਼ ਬੁਲੰਦ ਕਰਨਾ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਦੀਆਂ ਮਾਵਾਂ ਅਤੇ ਧੀਆਂ ਕਿਸੇ ਮਕਸਦ ਲਈ ਇਕਜੁੱਟ ਹੋ ਜਾਂਦੀਆਂ ਹਨ ਤਾਂ ਵੱਡੇ ਤੋਂ ਵੱਡਾ ਸੰਘਰਸ਼ ਵੀ ਜਿੱਤਿਆ ਜਾ ਸਕਦਾ ਹੈ।

ਬੀਬਾ ਰਮਨਦੀਪ ਕੌਰ ਸ਼ੇਰੋਂ ਨੇ ਕਿਹਾ ਕਿ ਉਨ੍ਹਾਂ ਦਾ ਯਤਨ ਹੈ ਕਿ ਹਲਕੇ ਦੇ ਹਰ ਪਿੰਡ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕੀਤੀ ਜਾਵੇ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਬੁਰਾਈ ਤੋਂ ਦੂਰ ਰੱਖਣ ਲਈ ਸਮਾਜਿਕ ਪੱਧਰ 'ਤੇ ਉਪਰਾਲੇ ਕੀਤੇ ਜਾਣ।ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਉਹ ਹਮੇਸ਼ਾ ਲੋਕਾਂ ਦੇ ਨਾਲ ਖੜ੍ਹੇ ਰਹਿਣਗੇ।

ਬੀਬਾ ਰਮਨਦੀਪ ਕੌਰ ਸ਼ੇਰੋਂ ਨੇ ਕੀਤਾ ਸਭ ਦਾ ਦਿਲੋਂ ਧੰਨਵਾਦ

ਰੈਲੀ ਦੀ ਸਫ਼ਲਤਾ 'ਤੇ ਬੀਬਾ ਰਮਨਦੀਪ ਕੌਰ ਸ਼ੇਰੋਂ ਨੇ ਹਲਕਾ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿੱਚੋਂ ਵੱਡੀ ਗਿਣਤੀ ਵਿੱਚ ਪਹੁੰਚੀਆਂ ਮਾਵਾਂ,ਭੈਣਾਂ,ਧੀਆਂ,ਪਾਰਟੀ ਦੇ ਸੀਨੀਅਰ ਆਗੂਆਂ,ਵਰਕਰਾਂ ਅਤੇ ਸਮੂਹ ਸਹਿਯੋਗੀਆਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਔਰਤਾਂ ਵੱਲੋਂ ਦਿਖਾਇਆ ਗਿਆ ਉਤਸ਼ਾਹ ਅਤੇ ਇਕਜੁੱਟਤਾ ਉਨ੍ਹਾਂ ਲਈ ਬੇਹੱਦ ਮਾਣ ਵਾਲੀ ਗੱਲ ਹੈ।

ਉਨ੍ਹਾਂ ਵਿਸ਼ੇਸ਼ ਤੌਰ 'ਤੇ ਬੀਬਾ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਰੁਝੇਵਿਆਂ ਵਿੱਚੋਂ ਸਮਾਂ ਕੱਢ ਕੇ ਰੈਲੀ ਵਿੱਚ ਪਹੁੰਚ ਕੇ ਔਰਤਾਂ ਦਾ ਹੌਸਲਾ ਵਧਾਇਆ। ਉਨ੍ਹਾਂ ਕਿਹਾ ਕਿ ਖਹਿਰਾ ਫਾਰਮ ਸ਼ੇਰੋਂ ਵਿਖੇ ਹੋਇਆ ਇਹ ਵਿਸ਼ਾਲ ਇਕੱਠ ਨਸ਼ਿਆਂ ਵਿਰੁੱਧ ਲੋਕਾਂ ਦੀ ਚਿੰਤਾ ਅਤੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਦੇ ਦ੍ਰਿੜ੍ਹ ਇਰਾਦੇ ਦਾ ਪ੍ਰਤੀਕ ਹੈ।

ਅੰਤ ਵਿੱਚ ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸਿਰਫ਼ ਇੱਕ ਰੈਲੀ ਤੱਕ ਸੀਮਤ ਨਹੀਂ ਰਹੇਗੀ,ਸਗੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਸੰਘਰਸ਼ ਨੂੰ ਪਿੰਡ-ਪਿੰਡ ਤੱਕ ਪਹੁੰਚਾਇਆ ਜਾਵੇਗਾ।

ਇਸ ਮੌਕੇ ਸਟੇਜ ਸੈਕਟਰੀ ਦੀ ਜਿੰਮੇਵਾਰੀ ਪਾਰਟੀ ਦੇ ਪੀਏਸੀ ਮੈਂਬਰ ਸਿਕੰਦਰ ਸਿੰਘ ਵਰਾਣਾ ਵਲੋਂ ਨਿਭਾਈ ਗਈ।ਇਸ ਮੌਕੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ,ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ,ਹਲਕਾ ਇਸਤਰੀ ਅਕਾਲੀ ਦਲ ਪ੍ਰਧਾਨ ਬੀਬੀ ਮਨਜੀਤ ਕੌਰ ਡਿਆਲ,ਸਾਬਕਾ ਜਿਲ੍ਹਾ ਪ੍ਰੀਸ਼ਦ ਮੈਬਰ ਬੀਬਾ ਰੁਪਿੰਦਰ ਕੌਰ ਬ੍ਰਹਮਪੁਰਾ,ਬੀਬੀ ਪਰਮਜੀਤ ਕੌਰ, ਮੈਂਬਰ ਰਾਜਵਿੰਦਰ ਕੌਰ,ਸਰਪੰਚ ਮਨਜੀਤ ਕੌਰ ਜਹਾਂਗੀਰ, ਮੈਂਬਰ ਮਨਜੀਤ ਕੌਰ ਡਿਆਲ,ਸਰਪੰਚ ਗੁਰਮੀਤ ਕੌਰ ਲਾਹੌਰੀਆਂ, ਨਵਦੀਪ ਕੌਰ ਖੇਲਾ, ਮਨਜੀਤ ਕੌਰ ਖੇਲਾ,ਬੀਬੀ ਜਗਜੀਤ ਕੌਰ, ਸਰਪੰਚ ਗੁਰਸਿਮਰਤਪਾਲ  ਕੌਰ, ਮੈਂਬਰ ਗੁਰਮੀਤ ਕੌਰ, ਸਾਬਕਾ ਮੈਂਬਰ ਸਰਬਜੀਤ ਕੌਰ,ਬਲਜਿੰਦਰ ਕੌਰ,ਰਾਜਬੀਰ ਕੌਰ,ਹਰਜਿੰਦਰ ਕੌਰ ਸਮੇਤ ਪਾਰਟੀ ਦੇ ਹੋਰ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਹਾਜ਼ਰ ਸਨ।

Latest News