Nazrana Times

ਪੰਜਾਬੀ

ਖੇਡਾਂ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਅਤੇ ਪੰਜਾਬ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਵਿੱਚ ਨਿਭਾਉਂਦੀਆਂ ਅਹਿਮ ਭੂਮਿਕਾ : ਵਿਧਾਇਕ ਕੁਲਵੰਤ ਸਿੰਘ

12 Oct, 2026 02:29 PM

'ਖੇਡਾਂ ਵਤਨ ਪੰਜਾਬ ਦੀਆਂ'-2026-27: ਮੋਹਾਲੀ ਵਿਖੇ ਰਾਜ ਪੱਧਰੀ ਕਰਾਏ ਮੁਕਾਬਲਿਆਂ 'ਚ ਵੱਖ-ਵੱਖ ਜ਼ਿਲ੍ਹਿਆਂ ਤੋਂ ਲਗਭਗ 500 ਖਿਡਾਰੀਆਂ ਨੇ ਲਿਆ ਭਾਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਕਤੂਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026-27’ ਤਹਿਤ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ ਰਾਜ ਪੱਧਰੀ ਕਰਾਟੇ ਮੁਕਾਬਲਿਆਂ ਦੀ ਅੱਜ ਸ਼ਾਨਦਾਰ ਸ਼ੁਰੂਆਤ ਹੋਈ। ਉਦਘਾਟਨੀ ਸਮਾਰੋਹ ਦੌਰਾਨ ਗੱਤਕਾ, ਜਿਮਨਾਸਟਿਕ, ਭੰਗੜੇ ਅਤੇ ਕਰਾਟੇ ਦੀਆਂ ਪ੍ਰਭਾਵਸ਼ਾਲੀ ਪੇਸ਼ਕਾਰੀਆਂ ਨੇ ਸਮਾਗਮ ਨੂੰ ਵਿਸ਼ੇਸ਼ ਰੰਗਤ ਦਿੱਤੀ। ਮੁਕਾਬਲਿਆਂ ਦੇ ਪਹਿਲੇ ਦਿਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਲਗਭਗ 500 ਖਿਡਾਰਨਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਇਸ ਦੌਰਾਨ ਅੰਡਰ-14, 21 ਤੋਂ 30 ਸਾਲ ਅਤੇ 31 ਤੋਂ 40 ਸਾਲ ਉਮਰ ਵਰਗ ਦੀਆਂ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ, ਹੁਨਰ ਅਤੇ ਮੁਕਾਬਲੇ ਦੀ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਦਘਾਟਨੀ ਸਮਾਰੋਹ ਵਿੱਚ ਮੋਹਾਲੀ ਦੇ ਵਿਧਾਇਕ ਸ੍ਰੀ ਕੁਲਵੰਤ ਸਿੰਘ, ਸੀਨੀਅਰ ਡਿਪਟੀ ਮੇਅਰ ਸ੍ਰੀ ਆਰ.ਪੀ. ਸ਼ਰਮਾ, ਡਿਪਟੀ ਮੇਅਰ ਸ੍ਰੀ ਹਰਪਾਲ ਸਿੰਘ ਚੰਨਾ, ਹਲਕਾ ਖਰੜ ਦੇ ਇੰਚਾਰਜ ਸ੍ਰੀ ਪਰਮਿੰਦਰ ਸਿੰਘ ਗੋਲਡੀ ਅਤੇ ਨਗਰ ਨਿਗਮ ਮੋਹਾਲੀ ਦੀ ਕੌਂਸਲਰ ਸ੍ਰੀਮਤੀ ਗੁਰਪ੍ਰੀਤ ਕੌਰ ਨੇ ਸ਼ਿਰਕਤ ਕੀਤੀ। ਇਸ ਮੌਕੇ ਮੋਹਾਲੀ ਦੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ, ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਅਤੇ ਸੂਬੇ ਵਿੱਚ ਖੇਡ ਪ੍ਰਤਿਭਾ ਦੀ ਪਛਾਣ ਕਰਨ ਦੇ ਉਦੇਸ਼ ਨਾਲ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਸਮਾਗਮ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਅਤੇ ਜ਼ਿਲ੍ਹਾ, ਰਾਜ, ਕੌਮੀ ਤੇ ਕੌਮਾਂਤਰੀ ਪੱਧਰ ’ਤੇ ਆਪਣੀ ਪਛਾਣ ਬਣਾਉਣ ਲਈ ਢੁੱਕਵਾਂ ਮੰਚ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਮਿਹਨਤ, ਸਮਰਪਣ ਅਤੇ ਖੇਡ ਭਾਵਨਾ ਵਰਗੇ ਗੁਣਾਂ ਦਾ ਵਿਕਾਸ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਸ਼ਖ਼ਸੀਅਤ ਦੇ ਸਰਬਪੱਖੀ ਵਿਕਾਸ ਵਿੱਚ ਵੀ ਅਹਿਮ ਯੋਗਦਾਨ ਪਾਉਂਦੀਆਂ ਹਨ। ਉਨ੍ਹਾਂ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਲਗਨ, ਮਿਹਨਤ ਅਤੇ ਅਨੁਸ਼ਾਸਨ ਨਾਲ ਖੇਡਾਂ ਵਿੱਚ ਭਾਗ ਲੈਣ ਅਤੇ ਆਪਣੀਆਂ ਪ੍ਰਾਪਤੀਆਂ ਰਾਹੀਂ ਆਪਣੇ ਮਾਪਿਆਂ, ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ। ਇਸ ਮੌਕੇ ਬੁਲਾਰਿਆਂ ਨੇ ਖਿਡਾਰਨਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਲਈ ਮਹੱਤਵਪੂਰਨ ਮੰਚ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਨੌਜਵਾਨ ਖਿਡਾਰੀ ਭਵਿੱਖ ਵਿੱਚ ਪੰਜਾਬ ਦੀ ਖੇਡ ਪਛਾਣ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਸ਼੍ਰੀ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੀਆਂ ਪਹਿਲਕਦਮੀਆਂ ਦਾ ਮੁੱਖ ਉਦੇਸ਼ ਪਿੰਡਾਂ ਅਤੇ ਸ਼ਹਿਰਾਂ ਵਿੱਚ ਮੌਜੂਦ ਖੇਡ ਪ੍ਰਤਿਭਾ ਦੀ ਪਛਾਣ ਕਰਨਾ ਅਤੇ ਖਿਡਾਰੀਆਂ ਨੂੰ ਆਪਣੀ ਕਾਬਲੀਅਤ ਦਿਖਾਉਣ ਲਈ ਢੁੱਕਵਾਂ ਮੰਚ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਖਿਡਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਪੂਰੀ ਮਿਹਨਤ, ਲਗਨ ਅਤੇ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਹਿੱਸਾ ਲੈਣ। ਸਮਾਰੋਹ ਦੇ ਅੰਤ ਵਿੱਚ ਮੁੱਖ ਮਹਿਮਾਨਾਂ ਵੱਲੋਂ ਖਿਡਾਰਨਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਭਵਿੱਖ ਵਿੱਚ ਹੋਰ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਜ਼ਿਲ੍ਹਾ ਖੇਡ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ੍ਰੀਮਤੀ ਉਮੇਸ਼ਵਰੀ ਸ਼ਰਮਾ ਵੀ ਇਸ ਮੌਕੇ ਮੌਜੂਦ ਸਨ।

Posted By: ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ

Latest News