Nazrana Times

ਪੰਜਾਬੀ

7 ਦਸੰਬਰ ਦੇ ਚੰਡੀਗੜ੍ਹ ਮੋਰਚੇ ਦੀ ਤਿਆਰੀ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਜ਼ੋਨ ਪੱਧਰੀ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

12 Nov, 2026 09:08 PM

ਕਿਸਾਨਾਂ-ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਪਿੰਡਾਂ ਵਿੱਚ ਘਰ-ਘਰ ਪਹੁੰਚ ਕਰਨ ਅਤੇ ਫੰਡ ਇਕੱਠਾ ਕਰਨ ਦਾ ਦਿੱਤਾ ਸੱਦਾ

ਟਾਂਗਰਾ - ਸੁਰਜੀਤ ਸਿੰਘ ਖਾਲਸਾ

ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ 7 ਦਸੰਬਰ 2026 ਨੂੰ ਚੰਡੀਗੜ੍ਹ ਵਿਖੇ ਲੱਗਣ ਵਾਲੇ ਮੋਰਚੇ ਦੀ ਤਿਆਰੀ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਜ਼ੋਨ ਪੱਧਰੀ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਤਹਿਤ ਜ਼ੋਨ ਬਾਬਾ ਮਨਸਾ ਪੂਰਨ, ਰਮਦਾਸ, ਗੱਗੋਮਾਹਲ, ਅਜਨਾਲਾ, ਗੁਰੂ ਕਾ ਬਾਗ, ਮੋਰਚਾ ਸਾਹਿਬ, ਲੋਪੋਕੇ, ਚੁਗਾਵਾਂ ਅਤੇ ਰਾਮ ਤੀਰਥ ਦੀਆਂ ਮੀਟਿੰਗਾਂ ਵੱਡੀ ਪੱਧਰ 'ਤੇ ਹੋਈਆਂ। ਇਨ੍ਹਾਂ ਮੀਟਿੰਗਾਂ ਵਿੱਚ ਚੰਡੀਗੜ੍ਹ ਮੋਰਚੇ ਦੀਆਂ ਮੰਗਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ ਗਈ।
ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮੁੱਖ ਤੌਰ 'ਤੇ ਕਣਕ ਅਤੇ ਝੋਨੇ ਦੀ ਖਰੀਦ ਕੀਤੀ ਜਾਂਦੀ ਹੈ, ਜਦਕਿ ਪੰਜਾਬ ਸਰਕਾਰ ਨੂੰ ਪੰਜ ਅਜਿਹੀਆਂ ਫ਼ਸਲਾਂ ਦੀ ਮੰਡੀਆਂ ਵਿੱਚ ਸੀ ਟੂ 50% ਦੇ ਫਾਰਮੂਲੇ ਦੇ ਸਮਰਥਨ ਮੁੱਲ 'ਤੇ ਖਰੀਦ ਦੀ ਗਰੰਟੀ ਕਰਨੀ ਚਾਹੀਦੀ ਹੈ, ਜਿਹੜੀਆਂ ਘੱਟ ਪਾਣੀ ਦੀ ਖਪਤ ਕਰਦੀਆਂ ਹਨ। ਇਸ ਦੇ ਨਾਲ ਹੀ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਨਸ਼ਾ ਮਾਫ਼ੀਆ ਅਤੇ ਪੁਲਿਸ ਦੇ ਗਠਜੋੜ ਨੂੰ ਖ਼ਤਮ ਕੀਤਾ ਜਾਵੇ ਤਾਂ ਜੋ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਚਾਈਆਂ ਜਾ ਸਕਣ। ਇਸ ਤੋਂ ਇਲਾਵਾ ਲੈਂਡ ਪੂਲਿੰਗ ਨੀਤੀ ਵਾਪਸ ਲਈ ਜਾਵੇ, ਆਬਾਦਕਾਰ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦਿੱਤੇ ਜਾਣ ਅਤੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਪੀੜਤ ਕਿਸਾਨਾਂ ਅਤੇ ਲੋਕਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ।
ਉਨ੍ਹਾਂ ਅੱਗੇ ਕਿਹਾ ਕਿ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ (ਫ਼ਰੀ ਟਰੇਡ ਐਗਰੀਮੈਂਟ) ਸਮੇਤ ਐਫ.ਡੀ.ਆਈ. ਤਹਿਤ ਕੀਤੇ ਜਾ ਰਹੇ ਸਮਝੌਤੇ ਰੱਦ ਕੀਤੇ ਜਾਣ। ਨਿੱਜੀਕਰਨ ਦੀ ਨੀਤੀ ਬੰਦ ਕੀਤੀ ਜਾਵੇ ਅਤੇ ਬਿਜਲੀ ਬੋਰਡ ਦੇ ਨਿੱਜੀਕਰਨ ਦੀਆਂ ਕੋਸ਼ਿਸ਼ਾਂ ਰੋਕੀਆਂ ਜਾਣ। ਸਮਾਰਟ ਮੀਟਰਾਂ ਦੀ ਥਾਂ ਪਹਿਲਾਂ ਵਾਲੇ ਮੀਟਰ ਲਗਾਏ ਜਾਣ। ਇਸੇ ਤਰ੍ਹਾਂ ਲਿਆਂਦਾ ਜਾ ਰਿਹਾ ਬੀਜ ਐਕਟ ਵਾਪਸ ਲਿਆ ਜਾਵੇ। ਇਨ੍ਹਾਂ ਸਾਰੇ ਲੋਕ ਵਿਰੋਧੀ ਕਾਨੂੰਨਾਂ ਅਤੇ ਨੀਤੀਆਂ ਦੇ ਖ਼ਿਲਾਫ਼ ਪੰਜਾਬ ਸਰਕਾਰ ਵਿਧਾਨ ਸਭਾ ਵਿੱਚ ਮਤਾ ਪਾਸ ਕਰੇ।
ਸਰਵਣ ਸਿੰਘ ਪੰਧੇਰ ਨੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਚੰਡੀਗੜ੍ਹ ਮੋਰਚੇ ਦੀਆਂ ਮੰਗਾਂ ਨੂੰ ਲੈ ਕੇ ਪਿੰਡਾਂ ਵਿੱਚ ਘਰ-ਘਰ ਅਤੇ ਹਰ ਪਰਿਵਾਰ ਤੱਕ ਪਹੁੰਚ ਕੀਤੀ ਜਾਵੇ ਅਤੇ ਲੋਕਾਂ ਨੂੰ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਲਾਮਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੋਰਚੇ ਦੀਆਂ ਤਿਆਰੀਆਂ ਲਈ ਪਿੰਡ ਪੱਧਰ 'ਤੇ ਫੰਡ ਇਕੱਠਾ ਕਰਨ ਦੀ ਮੁਹਿੰਮ ਚਲਾਈ ਜਾਵੇ ਅਤੇ ਹਰ ਪਿੰਡ ਵਿੱਚੋਂ ਇੱਕ-ਇੱਕ ਲੱਖ ਰੁਪਏ ਫੰਡ ਇਕੱਠਾ ਕਰਨ ਦਾ ਟੀਚਾ ਮਿੱਥਿਆ ਜਾਵੇ, ਕਿਉਂਕਿ ਚੰਡੀਗੜ੍ਹ ਮੋਰਚੇ ਦੌਰਾਨ ਵੱਡੇ ਪੱਧਰ 'ਤੇ ਖ਼ਰਚਾ ਹੋਣ ਦੀ ਸੰਭਾਵਨਾ ਹੈ।
ਉਨ੍ਹਾਂ ਵਰਕਰਾਂ ਨੂੰ ਟਰੈਕਟਰ-ਟਰਾਲੀਆਂ ਦੀ ਤਿਆਰੀ ਜ਼ੋਰਾਂ-ਸ਼ੋਰਾਂ ਨਾਲ ਕਰਨ ਦੀ ਵੀ ਅਪੀਲ ਕੀਤੀ। ਅੰਤ ਵਿੱਚ ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ 7 ਦਸੰਬਰ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਚੰਡੀਗੜ੍ਹ ਮੋਰਚੇ ਵਿੱਚ ਸ਼ਮੂਲੀਅਤ ਕੀਤੀ ਜਾਵੇ ਤਾਂ ਜੋ ਸਰਕਾਰਾਂ ਨੂੰ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੀਆਂ ਮੰਗਾਂ ਮੰਨਣ ਲਈ ਮਜਬੂਰ ਕੀਤਾ ਜਾ ਸਕੇ।

Latest News