ਸਿੱਖ ਨੌਜਵਾਨ ਸੇਵਾ ਸੁਸਾਇਟੀ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਲਗਾਇਆ ਦਸਤਾਰਾਂ ਦਾ ਲੰਗਰ
ਅੰਮ੍ਰਿਤਸਰ, 30 ਦਸੰਬਰ , ਕੰਵਰ ਪ੍ਰਤਾਪ ਸਿੰਘ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਫ਼ਤਹਿਗੜ੍ਹ ਸਾਹਿਬ ਸਰਹੰਦ ਵਿਖੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਦੇ ਨੇੜੇ ਸਿੱਖ ਨੌਜਵਾਨ ਸੇਵਾ ਸੁਸਾਇਟੀ ਵੱਲੋਂ ਬੱਚਿਆਂ ਅਤੇ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਲਈ ਤਿੰਨ ਦਿਨ ਗੁਰਮਤਿ ਕੈਂਪ ਅਤੇ ਦਸਤਾਰ ਕੈਂਪ ਲਗਾਇਆ ਗਿਆ। ਜਿਸ ਵਿੱਚ ਜਥੇਬੰਦੀ ਦੇ ਪ੍ਰਧਾਨ ਭਾਈ ਗੁਰਦੀਪ ਸਿੰਘ ਲੋਹਾਰਾ ਅਤੇ ਮੀਤ ਪ੍ਰਧਾਨ ਭਾਈ ਜਗਜੀਤ ਸਿੰਘ ਦਮਦਮੀ ਟਕਸਾਲ ਦੀ ਅਗਵਾਈ ਵਿੱਚ ਸਿੱਖ ਨੌਜਵਾਨਾਂ ਨੇ ਸਰਗਰਮ ਹੋ ਕੇ ਸਿੱਖੀ ਦਾ ਪ੍ਰਚਾਰ ਕੀਤਾ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਨਤਮਸਤਕ ਹੋਣ ਆਏ ਨੌਜਵਾਨਾਂ ਨੂੰ ਪਤਿਤਪੁਣੇ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਹੋਕਾ ਦਿੱਤਾ ਗਿਆ। ਇਸ ਮੌਕੇ ਸਿੱਖ ਨੌਜਵਾਨ ਸੇਵਾ ਸੋਸਾਇਟੀ ਵੱਲੋਂ ਦਸਤਾਰਾਂ ਦਾ ਫ੍ਰੀ ਲੰਗਰ ਲਗਾਇਆ ਗਿਆ ਅਤੇ ਬੱਚਿਆਂ, ਨੌਜਵਾਨਾਂ ਤੇ ਹੋਰ ਸੰਗਤਾਂ ਦੇ ਸਿਰਾਂ ਉੱਤੇ ਬੜੇ ਪਿਆਰ ਤੇ ਸਤਿਕਾਰ ਸਹਿਤ ਦਸਤਾਰਾਂ ਸਜਾਈਆਂ ਗਈਆਂ ਅਤੇ ਉਨ੍ਹਾਂ ਨੂੰ ਕੇਸਾਂ ਤੇ ਕਕਾਰਾਂ ਦੀ ਤੇ ਦਸਤਾਰ ਦੀ ਅਹਿਮੀਅਤ ਬਾਰੇ ਦੱਸਿਆ। ਸੁਸਾਇਟੀ ਦੇ ਇਸ ਉਪਰਾਲੇ ਦੀ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ ਛੇ ਜੂਨ ਅਤੇ ਹੋਰ ਜਥੇਬੰਦੀਆਂ ਦੇ ਆਗੂਆਂ ਤੇ ਸੰਗਤਾਂ ਨੇ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਭਾਈ ਗੁਰਦੀਪ ਸਿੰਘ ਲੁਹਾਰਾ ਅਤੇ ਭਾਈ ਜਗਜੀਤ ਸਿੰਘ ਦਮਦਮੀ ਟਕਸਾਲ ਨੇ ਦੱਸਿਆ ਕਿ ਸਾਡੀ ਜਥੇਬੰਦੀ ਵੱਲੋਂ ਪਹਿਲਾਂ ਵੀ ਕਈ ਗੁਰਮਤ ਕੈਂਪ ਅਤੇ ਦਸਤਾਰ ਕੈਂਪ ਲਗਾਏ ਗਏ ਹਨ ਅਤੇ ਗਤਕਾ ਸਿਖਾਉਣ ਤੇ ਸੰਥਿਆਂ ਦੇ ਉਪਰਾਲੇ ਵੀ ਕੀਤੇ ਜਾ ਰਹੇ। ਉਹਨਾਂ ਇਹ ਵੀ ਦੱਸਿਆ ਕਿ ਹੜਾਂ ਦੌਰਾਨ ਲੋੜਵੰਦ ਪਰਿਵਾਰਾਂ ਦੀ ਜਥੇਬੰਦੀ ਨੇ ਮਦਦ ਕੀਤੀ ਹੈ। ਦਸਤਾਰਾਂ ਦੇ ਕੈਂਪ ਦੌਰਾਨ ਬੱਚਿਆਂ ਨੂੰ ਦਸਤਾਰ ਸਜਾਉਣ ਦੀ ਵੀ ਸਿਖਲਾਈ ਦਿੱਤੀ ਗਈ ਤੇ ਇਸ ਦੌਰਾਨ ਕਈ ਨੌਜਵਾਨਾਂ ਨੇ ਕੇਸ ਰੱਖਣ ਦਾ ਪ੍ਰਣ ਵੀ ਕੀਤਾ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਗੁਰਮਤਿ ਸਮਾਗਮਾਂ ਵਿੱਚ ਜਥੇਬੰਦੀ ਵੱਲੋਂ ਭਵਿੱਖ ਵਿੱਚ ਵੀ ਅਜਿਹੇ ਉਪਰਾਲੇ ਕੀਤੇ ਜਾਣਗੇ। ਭਾਈ ਗੁਰਦੀਪ ਸਿੰਘ ਲੋਹਾਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਸਾਇਟੀ ਵੱਲੋਂ ਛੇਤੀ ਹੀ ਲੁਧਿਆਣੇ ਵਿੱਚ ਗੁਰਮਤਿ ਵਿਦਿਆਲਾ ਵੀ ਖੋਲ੍ਹਿਆ ਜਾ ਰਿਹਾ ਹੈ। ਇਸ ਮੌਕੇ ਭਾਈ ਗੁਰਜੋਤ ਸਿੰਘ, ਭਾਈ ਪਰਮਜੀਤ ਸਿੰਘ, ਜ਼ਿਲ੍ਹਾ ਪ੍ਰਧਾਨ ਭਾਈ ਗੁਰਵਿੰਦਰ ਸਿੰਘ ਜੁਗਨੀ ਹਾਜ਼ਰ ਸਨ।
Posted By: GURBHEJ SINGH ANANDPURI