Nazrana Times

ਪੰਜਾਬੀ

ਭਾਰਤੀ ਹਕੂਮਤ ਦੇ ਜ਼ੁਲਮਾਂ ਨੂੰ ਨੰਗਾ ਕਰਦੀ ਹੈ ਭਾਈ ਖਾਲੜਾ ਦੀ ਫਿਲਮ : ਬੀਬੀ ਕੁਲਵਿੰਦਰ ਕੌਰ ਖਾਲਸਾ

07 Jul, 2026 09:44 PM

ਅੰਮ੍ਰਿਤਸਰ, 7 ਜੁਲਾਈ (ਚਰਨਜੀਤ ਸਿੰਘ): ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਇਸਤਰੀ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਬੀਬੀ ਕੁਲਵਿੰਦਰ ਕੌਰ ਖਾਲਸਾ ਨੇ ਕਿਹਾ ਕਿ ਦਿਲਜੀਤ ਦੁਸਾਂਝ ਵੱਲੋਂ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਅਧਾਰਿਤ ਬਣਾਈ ਫ਼ਿਲਮ ਜੋ ਭਾਰਤੀ ਹਕੂਮਤ/ਕਾਂਗਰਸ ਸਰਕਾਰ ਦੇ ਸਿੱਖਾਂ ਉੱਤੇ ਕੀਤੇ ਜ਼ੁਲਮਾਂ ਨੂੰ ਬਾਖ਼ੂਬੀ ਬਿਆਨ ਕਰਦੀ ਸੀ ਕਿ ਕਿਵੇਂ ਜੂਨ 1984 ਦੇ ਘੱਲੂਘਾਰੇ ਤੋਂ ਬਾਅਦ ਬੁੱਚੜ ਪੁਲੀਸ ਅਫ਼ਸਰਾਂ ਨੇ ਸਿੱਖ ਜਵਾਨੀ ਨੂੰ ਕੋਹ ਕੋਹ ਕੇ ਮਾਰਿਆ ਸੀ। ਘਰਾਂ, ਖੇਤਾਂ ਤੇ ਦੁਕਾਨਾਂ ਵਿੱਚੋਂ ਚੁੱਕ ਕੇ ਹਜ਼ਾਰਾਂ ਨੌਜਵਾਨ ਲਾਪਤਾ ਕਰ ਦਿੱਤੇ ਤੇ ਲਵਾਰਿਸ ਲਾਸ਼ਾਂ ਕਹਿ ਕੇ ਸਾੜ ਦਿੱਤੇ ਸਨ। ਲੰਬੇ ਇੰਤਜ਼ਾਰ ਤੋਂ ਬਾਅਦ ਫ਼ਿਲਮ 'ਪੰਜਾਬ 95' ਜੋ 'ਸਤਲੁਜ' ਦੇ ਨਾਂ 'ਤੇ ਓਟੀਟੀ 'ਤੇ ਜਾਰੀ ਹੋਈ ਸੀ ਤੇ ਦੋ ਦਿਨ ਬਾਅਦ ਹੀ ਭਾਜਪਾ ਸਰਕਾਰ ਵੱਲੋਂ ਹਟਾ ਦਿੱਤੀ ਗਈ ਤਾਂ ਜੋ ਸਿੱਖ ਕੌਮ ਉੱਤੇ ਹੋਏ ਜ਼ੁਲਮਾਂ ਦੀ ਆਵਾਜ਼ ਨੂੰ ਦਬਾਇਆ ਜਾਏ। ਫੈਡਰੇਸ਼ਨ ਆਗੂਆਂ ਨੇ ਕਿਹਾ ਕਿ ਭਾਈ ਖਾਲੜਾ ਦੀ ਫ਼ਿਲਮ 'ਤੇ ਲੱਗੀ ਮੁੜ ਪਾਬੰਦੀ ਉੱਤੇ ਸਿੱਖਾਂ ਨੂੰ ਸਮਝ ਜਾਣਾ ਚਾਹੀਦਾ ਹੈ ਕਿ ਕਾਂਗਰਸ ਅਤੇ ਭਾਜਪਾ ਦੀਆਂ ਸਿੱਖ ਵਿਰੋਧੀ ਨੀਤੀਆਂ ਇੱਕੋ ਜਿਹੀਆਂ ਹਨ। ਕਾਂਗਰਸ ਵੱਲੋਂ ਕੀਤੇ ਜ਼ੁਲਮਾਂ ਨੂੰ ਭਾਜਪਾ ਸਰਕਾਰ ਵੀ ਨਹੀਂ ਵਿਖਾਉਣਾ ਚਾਹੁੰਦੀ। ਬੀਬੀ ਕੁਲਵਿੰਦਰ ਕੌਰ ਨੇ ਦੱਸਿਆ ਕਿ ਉਹਨਾਂ ਦੇ ਪਤੀ ਸ਼ਹੀਦ ਭਾਈ ਪਰਮਜੀਤ ਸਿੰਘ ਪੰਮਾ ਉਰਫ ਬਾਬਾ ਨੰਦ ਨੂੰ ਵੀ ਪੁਲਿਸ ਨੇ ਝੂਠੇ ਮੁਕਾਬਲੇ ਵਿੱਚ ਸ਼ਹੀਦ ਕਰਕੇ ਲਾਵਾਰਿਸ ਕਹਿ ਕੇ ਸ਼ਮਸ਼ਾਨ ਘਾਟ ਵਿੱਚ ਸਾੜ ਦਿੱਤਾ ਸੀ ਤੇ ਅਜਿਹੀ ਹੀ ਕਹਾਣੀ ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ ਤੇ ਪੂਰੇ ਪੰਜਾਬ ਵਿਚਲੇ ਸ਼ਹੀਦ ਪਰਿਵਾਰਾਂ ਦੀ ਹੈ ਜਿਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਲਾਪਤਾ ਅਤੇ ਸ਼ਹੀਦ ਕਰ ਦਿੱਤਾ ਗਿਆ।

Posted By: GURBHEJ SINGH ANANDPURI

Latest News